ਸੰਸਦ ‘ਚ ਛਾ ਗਏ ਚੰਨੀ, ਮੋਦੀ ਤੋਂ ਲੈ ਬਿੱਟੂ ਨੂੰ ਲਿਆ ਅੱਡੇ ਹੱਥੀਂ

ਡੈਸਕ- ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਸੰਸਦ ਦੇ ਸੈਸ਼ਨ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਕੀਤਾ। ਉਨ੍ਹਾਂ ਨੇ ਸਭ ਤੋਂ ਪਹਿਲਾਂ ਬੋਲਦੇ ਹੋਏ ਕਿਹਾ ਕਿ ਇਹ ਸਿਰਫ਼ ਸਰਕਾਰ ਨੂੰ ਬਚਾਉਣ ਵਾਲਾ ਬਜਟ ਹੈ, ਦੇਸ਼ ਬਚਾਉਣ ਵਾਲਾ ਨਹੀਂ। ਉਨ੍ਹਾਂ ਕਿਹਾ ਕਿ ਬਜਟ ਵਿਚ ਪੰਜਾਬ ਨੂੰ ਕੁਝ ਨਹੀਂ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਵਿੱਤ ਮੰਤਰੀ ਦੀ ਸੰਸਦ ਵਿਚ ਗੈਰ ਹਾਜ਼ਰੀ ’ਤੇ ਵੀ ਸਵਾਲ ਚੁੱਕੇ।

ਉਨ੍ਹਾਂ ਨੇ ਕਿਹਾ ਕਿ ਬਜਟ ਵਿੱਚ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਉਹ ਬਜਟ ਵਾਲੇ ਦਿਨ ਨਵੇਂ ਕੱਪੜੇ ਪਾ ਕੇ ਆਏ ਸਨ ਕਿ ਕੁਝ ਮਿਲੇਗਾ ਪਰ ਉਥੇ ਖੋਦਿਆ ਪਹਾੜ ਦੇ ਨਿਕਲਿਆ ਚੂਹਾ ਵੀ ਨਹੀਂ, ਵਾਲੀ ਗੱਲ ਹੋਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜਲੰਧਰ ਦੀ ਸਪੋਰਟਸ ਇੰਡਸਟਰੀ ਡੁੱਬ ਰਹੀ ਹੈ, ਉਸ ਲਈ ਕੁਝ ਵੀ ਨਹੀਂ ਕੀਤਾ ਗਿਆ।

ਇਸ ਦੌਰਾਨ ਕਿਸਾਨਾਂ ਦੇ ਮੁੱਦੇ ’ਤੇ ਲੋਕ ਸਭਾ ਵਿਚ ਹੰਗਾਮਾ ਹੋ ਗਿਆ। ਇਸ ਦੌਰਾਨ ਬੋਲਦਿਆਂ ਸੰਸਦ ਮੈਂਬਰ ਚਰਨਜੀਤ ਸਿੰਘ ਨੇ ਕਿਹਾ ਕਿ ਕੇਂਦਰ ਨੇ ਜੋ ਵਾਅਦਾ ਕੀਤਾ ਸੀ, ਕਿਸਾਨ ਉਹ ਹੀ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ‘ਇੰਡੀਆ’ ਗਠਜੋੜ ਕਿਸਾਨਾਂ ਦੇ ਨਾਲ ਖੜ੍ਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਨੂੰ ਐਮ.ਐਸ.ਪੀ. ਕਿਉਂ ਨਹੀਂ ਦਿੱਤੀ ਜਾ ਰਹੀ। ਇਸ ਤੋਂ ਇਲਾਵਾ ਉਨ੍ਹਾਂ ਨੇ ਅੱਗੇ ਕਿਹਾ ਕਿ ਮਰਹੂਮ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਹੈ।