ਲੁਧਿਆਣਾ ਵਾਸੀਆਂ ਲਈ ਖੁਸ਼ਖਬਰੀ, ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ CM ਕੇਜਰੀਵਾਲ ਅੱਜ ਦੇਣਗੇ ਤੋਹਫੇ

ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਫਤ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ 80 ਆਮ ਆਦਮੀ ਕਲੀਨਿਕ ਸੂਬੇ ਦੇ ਵਸਨੀਕਾਂ ਨੂੰ ਸਮਰਪਿਤ ਕਰਨਗੇ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਸੂਬੇ ਵਿੱਚ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲਗਭਗ 580 ਆਮ ਆਦਮੀ ਕਲੀਨਿਕ ਕਾਰਜਸ਼ੀਲ ਹੋ ਜਾਣਗੇ। ਪਹਿਲੇ ਪੜਾਅ ਵਿੱਚ 100 ਕਲੀਨਿਕ ਸਮਰਪਿਤ ਕੀਤੇ ਗਏ ਸਨ ਅਤੇ ਦੂਜੇ ਪੜਾਅ ਵਿੱਚ 404 ਅਤੇ ਹੁਣ 80 ਕਲੀਨਿਕ ਰਾਜ ਦੀ ਸੇਵਾ ਨੂੰ ਸਮਰਪਿਤ ਕੀਤੇ ਜਾਣਗੇ। ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ, ਇਹ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਦੀਆਂ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਹੁਣ ਤੱਕ ਸੂਬੇ ਭਰ ਵਿੱਚ 25.63 ਲੱਖ ਮਰੀਜ਼ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਜਾ ਕੇ ਆਪਣਾ ਇਲਾਜ ਕਰਵਾ ਚੁੱਕੇ ਹਨ। ਇਨ੍ਹਾਂ ਕਲੀਨਿਕਾਂ ‘ਤੇ ਕੁੱਲ 41 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ ਅਤੇ 30 ਅਪ੍ਰੈਲ ਤੱਕ 1.78 ਲੱਖ ਮਰੀਜ਼ ਇਹ ਟੈਸਟ ਕਰਵਾ ਚੁੱਕੇ ਹਨ।