ਡੈਸਕ- ਫਾਜ਼ਿਲਕਾ ‘ਚ 2015 ‘ਚ ਦਰਜ ਹੋਏ NDPS ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਰੈਗੂਲਰ ਜ਼ਮਾਨਤ ਦੀ ਪਟੀਸ਼ਨ ਨੂੰ ਮਨਜ਼ੂਰ ਕਰਦੇ ਹੋਏ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਜਿਹੇ ‘ਚ ਹੁਣ ਉਨ੍ਹਾਂ ਦੇ ਜੇਲ ਤੋਂ ਬਾਹਰ ਆਉਣ ਦਾ ਰਸਤਾ ਸਾਫ ਹੋ ਗਿਆ ਹੈ। ਪਰ ਨਾਲ ਹੀ ਖਹਿਰਾ ਦੇ ਬੇਟੇ ਮਹਿਤਾਬ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਪਿਤਾ ਤੇ ਇੱਕ ਹੋਰ ਐਫਆਈਆਰ ਦਰਜ ਕੀਤੀ ਗਈ ਹੈ। ਜਿਸ ਤੋਂ ਬਾਅਦ ਹਾਲੇ ਸਾਫ਼ ਨਹੀਂ ਹੈ ਕਿ ਉਹ ਜੇਲ੍ਹ ਤੋਂ ਬਾਹਰ ਆ ਵੀ ਸਕਣਗੇ ਜਾਂ ਨਹੀਂ। ਦੱਸ ਦੇਈਏ ਕਿ 28 ਸਤੰਬਰ ਨੂੰ ਪੁਲਿਸ ਨੇ ਉਨ੍ਹਾਂ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ।
ਪਟੀਸ਼ਨ ਦਾਇਰ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਇਸ ਮਾਮਲੇ ‘ਚ ਪਟੀਸ਼ਨਕਰਤਾ ਨੂੰ ਵੱਖ-ਵੱਖ ਪੱਧਰ ‘ਤੇ ਰਾਹਤ ਪ੍ਰਦਾਨ ਕੀਤੇ ਜਾਣ ਦੇ ਬਾਵਜੂਦ ਪੰਜਾਬ ਪੁਲਿਸ ਉਨ੍ਹਾਂ ਵਿਰੁੱਧ ਕਾਨੂੰਨ ਦੇ ਉਲਟ ਕਾਰਵਾਈ ਕਰ ਰਹੀ ਹੈ। ਪਹਿਲਾਂ ਉਹ ਆਮ ਆਦਮੀ ਪਾਰਟੀ ਵਿੱਚ ਸਨ ਅਤੇ ਬਾਅਦ ਵਿੱਚ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਜਿਸ ਕਾਰਨ ਸਿਆਸੀ ਰੰਜਿਸ਼ ਕਾਰਨ ਉਨ੍ਹਾਂ ਵਿਰੁੱਧ ਇਹ ਕਾਰਵਾਈ ਕੀਤੀ ਜਾ ਰਹੀ ਹੈ।
ਇੱਕ ਪਾਸੇ ਜਿੱਥੇ ਖਹਿਰਾ ਨੂੰ ਡਰੱਗ ਮਾਮਲੇ ਵਿੱਚ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਤਾਂ ਨਾਲ ਹੀ ਉਨ੍ਹਾਂ ਤੇ ਇੱਕ ਹੋਰ ਮਾਮਲਾ ਵੀ ਦਰਜ ਕੀਤਾ ਗਿਆ ਹੈ। ਜਿਸਤੋਂ ਬਾਅਦ ਇਹ ਸਾਫ਼ ਨਹੀਂ ਹੋ ਸਕਿਆ ਹੈ ਜ਼ਮਾਨਤ ਮਿਲਣ ਤੋਂ ਬਾਅਦ ਖਹਿਰਾ ਜੇਲ੍ਹ ਤੋਂ ਬਾਹਰ ਆ ਵੀ ਸਕਣਗੇ ਜਾਂ ਨਹੀਂ। ਜੇਕਰ ਉਹ ਬਾਹਰ ਆਉਂਦੇ ਹਨ ਤਾਂ ਕਿ ਆਉਂਦੇ ਹੀ ਮੁੜ ਤੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੇ ਦਰਜ ਨਵੀਂ ਐਫਆਈਆਰ ਨੂੰ ਲੈ ਕੇ ਕਾਂਗਰਸ ਪ੍ਰਧਾਨ ਅਮਰਇੰਦਰ ਸਿੰਘ ਰਾਜਾ ਵੜ੍ਹਿੰਗ ਨੇ ਆਰੋਪ ਲਗਾਇਆ ਹੈ ਕਿ ਇਹ ਪੂਰੀ ਤਰ੍ਹਾਂ ਨਾਲ ਬਦਲੇ ਦੀ ਸਿਆਸਤ ਕੀਤੀ ਜਾ ਰਹੀ ਹੈ।