ਡੈਸਕ- ਚੰਡੀਗੜ੍ਹ ਮੇਅਰ ਚੋਣ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ ਉਮੀਦਵਾਰ ਮਨੋਜ ਸੋਨਕਰ ਨੇ ਆਪਣੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਹਰਾ ਕੇ ਮੇਅਰ ਦੇ ਅਹੁਦੇ ‘ਤੇ ਕਬਜ਼ਾ ਕਰ ਲਿਆ ਹੈ। ਆਮ ਆਦਮੀ ਪਾਰਟੀ ਨੇ ਇਸ ਜਿੱਤ ‘ਤੇ ਭਾਜਪਾ ‘ਤੇ ਧਾਂਦਲੀ ਦਾ ਦੋਸ਼ ਲਗਾਇਆ ਹੈ। ਇਹ ਮਾਮਲਾ ਹੁਣ ਅਦਾਲਤ ਤੱਕ ਪਹੁੰਚ ਗਿਆ ਹੈ। ਇੰਡੀਆ ਅਲਾਇੰਸ ਦੇ ਉਮੀਦਵਾਰ ਕੁਲਦੀਪ ਕੁਮਾਰ ਨੇ ਚੋਣਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ ਅਤੇ ਇਸ ਦੇ ਲਈ ਉਨ੍ਹਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 30 ਜਨਵਰੀ ਨੂੰ ਹੋਈਆਂ ਸਨ। ਇਸ ਦੌਰਾਨ ਇੰਡੀਆ ਗਠਜੋੜ ਦੀਆਂ 20 ਵਿੱਚੋਂ 8 ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ ਅਤੇ ਭਾਜਪਾ ਉਮੀਦਵਾਰ ਮਨੋਜ ਸੋਨਕਰ ਨੂੰ ਜੇਤੂ ਕਰਾਰ ਦਿੱਤਾ ਗਿਆ। ਕੁਲਦੀਪ ਕੁਮਾਰ ਨੇ ਰੱਦ ਹੋਈਆਂ 8 ਵੋਟਾਂ ਨੂੰ ਚੁਣੌਤੀ ਦੇਣ ਅਤੇ ਸਾਰੀ ਚੋਣ ਸਮੱਗਰੀ ਜ਼ਬਤ ਕਰਨ ਦੀ ਅਪੀਲ ਕੀਤੀ ਹੈ। ਇਸ ਪਟੀਸ਼ਨ ‘ਤੇ ਅੱਜ ਹਾਈ ਕੋਰਟ ‘ਚ ਸੁਣਵਾਈ ਹੋਵੇਗੀ।
ਇੰਡੀਆ ਅਲਾਇੰਸ ਦੇ ਉਮੀਦਵਾਰ ਦਾ ਕਹਿਣਾ ਹੈ ਕਿ ਚੋਣਾਂ ਵਿੱਚ ਧਾਂਦਲੀ ਹੋਈ ਸੀ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਵੋਟਾਂ ਦੀ ਗਿਣਤੀ ਦੌਰਾਨ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਨੇ ਬੈਲਟ ਪੇਪਰਾਂ ਨਾਲ ਛੇੜਛਾੜ ਕੀਤੀ ਸੀ। ਜਿਸ ਤੋਂ ਬਾਅਦ ਉਸ ਦੀਆਂ 8 ਵੋਟਾਂ ਰੱਦ ਹੋ ਗਈਆਂ। ਕੁਲਦੀਪ ਕੁਮਾਰ ਨੇ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਹੈ। ਪਟੀਸ਼ਨ ਵਿੱਚ ਉਨ੍ਹਾਂ ਮੰਗ ਕੀਤੀ ਕਿ ਚੋਣਾਂ ਰੱਦ ਕਰਨ ਦੇ ਨਾਲ-ਨਾਲ ਚੋਣਾਂ ਨਾਲ ਸਬੰਧਤ ਸਾਰੀ ਸਮੱਗਰੀ ਜ਼ਬਤ ਕੀਤੀ ਜਾਵੇ ਅਤੇ ਹਾਈ ਕੋਰਟ ਵੱਲੋਂ ਨਿਯੁਕਤ ਅਧਿਕਾਰੀ ਦੀ ਹਾਜ਼ਰੀ ਵਿੱਚ ਮੁੜ ਤੋਂ ਚੋਣਾਂ ਕਰਵਾਈਆਂ ਜਾਣ।
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਵੀ ਮੇਅਰ ਚੋਣਾਂ ਵਿੱਚ ਹੋਈ ਧਾਂਦਲੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਚੋਣ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਪਵਨ ਬਾਂਸਲ ਨੇ ਵੀ ਪ੍ਰੈੱਸ ਕਾਨਫਰੰਸ ਕੀਤੀ, ਜਿਸ ਦੌਰਾਨ ਦੋਵਾਂ ਆਗੂਆਂ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਚੋਣਾਂ ‘ਚ ਧਾਂਦਲੀ ਦਾ ਇਲਜ਼ਾਮ ਲਾਇਆ।
ਦੋਵਾਂ ਆਗੂਆਂ ਨੇ ਚੋਣਾਂ ਰੱਦ ਕਰਨ ਦੀ ਮੰਗ ਕਰਨ ਦੇ ਨਾਲ-ਨਾਲ ਪ੍ਰੀਜ਼ਾਈਡਿੰਗ ਅਫ਼ਸਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ। ਆਗੂਆਂ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਸੜਕਾਂ ਤੋਂ ਪਾਰਲੀਮੈਂਟ ਤੱਕ ਉਠਾਉਣਗੇ ਅਤੇ ਆਪਣੀ ਲੜਾਈ ਜਾਰੀ ਰੱਖਣਗੇ। ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਇੰਡੀਆ ਅਲਾਇੰਸ ਦੀਆਂ ਕੁੱਲ 20 ਵੋਟਾਂ ਸਨ, ਇਸ ਲਈ ਗਠਜੋੜ ਦੀ ਜਿੱਤ ਯਕੀਨੀ ਸੀ ਪਰ ਭਾਜਪਾ ਨੇ ਸਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਚੋਣ ਜਿੱਤੀ। ਉਨ੍ਹਾਂ ਕਿਹਾ ਕਿ ਭਾਜਪਾ ਸ਼ੁਰੂ ਤੋਂ ਹੀ ਚੋਣਾਂ ਨੂੰ ਲੈ ਕੇ ਸਾਜ਼ਿਸ਼ ਰਚ ਰਹੀ ਹੈ।