ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਤੋਂ ਅਸਤੀਫ਼ਾ, ਨਵੀਂ ਪਾਰਟੀ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿਤਾ ਹੈ। ਪਹਿਲਾਂ ਇਹ ਚਰਚੇ ਵੀ ਚੱਲੇ ਸਨ ਕਿ ਕਾਂਗਰਸ ਵੱਲੋਂ ਕੈਪਟਨ ਨਾਲ ਗਿਲੇ ਸ਼ਿਕਵੇ ਦੂਰ ਕੀਤੇ ਜਾਣਗੇ ਪਰ ਕੈਪਟਨ ਨੇ ਸਾਫ ਕਰ ਦਿੱਤਾ ਸੀ ਕਿ ਉਹ ਕਾਂਗਰਸ ਵਿਚ ਨਹੀਂ ਰਹਿਣਗੇ।

ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਪਾਰਟੀ ਦੇ ਨਾਂਅ ਦਾ ਵੀ ਐਲਾਨ ਕਰ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਇਕ ਟਵੀਟ ਵਿਚ ਲਿਖਿਆ ਕਿ ਨਵੀਂ ਪਾਰਟੀ ਦਾ ਨਾਂਅ ‘ਪੰਜਾਬ ਲੋਕ ਕਾਂਗਰਸ’ ਹੈ। ਰਜਿਸਟ੍ਰੇਸ਼ਨ ਚੋਣ ਕਮਿਸ਼ਨ ਕੋਲ ਮਨਜ਼ੂਰੀ ਲਈ ਲੰਬਿਤ ਹੈ। ਪਾਰਟੀ ਦੇ ਚੋਣ ਨਿਸ਼ਾਨ ਨੂੰ ਬਾਅਦ ਵਿਚ ਮਨਜ਼ੂਰੀ ਦਿੱਤੀ ਜਾਵੇਗੀ।

ਦੱਸ ਦਈਏ ਕਿ ਪੰਜਾਬ ਕਾਂਗਰਸ ‘ਚ ਹੰਗਾਮੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਅਪਮਾਨਿਤ ਮਹਿਸੂਸ ਕਰਦੇ ਹੋਏ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦਾ ਨਵਾਂ ਮੁੱਖ ਮੰਤਰੀ ਬਣਾਇਆ ਗਿਆ।

ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੀ ਹੀ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਸੀ। ਜਿਸ ਤੋਂ ਬਾਅਦ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਤਿੰਨ ਮੈਂਬਰੀ ਕਮੇਟੀ ਬਣਾ ਕੇ ਇਸ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਸੀ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਨਾ ਤਾਂ ਸੂਬਾ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਦੇਣਾ ਚਾਹੁੰਦੇ ਹਨ ਅਤੇ ਨਾ ਹੀ ਉਪ ਮੁੱਖ ਮੰਤਰੀ ਦਾ।

ਇਸ ਦੇ ਬਾਵਜੂਦ ਕਾਂਗਰਸ ਨੇ ਨਵਜੋਤ ਸਿੰਘ ਸਿੱਧੂ ਦੀ ਪਿੱਠ ਥਾਪੜ ਕੇ ਉਨ੍ਹਾਂ ਨੂੰ ਸੂਬਾ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਫਿਰ ਵੀ ਮਾਮਲਾ ਨਹੀਂ ਰੁਕਿਆ ਅਤੇ ਆਖਰਕਾਰ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਅਤੇ ਹੁਣ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਦੇ ਖਿਲਾਫ ਆਪਣਾ ਉਮੀਦਵਾਰ ਖੜ੍ਹਾ ਕਰਨਗੇ।

ਉਨ੍ਹਾਂ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਕਿਸੇ ਵੀ ਹਾਲਤ ਵਿਚ ਸਿੱਧੂ ਨੂੰ ਮੁੱਖ ਮੰਤਰੀ ਨਹੀਂ ਬਣਨ ਦੇਣਗੇ ਅਤੇ ਉਨ੍ਹਾਂ ਨੇ ਸਿੱਧੂ ਨੂੰ ਸੁਰੱਖਿਆ ਲਈ ਖਤਰਾ ਵੀ ਦੱਸਿਆ ਸੀ।

ਟੀਵੀ ਪੰਜਾਬ ਬਿਊਰੋ