ਡੈਸਕ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸੀਐੱਮ ਮਾਨ ਦਾ ਰੈਗੂਲਰ ਚੈਕਅੱਪ ਕੀਤਾ ਜਾ ਰਿਹਾ ਹੈ, ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ। ਕੁਝ ਹੋਰ ਜ਼ਰੂਰੀ ਟੈਸਟਾਂ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਹਸਪਤਾਲ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦਾ ਅਚਾਨਕ ਬਲੱਡ ਪ੍ਰੈਸ਼ਰ ਵਧ ਕਾਰਨ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ ਸੀ। ਉਂਜ ਮੁੱਖ ਮੰਤਰੀ ਦੇ ਦਫ਼ਤਰ ਵੱਲੋਂ ਹਸਪਤਾਲ ਦੇ ਡਾਕਟਰਾਂ ਦੇ ਹਵਾਲੇ ਨਾਲ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਦੀ ਸਿਹਤ ਬਿਲਕੁਲ ਠੀਕ ਹੈ ਅਤੇ ਉਨ੍ਹਾਂ ਨੂੰ ਰੁਟੀਨ ਚੈੱਕਅਪ ਲਈ ਹਸਪਤਾਲ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਕੁੱਝ ਜ਼ਰੂਰੀ ਟੈਸਟ ਕਰਨ ਅਤੇ ਰਿਪੋਰਟ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਜਾਵੇਗੀ। ਸੂਬਾ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਦੀ ਸਿਹਤ ਬਿਲਕੁਲ ਠੀਕ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫੇਫੜਿਆਂ ਵਿਚ ਸੋਜ਼ਿਸ਼ ਹੈ, ਜਿਸ ਕਰਕੇ ਦਿਲ ’ਤੇ ਦਬਾਅ ਪੈਂਦਾ ਹੈ ਤੇ ਬਲੱਡ ਪ੍ਰੈੱਸ਼ਰ ਦੀ ਵੀ ਸਮੱਸਿਆ ਹੈ। ਬੁਲਾਰੇ ਨੇ ਕਿਹਾ ਕਿ ਡਾਕਟਰਾਂ ਵੱਲੋਂ ਮੁੱਖ ਮੰਤਰੀ ਮਾਨ ਦੇ ਖੂਨ ਦੇ ਨਮੂਨੇ ਲਏ ਗਏ ਹਨ, ਜਿਨ੍ਹਾਂ ਦੇ ਟੈਸਟ ਕੀਤੇ ਜਾ ਰਹੇ ਹਨ। ਟੈਸਟ ਰਿਪੋਰਟ ਆਉਣ ਤੋਂ ਬਾਅਦ ਅਸਲ ਸਥਿਤੀ ਦਾ ਪਤਾ ਲੱਗੇਗਾ।