ਸਿਆਸੀ ਗਲਿਆਰਿਆਂ ਵਿਚ ਇਸ ਗੱਲ ਨੂੰ ਲੈ ਕੇ ਕਾਫੀ ਚਰਚਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ ਨੂੰ ਭਗਤ ਸਿੰਘ ਕੋਸ਼ਯਾਰੀ ਦੀ ਜਗ੍ਹਾ ਮਹਾਰਾਸ਼ਟਰ ਦਾ ਅਗਲਾ ਰਾਜਪਾਲ ਬਣਾਇਆ ਜਾ ਸਕਦਾ ਹੈ ਜਿਨ੍ਹਾਂ ਨੇ ਮਰਾਠਾ ਸ਼ਾਸਕ ਛਤਰਪਤੀ ਸ਼ਿਵਾਜੀ ਮਹਾਰਾਜ ‘ਤੇ ਆਪਣੀ ਟਿੱਪਣੀ ਨਾਲ ਵਿਵਾਦ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਉਹ ਅਹੁਦੇ ਤੋਂ ਹਟਣਾ ਚਾਹੁੰਦੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਮਰਿੰਦਰ ਸਿੰਘ ਨੂੰ ਕੋਸ਼ਯਾਰੀ ਦੀ ਥਾਂ ‘ਤੇ ਰਾਜਪਾਲ ਨਿਯੁਕਤ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਦੀ ਹੁਣੇ ਜਿਹੇ ਮੁੰਬਈ ਯਾਤਰਾ ਦੌਰਾਨ ਮੈਂ ਉਨ੍ਹਾਂ ਨੂੰ ਸਾਰੀਆਂ ਸਿਆਸੀ ਜ਼ਿੰਮੇਵਾਰੀਆਂ ਤੋਂ ਮੁਕਤ ਹੋਣ ਤੇ ਪੜ੍ਹਨ,ਲਿਖਣ ਤੇ ਹੋਰ ਗਤੀਵਿਧੀਆਂ ਵਿਚ ਆਪਣਾ ਬਾਕੀ ਦਾ ਜੀਵਨ ਬਤੀਤ ਕਰਨ ਦੀ ਇੱਛਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸੰਤਾਂ, ਸਮਾਜ ਸੁਧਾਰਕਾਂ ਤੇ ਬਹਾਦੁਰ ਸੈਨਾਨੀਆਂ ਦੀ ਧਰਤੀ ਮਹਾਰਾਸ਼ਟਰ ਵਰਗੇ ਮਹਾਨ ਸੂਬੇ ਦੇ ਸੇਵਕ ਜਾਂ ਰਾਜਪਾਲ ਵਜੋਂ ਸੇਵਾ ਕਰਨਾ ਮੇਰੇ ਲਈ ਸਨਮਾਨ ਤੇ ਕਿਸਮਤ ਦੀ ਗੱਲ ਸੀ।
ਇਸ ਤੋਂ ਇਲਾਵਾ ਰਾਜ ਭਵਨ ਦੇ ਇਕ ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਰਾਜਪਾਲ ਕੋਸ਼ਿਆਰੀ ਨੇ ਆਪਣੀ ਬਾਕੀ ਦੀ ਜ਼ਿੰਦਗੀ ਪੜ੍ਹਨ, ਲਿਖਣ ਅਤੇ ਹੋਰ ਮਨੋਰੰਜਨ ਗਤੀਵਿਧੀਆਂ ਵਿੱਚ ਬਿਤਾਉਣ ਦੀ ਇੱਛਾ ਜ਼ਾਹਿਰ ਕੀਤੀ ਹੈ। 80 ਸਾਲਾ ਕੋਸ਼ਿਆਰੀ ਦਾ ਊਧਵ ਠਾਕਰੇ ਦੀ ਅਗਵਾਈ ਵਾਲੀ ਪਿਛਲੀ ਮਹਾ ਵਿਕਾਸ ਅਗਾੜੀ ਸਰਕਾਰ ਨਾਲ ਅਕਸਰ ਝਗੜਾ ਹੁੰਦਾ ਸੀ। ਪਤਾ ਲੱਗਾ ਹੈ ਕਿ ਉਨ੍ਹਾਂ ਦੀ ਥਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੂੰ ਮਹਾਰਾਸ਼ਟਰ ਭੇਜਿਆ ਜਾ ਸਕਦਾ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਮਹੱਤਵ ਦੇਣਾ ਚਾਹੁੰਦੀ ਹੈ ਤਾਂ ਕਿ ਉਸ ਦਾ ਫਾਇਦਾ ਉਨ੍ਹਾਂ ਨੂੰ ਪੰਜਾਬ ਵਿਚ ਮਿਲ ਸਕੇ।