ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚੇ

ਕਰਤਾਰਪੁਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਆਪਣੇ ਕੁੱਝ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚੇ।

ਜ਼ੀਰੋ ਲਾਈਨ ‘ਤੇ ਉਨ੍ਹਾਂ ਦਾ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਚ ਅਧਿਕਾਰੀਆਂ ਵਲੋਂ ਸਿਰੋਪਾਓ ਪਾ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਉਚ ਅਧਿਕਾਰੀਆਂ ਵਲੋਂ ਕੈਬਨਿਟ ਮੰਤਰੀਆਂ ਨੂੰ ਗੁਲਦਸਤੇ ਵੀ ਭੇਂਟ ਕੀਤੇ ਗਏ।

ਚਰਨਜੀਤ ਸਿੰਘ ਚੰਨੀ ਦੇ ਨਾਲ ਉਨ੍ਹਾਂ ਦੀ ਪਤਨੀ ਤੇ ਹੋਰ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ। ਇਸ ਮੌਕੇ ਚੰਨੀ ਨਾਲ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਵਿਜੈ ਇੰਦਰ ਸਿੰਗਲਾ, ਰਾਣਾ ਗੁਰਜੀਤ ਸਿੰਘ ਹਰਪ੍ਰਤਾਪ ਸਿੰਘ ਅਜਨਾਲਾ, ਬਰਿੰਦਰਮੀਤ ਸਿੰਘ ਪਾਹੜਾ ਆਦਿ ਵੀ ਹਾਜ਼ਰ ਸਨ।

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਉਤੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਕੈਬਨਿਟ ਮੰਤਰੀਆਂ ਅਤੇ ਹੋਰ ਪਤਵੰਤਿਆਂ ਦਾ ਜਥਾ ਅੱਜ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ।

ਮੁੱਖ ਮੰਤਰੀ ਜਿਨ੍ਹਾਂ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ, ਵਿਧਾਇਕ ਸ੍ਰੀ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਸ੍ਰੀ ਬਰਿੰਦਰਮੀਤ ਸਿੰਘ ਪਾਹੜਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁੱਲ੍ਹ ਜਾਣ ਨੂੰ ਇਤਿਹਾਸਕ ਪਲ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਬਹੁਤ ਖੁਸ਼ਨੁਮਾ ਮੌਕਾ ਹੈ ਕਿਉਂ ਜੋ ਇਹ ਲਾਂਘਾ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਸਹੂਲਤ ਪ੍ਰਦਾਨ ਕਰਦਾ ਹੈ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਨਾਲ ਸਿੱਖ ਸੰਗਤ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀਆਂ ਅਰਦਾਸਾਂ ਪੂਰੀਆਂ ਹੋਈਆਂ ਹਨ ਅਤੇ ਹੁਣ ਉਹ ਬਿਨਾ ਕਿਸੇ ਰੁਕਾਵਟ ਤੋਂ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਲਾਂਘਾ ਮੁੜ ਖੁੱਲ੍ਹਣ ਨਾਲ ਭਾਰਤੀ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਜਾਣ ਲਈ ਮਹਿਜ਼ ਪਰਮਿਟ ਹਾਸਲ ਕਰਨ ਨਾਲ ਵੀਜ਼ਾ-ਮੁਕਤ ਜਾਣ ਦੀ ਸਹੂਲਤ ਮਿਲੇਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਜਥੇ ਦੇ ਰੂਪ ਵਿਚ ਜਾ ਰਹੀ ਸੰਗਤ ਦਾ ਹਿੱਸਾ ਬਣਨ ਦਾ ਸੁਭਾਗ ਹਾਸਲ ਹੋਇਆ ਹੈ ਕਿਉਂ ਜੋ ਕਰਤਾਰਪੁਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਕਰਨ ਦੀ ਮੰਗ ਸੱਤ ਦਹਾਕਿਆਂ ਦੇ ਲੰਮੇ ਸਮੇਂ ਬਾਅਦ ਪੂਰੀ ਹੋਈ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਦੋਵਾਂ ਪਾਸਿਆਂ ਦੀ ਖੁਸ਼ਹਾਲੀ, ਸ਼ਾਂਤੀ ਅਤੇ ਸਦਭਾਵਨਾ ਲਈ ਅਰਦਾਸ ਕਰਨਗੇ।

ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਹਲੀਮੀ, ਏਕਤਾ, ਸ਼ਾਂਤੀ ਅਤੇ ਭਲਾਈ ਦਾ ਮਾਰਗ ਦਿਖਾਇਆ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਲਾਂਘਾ ਸਾਡੇ ਗੁਰੂ ਸਾਹਿਬ ਜੀ ਦੇ ਮਹਾਨ ਫਲਸਫੇ ਨੂੰ ਅਮਲੀਜਾਮਾ ਪਹਿਨਾਉਣ ਲਈ ਅਹਿਮ ਸਾਬਤ ਹੋਵੇਗਾ।

ਟੀਵੀ ਪੰਜਾਬ ਬਿਊਰੋ