ਭਾਰਤ ਨਾਲ ਕੂਟਨੀਤਿਕ ਵਿਵਾਦ ਨੂੰ ਖ਼ਤਮ ਕਰਨਾ ਚਾਹੁੰਦਾ ਹੈ ਕੈਨੇਡਾ

Ottawa- ਭਾਰਤ ਅਤੇ ਕੈਨੇਡਾ ਦਰਮਿਆਨ ਚੱਲ ਰਹੇ ਕੂਟਨੀਤਕ ਵਿਵਾਦ ’ਚ ਕੈਨੇਡਾ ਪੂਰੀ ਤਰ੍ਹਾਂ ਖਤਮ ਕਰਨਾ ਚਾਹੁੰਦਾ ਹੈ। ਮੰਗਲਵਾਰ ਨੂੰ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਇਸ ਕੂਟਨੀਤਕ ਵਿਵਾਦ ਨੂੰ ਸੁਲਝਾਉਣ ਲਈ ਭਾਰਤ ਨਾਲ ਨਿੱਜੀ ਤੌਰ ’ਤੇ ਗੱਲਬਾਤ ਕਰਨਾ ਚਾਹੁੰਦਾ ਹੈ।
ਇੱਕ ਮੀਡੀਆ ਰਿਪੋਰਟ ’ਚ ਵਿਦੇਸ਼ ਮੰਤਰੀ ਜੋਲੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਅਸੀਂ ਭਾਰਤ ਸਰਕਾਰ ਦੇ ਸੰਪਰਕ ’ਚ ਹਾਂ। ਅਸੀਂ ਕੈਨੇਡੀਅਨ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਬਹੁਤ ਗੰਭੀਰਤਾ ਨਾਲ ਲੈਂਦੇ ਹਾਂ ਅਤੇ ਅਸੀਂ ਨਿੱਜੀ ਤੌਰ ’ਤੇ ਭਾਰਤ ਨਾਲ ਗੱਲਬਾਤ ਕਰਨਾ ਜਾਰੀ ਰੱਖਾਂਗੇ, ਕਿਉਂਕਿ ਸਾਡਾ ਮੰਨਣਾ ਹੈ ਕਿ ਕੂਟਨੀਤਕ ਗੱਲਬਾਤ ਉਦੋਂ ਹੀ ਬਿਹਤਰ ਹੁੰਦੀ ਹੈ ਜਦੋਂ ਉਹ ਨਿੱਜੀ ਰਹਿੰਦੀ ਹੈ।
ਜੋਲੀ ਦਾ ਬਿਆਨ ਉਸ ਰਿਪੋਰਟ ਤੋਂ ਬਾਅਦ ਆਇਆ ਹੈ ਜਿਸ ਵਿਚ ਕਿਹਾ ਗਿਆ ਸੀ ਕਿ ਭਾਰਤ ਨੇ ਕੈਨੇਡਾ ਨੂੰ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ। ਭਾਰਤ ਨੇ ਕੈਨੇਡਾ ਨੂੰ ਕਿਹਾ ਹੈ ਕਿ ਉਸ ਨੂੰ 10 ਅਕਤੂਬਰ ਤੱਕ ਡਿਪਲੋਮੈਟਾਂ ਨੂੰ ਵਾਪਸ ਲਿਆਉਣਾ ਹੋਵੇਗਾ। ਹਾਲਾਂਕਿਂ ਜੋਲੀ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਪੁੱਛਿਆ ਗਿਆ ਕਿ ਕੀ ਰਿਪੋਰਟ ਸਹੀ ਹੈ, ਤਾਂ ਦੋਵਾਂ ਵਿੱਚੋਂ ਕਿਸੇ ਨੇ ਵੀ ਕੋਈ ਜਵਾਬ ਨਹੀਂ ਦਿੱਤਾ।
ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ’ਚ ਭਾਰਤ ਸਰਕਾਰ ਦੀ ‘ਸੰਭਾਵਿਤ ਭੂਮਿਕਾ’ ਦੇ ਦੋਸ਼ਾਂ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਸਬੰਧ ਤਣਾਅ ’ਚ ਹਨ। ਨਿੱਝਰ ਦੀ ਬੀਤੀ 18 ਜੂਨ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ’ਚ ਇੱਕ ਪਾਰਕਿੰਗ ਖੇਤਰ ਵਿੱਚ ਗੁਰਦੁਆਰੇ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।