ਡੈਸਕ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹੁਕਮ ਦਿੱਤਾ ਹੈ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ 30 ਜਨਵਰੀ ਨੂੰ ਸਵੇਰੇ 10 ਵਜੇ ਕਰਵਾਈਆਂ ਜਾਣਗੀਆਂ। ਵੋਟ ਪਾਉਣ ਲਈ ਆਉਣ ਵਾਲੇ ਕੌਂਸਲਰ ਬਿਨਾਂ ਕਿਸੇ ਸੁਰੱਖਿਆ ਕਰਮਚਾਰੀ ਅਤੇ ਸਮਰਥਕ ਦੇ ਆਉਣਗੇ। ਕੌਂਸਲਰਾਂ ਦੀ ਸੁਰੱਖਿਆ ਚੰਡੀਗੜ੍ਹ ਪੁਲਿਸ ਦੀ ਜ਼ਿੰਮੇਵਾਰੀ ਹੈ। ਅਦਾਲਤ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਦੌਰਾਨ ਸੁਰੱਖਿਆ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਚੰਡੀਗੜ੍ਹ ਪੁਲਿਸ ਦੀ ਹੋਵੇਗੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਖ਼ਤ ਹੁਕਮ ਦਿੰਦਿਆਂ ਕਿਹਾ ਸੀ ਕਿ ਚੋਣਾਂ ਲਈ 6 ਫਰਵਰੀ ਦੀ ਤਰੀਕ ਬਹੁਤ ਲੇਟ ਹੈ। ਅੱਜ ਚੋਣਾਂ ਨੂੰ ਲੈਕੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇ ਕਿ ਚੋਣਾਂ 6 ਫਰਵਰੀ ਤੋਂ ਪਹਿਲਾਂ ਕਦੋਂ ਕਰਵਾਈਆਂ ਜਾਣਗੀਆਂ। ਅਦਾਲਤ ਨੇ ਕਿਹਾ ਕਿ ਜੇਕਰ ਸਹੀ ਤਰੀਕ ਤੈਅ ਨਹੀਂ ਹੈ ਤਾਂ ਫਿਰ ਅਦਾਲਤ ਚੋਣਾਂ ਦੀ ਤਰੀਕ ਤੈਅ ਕਰੇਗੀ। ਜੋ ਕਿ ਅਦਾਲਤ ਵੱਲੋਂ ਤੈਅ ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀ ਚੋਣ ਪਹਿਲਾਂ 18 ਜਨਵਰੀ ਨੂੰ ਹੋਣੀ ਸੀ ਪਰ ਚੋਣ ਅਧਿਕਾਰੀ ਦੀ ਸਿਹਤ ਵਿਗੜ ਜਾਣ ਕਾਰਨ ਵੋਟਾਂ ਤੋਂ ਕੁਝ ਸਮਾਂ ਪਹਿਲਾਂ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। 18 ਜਨਵਰੀ ਨੂੰ ਚੋਣਾਂ ਨਾ ਹੋਣ ਕਾਰਨ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।