Site icon TV Punjab | Punjabi News Channel

ਕਟਾਰੂਚੱਕ ਦੀ ਛੁੱਟੀ ਤੈਅ, ਦੋ ਵਿਧਾਇਕਾਂ ਨੂੰ ਮਿਲ ਸਕਦੀ ਹੈ ਮੰਤਰੀ ਦੀ ਕੁਰਸੀ

ਡੈਸਕ- ਪੰਜਾਬ ਕੈਬਨਿਟ ਵਿੱਚ ਫੇਰਬਦਲ ਦੀ ਤਿਆਰੀ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਸੂਤਰਾਂ ਮੁਤਾਬਕ ਦੋ ਮੰਤਰੀਆਂ ਨੂੰ ਹਟਾ ਕੇ ਨਵੇਂ ਵਿਧਾਇਕਾਂ ਨੂੰ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਰਹੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੀ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕੈਬਨਿਟ ਵਿੱਚ ਫੇਰਬਦਲ ਲਈ ਹਾਈਕਮਾਂਡ ਤੋਂ ਹਰੀ ਝੰਡੀ ਮਿਲ ਗਈ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰਨ ਵਾਲੇ ਮੰਤਰੀਆਂ ਬਾਰੇ ਪਾਰਟੀ ਕੋਈ ਸਖ਼ਤ ਫੈਸਲਾ ਲੈ ਸਕਦੀ ਹੈ। ਜਿਨ੍ਹਾਂ ਦੋ ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾ ਸਕਦਾ ਹੈ, ਉਨ੍ਹਾਂ ਵਿੱਚੋਂ ਇੱਕ ਮਾਝਾ ਅਤੇ ਇੱਕ ਮਾਲਵਾ ਤੋਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਦੁਪਹਿਰ 2 ਵਜੇ ਸਿਵਲ ਸਕੱਤਰੇਤ-1 ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਹੈ। ਬੈਠਕ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਨੂੰ ਭਰਨ, ਬੋਰਡ ਕਾਰਪੋਰੇਸ਼ਨਾਂ ਦੇ ਕੰਮਕਾਜ ਦੀ ਸਮੀਖਿਆ ਸਮੇਤ ਹੋਰ ਕਈ ਏਜੰਡੇ ਵਿਚਾਰੇ ਜਾਣਗੇ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਪਠਾਨਕੋਟ ਜ਼ਮੀਨ ਘੁਟਾਲੇ ਵਿੱਚ ਨਾਮ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ। ਬੀਤੇ ਦਿਨੀਂ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਲਾਲ ਚੰਦ ਕਟਾਰੂਚੱਕ ਦਾ ਨਾਮ ਸਾਹਮਣੇ ਆਇਆ ਸੀ।

Exit mobile version