ਡੈਸਕ- ਦਿੱਲੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੇ ਗੰਨਾ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਗੰਨੇ ਦੀ ਖਰੀਦ ਕੀਮਤ ਵਧਾਉਣ ਦਾ ਫੈਸਲਾ ਕੀਤਾ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਖੰਡ ਮਿੱਲਾਂ ਵੱਲੋਂ ਕਿਸਾਨਾਂ ਨੂੰ ਗੰਨੇ ਦੀ ਉਚਿਤ ਕੀਮਤ ਯਕੀਨੀ ਬਣਾਉਣ ਲਈ 1 ਅਕਤੂਬਰ, 2024 ਤੋਂ 30 ਸਤੰਬਰ, 2025 ਦੀ ਮਿਆਦ ਵਿੱਚ ਆਉਣ ਵਾਲੇ ਸੀਜ਼ਨ ਲਈ ਕੀਮਤ ਤੈਅ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤਹਿਤ 2024-25 ਲਈ ਗੰਨੇ ਦੀ ਕੀਮਤ 340 ਰੁਪਏ ਪ੍ਰਤੀ ਕੁਇੰਟਲ ਤੈਅ ਕੀਤੀ ਗਈ ਹੈ। ਪਿਛਲੇ ਸਾਲ ਇਹ 315 ਰੁਪਏ ਪ੍ਰਤੀ ਕੁਇੰਟਲ ਸੀ।
ਗੰਨੇ ਦੀ ਘੱਟੋ-ਘੱਟ ਕੀਮਤ ਵਧਾਉਣ ਦਾ ਫੈਸਲਾ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਪ੍ਰੈੱਸ ਕਾਨਫਰੰਸ ‘ਚ ਕੈਬਨਿਟ ਦੇ ਫੈਸਲੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗੰਨਾ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ 10.25 ਫੀਸਦੀ ਦੀ ਮੁੱਢਲੀ ਰਿਕਵਰੀ ਦਰ ‘ਤੇ 340 ਰੁਪਏ ਪ੍ਰਤੀ ਕੁਇੰਟਲ ਐੱਫ.ਆਰ.ਪੀ. ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਦੂਜੇ ਪਾਸੇ ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਕੱਚੇ ਚੌਲਾਂ ਦੀ ਬਰਾਮਦ ‘ਤੇ 20 ਫੀਸਦੀ ਡਿਊਟੀ 31 ਮਾਰਚ ਤੋਂ ਬਾਅਦ ਵੀ ਜਾਰੀ ਰਹੇਗੀ। ਸਥਾਨਕ ਪੱਧਰ ‘ਤੇ ਢੁਕਵੀਂ ਸਟੋਰੇਜ ਬਣਾਈ ਰੱਖਣ ਅਤੇ ਘਰੇਲੂ ਕੀਮਤਾਂ ਨੂੰ ਕੰਟਰੋਲ ਕਰਨ ਲਈ, 25 ਅਗਸਤ, 2023 ਤੋਂ 16 ਅਕਤੂਬਰ, 2023 ਤੱਕ ਕੱਚੇ ਚੌਲਾਂ ‘ਤੇ 20 ਪ੍ਰਤੀਸ਼ਤ ਨਿਰਯਾਤ ਡਿਊਟੀ ਲਗਾਈ ਗਈ ਸੀ। ਹਾਲਾਂਕਿ ਬਾਅਦ ‘ਚ ਇਸ ਨੂੰ 31 ਮਾਰਚ 2024 ਤੱਕ ਵਧਾ ਦਿੱਤਾ ਗਿਆ।
ਵਿੱਤ ਮੰਤਰਾਲੇ ਨੇ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਕਿ 20 ਪ੍ਰਤੀਸ਼ਤ ਨਿਰਯਾਤ ਡਿਊਟੀ 31 ਮਾਰਚ ਤੋਂ ਬਾਅਦ ਬਿਨਾਂ ਕਿਸੇ ਅੰਤਮ ਤਾਰੀਖ ਦੇ ਜਾਰੀ ਰਹੇਗੀ। ਇਸ ਤੋਂ ਇਲਾਵਾ, ਪੀਲੇ ਮਟਰਾਂ ਦੀ ਡਿਊਟੀ ਮੁਕਤ ਦਰਾਮਦ 31 ਮਾਰਚ ਤੋਂ ਬਾਅਦ ਵੀ ਜਾਰੀ ਰਹੇਗੀ, ਬਸ਼ਰਤੇ ਕਿ ਬਿੱਲ 30 ਅਪ੍ਰੈਲ, 2024 ਨੂੰ ਜਾਂ ਇਸ ਤੋਂ ਪਹਿਲਾਂ ਜਾਰੀ ਕੀਤਾ ਗਿਆ ਹੋਵੇ।