ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਅੱਜ ਕਾਂਗਰਸ ਹਾਈ ਕਮਾਨ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਲਈ ਚਰਨਜੀਤ ਸਿੰਘ ਚੰਨੀ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸੂਤਰਾਂ ਅਨੁਸਾਰ ਕਾਂਗਰਸ ਹਾਈਕਮਾਨ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ ‘ਤੇ ਮੋਹਰ ਲਗਾਈ ਸੀ ਅਤੇ ਸੂਤਰਾਂ ਮੁਤਾਬਕ ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਪਾਲ ਤੋਂ ਮੁਲਾਕਾਤ ਦਾ ਸਮਾਂ ਵੀ ਮੰਗ ਲਿਆ ਸੀ।
ਬਟਾਲਾ ਦੇ ਐੱਸ ਐੱਸ ਪੀ ਵੱਲੋਂ ਰੰਧਾਵਾ ਦੇ ਜੱਦੀ ਪਿੰਡ ਧਾਰੋਵਾਲੀ ਵਿਖੇ ਉਨ੍ਹਾਂ ਦੇ ਘਰ ਦਾ ਦੌਰਾ ਵੀ ਕੀਤਾ ਗਿਆ। ਰੰਧਾਵਾ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਵੀ ਲੱਗ ਗਿਆ ਸੀ ਅਤੇ ਢੋਲ ਦੇ ਡੱਗੇ ‘ਤੇ ਭੰਗੜੇ ਪੈਣੇ ਵੀ ਸ਼ੁਰੂ ਹੋ ਗਏ ਸਨ ਪਰ ਅਚਾਨਕ ਸਾਰਾ ਕੁਝ ਬਦਲ ਗਿਆ। ਇਸ ਤੋਂ ਪਹਿਲਾਂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਸੀ ਕਿ ਉਨ੍ਹਾਂ ਦੇ ਮਨ ਵਿਚ ਕਦੇ ਵੀ ਕਿਸੇ ਅਹੁਦੇ ਦੀ ਲਾਲਸਾ ਨਹੀਂ, ਕਾਂਗਰਸ ਹਾਈ ਕਮਾਨ ਜਿਸ ਨੂੰ ਵੀ ਮੁੱਖ ਮੰਤਰੀ ਬਣਾਵੇਗੀ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ।
ਜ਼ਿਕਰਯੋਗ ਹੀ ਕਿ ਕਾਂਗਰਸ ਹਾਈ ਕਮਾਨ ਨੇ ਬੀਤੀ ਕੱਲ੍ਹ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਸ਼ਾਮ 4.30 ਵਜੇ ਰਾਜਪਾਲ ਨੂੰ ਮਿਲੇ ਅਤੇ ਆਪਣਾ ਅਸਤੀਫਾ ਸੌਂਪ ਦਿੱਤਾ।
ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਸਵੇਰ ਵੇਲੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਗੱਲ ਕੀਤੀ ਸੀ ਅਤੇ ਵਾਰ -ਵਾਰ “ਅਪਮਾਨ” ਕਰਨ ‘ਤੇ ਨਾਰਾਜ਼ਗੀ ਵੀ ਜ਼ਾਹਰ ਕੀਤੀ ਸੀ। ਬਾਅਦ ਵਿਚ ਹੋਈ ਵਿਧਾਇਕ ਦਲ ਦੀ ਮੀਟਿੰਗ ਵਿਚ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਉਣ ਦੇ ਹੱਕ ਹਾਈ ਕਮਾਨ (ਸੋਨੀਆ ਗਾਂਧੀ) ਨੂੰ ਸੌਂਪ ਦਿੱਤੇ ਸਨ। ਅੱਜ ਕਾਫੀ ਸੋਚ ਵਿਚਾਰ ਤੋਂ ਬਾਅਦ ਹਾਈ ਕਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾ ਦਿੱਤਾ ਹੈ।
ਟੀਵੀ ਪੰਜਾਬ ਬਿਊਰੋ