ਚੰਡੀਗੜ੍ਹ : ਪੰਜਾਬ ‘ਚ ਬੀ.ਐੱਸ. ਐੱਫ. ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪ੍ਰੈੱਸ ਵਾਰਤਾ ਕੀਤੀ ਗਈ। ਇਸ ਦੌਰਾਨ ਵਿਜੈਇੰਦਰ ਸਿੰਗਲਾ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਹੀ ਸੂਬਿਆਂ ਦੇ ਅਧਿਕਾਰ ਖੋਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸੰਘੀ ਢਾਂਚੇ ਨੂੰ ਢਾਹ ਲਗਾ ਰਿਹਾ ਹੈ। ਇਸ ਮੌਕੇ ਪਰਗਟ ਸਿੰਘ ਵੱਲੋਂ ਭਾਜਪਾ ‘ਤੇ ਸਵਾਲ ਚੁੱਕੇ ਗਏ। ਉਨ੍ਹਾਂ ਦਾ ਕਹਿਣਾ ਸੀ ਕਿ ਕੇਂਦਰ ਦੀਆਂ ਇਨ੍ਹਾਂ ਕੋਸ਼ਿਸ਼ਾਂ ਨੂੰ ਅਸੀਂ ਕਾਮਯਾਬ ਨਹੀਂ ਹੋਣ ਦਵਾਂਗੇ। ਇਸ ਦੇ ਨਾਲ ਹੀ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੈਪਟਨ ਦੀ ਮੰਸ਼ਾ ਪੰਜਾਬ ਵਿਚ ਗਵਰਨਰ ਰੂਲ ਲਾਗੂ ਕਰਵਾਉਣ ਦੀ ਹੈ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਬੀ.ਐਸ.ਐਫ. ਦੇ ਅਧਿਕਾਰ ਖ਼ੇਤਰ ‘ਚ ਇਜ਼ਾਫ਼ਾ ਕਰਦੇ ਹੋਏ ਉਨ੍ਹਾਂ ਦੇ ਅਧਿਕਾਰ ਖ਼ੇਤਰ ਨੂੰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਤੱਕ ਕਰ ਦਿੱਤਾ ਗਿਆ ਹੈ ਅਤੇ ਹੁਣ ਬੀ. ਐਸ. ਐਫ. ਦੇ ਅਧਿਕਾਰੀਆਂ ਨੂੰ ਗ੍ਰਿਫਤਾਰੀ, ਤਲਾਸ਼ੀ ਤੇ ਜ਼ਬਤੀ ਦੀਆਂ ਸ਼ਕਤੀਆਂ ਦਿੱਤੀਆਂ ਗਈਆਂ ਹਨ। ਹੁਣ ਬੀ.ਐਸ.ਐਫ. ਅਧਿਕਾਰੀ ਪੰਜਾਬ, ਪੱਛਮੀ ਬੰਗਾਲ ਤੇ ਆਸਾਮ ‘ਚ ਲੋਕਾਂ ਦੀ ਗ੍ਰਿਫਤਾਰੀ ਅਤੇ ਤਲਾਸ਼ੀ ਲੈ ਸਕਣਗੇ।
ਟੀਵੀ ਪੰਜਾਬ ਬਿਊਰੋ