ਜਲੰਧਰ – ਲੋਕਾਂ ਦੇ ਘਰ ਢਾਹੇ ਜਾਣ ਕਾਰਨ ਕੌਮਾਂਤਰੀ ਪੱਧਰ ‘ਤੇ ਸੁਰਖੀਆਂ ‘ਚ ਆਏ ਜਲੰਧਰ ਦੇ ਲਤੀਫਪੁਰਾ ‘ਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੀ ਪਹੁੰਚ ਗਏ ਹਨ। ਕਰੀਬ ਅੱਧਾ ਘੰਟਾ ਇਲਾਕੇ ਦਾ ਸਰਵੇਖਣ ਕਰਨ ਅਤੇ ਲੋਕਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਦਾ ਤੁਰੰਤ ਹੱਲ ਕਰਨ ਲਈ ਕਿਹਾ ਜਾਵੇਗਾ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਇੱਥੇ ਭੇਜਿਆ ਹੈ ਅਤੇ ਉਹ ਇੱਥੋਂ ਦੀ ਮੌਜੂਦਾ ਸਥਿਤੀ ਦੀ ਪੂਰੀ ਰਿਪੋਰਟ ਸਰਕਾਰ ਨੂੰ ਦੇਣਗੇ। ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਜਲਦੀ ਹੀ ਪੰਜਾਬ ਸਰਕਾਰ ਨਾਲ ਤਾਲਮੇਲ ਕਰਕੇ ਲੋਕਾਂ ਦੀ ਰਾਹਤ ਲਈ ਪ੍ਰਬੰਧ ਕਰੇਗੀ। ਕੇਂਦਰੀ ਮੰਤਰੀ ਸੋਮਪ੍ਰਕਾਸ਼ ਦੇ ਨਾਲ ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਕ੍ਰਿਸ਼ਨ ਦੇਵ ਭੰਡਾਰੀ, ਸਾਬਕਾ ਵਿਧਾਇਕ ਸਰਬਜੀਤ ਮੱਕੜ ਸਮੇਤ ਕਈ ਭਾਜਪਾ ਆਗੂ ਮੌਜੂਦ ਸਨ।
ਪੀੜਤ ਪਰਿਵਾਰਾਂ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਭੂ-ਮਾਫੀਆ ਦੇ ਦਬਾਅ ਹੇਠ ਇੱਥੇ ਗਲਤ ਕਾਰਵਾਈ ਕੀਤੀ ਗਈ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਜ਼ਮੀਨ ਉਨ੍ਹਾਂ ਦੀ ਹੈ ਪਰ ਭੂ-ਮਾਫੀਆ ਦੇ ਦਬਾਅ ਹੇਠ ਉਨ੍ਹਾਂ ਨੂੰ ਗਲਤ ਖਸਰਾ ਨੰਬਰ ਲਿਖ ਕੇ ਬੇਘਰ ਕਰ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਉਹ ਇਸ ਦੀ ਜਾਂਚ ਦੀ ਸਿਫਾਰਸ਼ ਵੀ ਕਰਨਗੇ।