‘ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ’ ਹਫ਼ਤਾ ਮਨਾਇਆ

ਲੁਧਿਆਣਾ : ਪੀ.ਏ.ਯੂ. ਦੇ ਸੰਚਾਰ ਕੇਂਦਰ ਅਤੇ ਪਸਾਰ ਸਿੱਖਿਆ ਵਿਭਾਗ ਵੱਲੋਂ ਭਾਰਤ ਮੌਸਮ ਵਿਗਿਆਨ ਵਿਭਾਗ ਦੇ ਸਹਿਯੋਗ ਨਾਲ ਬਲਾਕ ਪੱਖੋਵਾਲ ਦੇ ਪਿੰਡ ਜੋਧਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਜਿਸ ਵਿਚ ਲਗਭਗ 40 ਕਿਸਾਨਾਂ ਨੇ ਭਾਗ ਲਿਆ।

ਕਿਸਾਨਾਂ ਦਾ ਸਵਾਗਤ ਕਰਦਿਆਂ ਮੌਸਮ ਵਿਗਿਆਨੀ ਡਾ. ਕੁਲਵਿੰਦਰ ਕੌਰ ਗਿੱਲ ਨੇ ਕਿਸਾਨਾਂ ਨੂੰ ਮੌਸਮ ਵਿਭਾਗ ਵੱਲੋਂ ਮਨਾਏ ਜਾ ਰਹੇ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਬਾਰੇ ਗੱਲ ਕਰਦਿਆਂ ਵਾਤਾਵਰਨ ਦੀ ਸਾਂਭ-ਸੰਭਾਲ ਵੱਲ ਤਵੱਜੋਂ ਦੇਣ ਲਈ ਕਿਹਾ ।

ਉਹਨਾਂ ਨੇ ਪ੍ਰਦੂਸ਼ਤ ਹੋ ਰਹੇ ਵਾਤਾਵਰਨ ਨੂੰ ਸੰਭਾਲਣ ਲਈ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ‘ਤੇ ਜ਼ੋਰ ਦਿੱਤਾ । ਉਹਨਾਂ ਨੇ ਮੌਸਮ ਦੀ ਭਵਿੱਖਬਾਣੀ ਅਤੇ ਹੋਰ ਮੌਸਮ ਸੰਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਵੱਖ-ਵੱਖ ਮੋਬਾਈਲ ਐਪ ਬਾਰੇ ਜਾਗਰੂਕ ਕਰਵਾਇਆ ।

ਇਸ ਤੋਂ ਇਲਾਵਾ ਪੀ.ਏ.ਯੂ. ਵੱਲੋਂ ਜਾਰੀ ਕੀਤੀ ਜਾਂਦੀ ਮੌਸਮ ਸੰਬੰਧੀ ਐਗਰੋ ਐਡਵਾਇਜ਼ਰੀ ਸੇਵਾਵਾਂ, ਡਿਜ਼ੀਟਲ ਅਖਬਾਰ ਖੇਤੀ ਸੰਦੇਸ਼, ਖੇਤੀ ਸਾਹਿਤ ਆਦਿ ਬਾਰੇ ਵੀ ਕਿਸਾਨਾਂ ਨੂੰ ਦੱਸਿਆ ਅਤੇ ਪੀ.ਏ.ਯੂ. ਨਾਲ ਜੁੜਨ ਲਈ ਕਿਹਾ ।

ਫ਼ਸਲ ਵਿਗਿਆਨੀ ਡਾ. ਸਿਮਰਜੀਤ ਕੌਰ ਨੇ ਕਿਸਾਨਾਂ ਨੂੰ ਕਣਕ ਦੀਆਂ ਫ਼ਸਲਾਂ ਦੀਆਂ ਨਵੀਆਂ ਤਕਨੀਕਾਂ ਬਾਰੇ ਜਾਗਰੂਕ ਕਰਵਾਇਆ ਤਾਂ ਜੋ ਕਿਸਾਨ ਚੰਗੇ ਨਤੀਜੇ ਪ੍ਰਾਪਤ ਕਰ ਸਕਣ । ਉਹਨਾਂ ਨੇ ਕਿਸਾਨਾਂ ਨੂੰ ਸਹੀ ਤਰੀਕੇ ਨਾਲ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਲਈ ਜਾਣੂੰ ਕਰਵਾਇਆ ।

ਉਹਨਾਂ ਨੇ ਕਿਸਾਨਾਂ ਨੂੰ ਸਿਫ਼ਾਰਸ਼ ਕੀਤੇ ਨਦੀਨਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ । ਉਹਨਾਂ ਨੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਲਈ ਪੀ.ਏ.ਯੂ. ਦੁਆਰਾ ਵਿਕਸਿਤ ਵੱਖ-ਵੱਖ ਤਕਨੀਕਾਂ ਨੂੰ ਅਪਨਾਉਣ ਦੀ ਅਪੀਲ ਕੀਤੀ।

ਪਸਾਰ ਸਿੱਖਿਆ ਵਿਗਿਆਨੀ ਡਾ. ਧਰਮਿੰਦਰ ਸਿੰਘ ਨੇ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਅਤੇ ਸਾੜਨ ਦੇ ਮਾਰੇ ਪ੍ਰਭਾਵ ਬਾਰੇ ਉਜਾਗਰ ਕੀਤਾ । ਨਾਲ ਹੀ ਉਹਨਾਂ ਨੇ ਕਿਸਾਨਾਂ ਨੂੰ ਸਿਫ਼ਾਰਸ਼ ਕਣਕ ਦੀਆਂ ਕਿਸਮਾਂ ਉਗਾਉਣ ਦੀ ਸਲਾਹ ਵੀ ਦਿੱਤੀ ।

ਉਹਨਾਂ ਨੇ ਪੀ.ਏ.ਯੂ. ਵੱਲੋਂ ਵਿਕਸਿਤ ਕਣਕ ਦੀਆਂ ਨਵੀਆਂ ਕਿਸਮਾਂ ਜਿਵੇਂ ਕਿ ਪੀ ਬੀ ਡਬਲਯੂ 776, ਪੀ ਬੀ ਡਬਲਯੂ 824, ਪੀ ਬੀ ਡਬਲਯੂ 803, ਪੀ ਬੀ ਡਬਲਯੂ-1 ਚਪਾਤੀ ਆਦਿ ਬਾਰੇ ਵੀ ਜਾਣਕਾਰੀ ਦਿੱਤੀ।

ਪਸਾਰ ਸਿੱਖਿਆ ਵਿਗਿਆਨੀ ਡਾ. ਲਖਵਿੰਦਰ ਕੌਰ ਨੇ ਧੰਨਵਾਦ ਕਰਦਿਆਂ ਕਿਸਾਨਾਂ ਨੂੰ ਪੀ.ਏ.ਯੂ. ਸਾਹਿਤ ਪੜਨ ਲਈ ਉਤਸ਼ਾਹਿਤ ਕੀਤਾ ਅਤੇ ਪੀ.ਏ.ਯੂ. ਵੱਲੋਂ ਪਰਾਲੀ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵੀ ਜ਼ਿਕਰ ਕੀਤਾ। ਇਸ ਮੌਕੇ ਕਿਸਾਨਾਂ ਨੂੰ  ਸਰਦੀਆਂ ਦੀਆਂ ਸਬਜ਼ੀਆਂ ਦੀਆਂ ਕਿੱਟਾਂ ਵੀ ਵੰਡੀਆਂ।

ਟੀਵੀ ਪੰਜਾਬ ਬਿਊਰੋ