ਨਵੀਂ ਦਿੱਲੀ- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਖਾਲਿਸਤਾਨ ਨੂੰ ਲੈ ਕੇ ਦਿੱਤੇ ਬਿਆਨ ਤੋਂ ਬਾਅਦ ਗਰਮ ਖਿਆਲੀ ਭੜਕ ਗਏ ਸਨ ।ਅੰਮ੍ਰਿਤਪਾਲ ਸਿੰਘ ਵਲੋਂ ਵੀ ਅਮਿਤ ਸ਼ਾਹ ਨੂੰ ਪ੍ਰਤੀਕਰਮ ਦਿੱਤਾ ਗਿਆ ।ਅਜਨਾਲਾ ਘਟਨਾ ਤੋਂ ਬਾਅਦ ਦੇਸ਼ ਭਰ ਚ ਅੰਮ੍ਰਿਤਪਾਲ ਦੀ ਚਰਚਾ ਛਿੜ ਗਈ ਤਾਂ ਪੰਜਾਬ ਤੋਂ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਪਾਲ ‘ਤੇ ਗੰਭੀਰ ਇਲਜ਼ਾਮ ਲਗਾਏ ।ਹੁਣ ਇਸ ਸਾਰੇ ਵਿਵਾਦ ਅਤੇ ਚਰਚਾਵਾਂ ਦੇ ਵਿਚਕਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਲਾਕਾਤ ਕਰਨ ਜਾ ਰਹੇ ਹਨ ।ਸੂਤਰਾਂ ਮੁਤਾਬਿਕ ਇਸ ਮਿਲਨੀ ਦੌਰਾਨ ਅੰਮ੍ਰਿਤਪਾਲ ਦੇ ਮੁੱਦੇ ‘ਤੇ ਦੋਹਾਂ ਨੇਤਾਵਾਂ ਵਿਚਕਾਰ ਖਾਸ ਚਰਚਾ ਹੋ ਸਕਦੀ ਹੈ ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਸੀ ਅਤੇ ਗ੍ਰਹਿ ਮੰਤਰਾਲੇ ਵੱਲੋਂ ਉਨ੍ਹਾਂ ਨੂੰ ਵੀਰਵਾਰ ਦੁਪਹਿਰ ਦਾ ਸਮਾਂ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਬੀਤੇ ਦਿਨੀਂ ਪੁਲਿਸ ਵੱਲੋਂ ਫੜੇ ਇੱਕ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਛੁਡਾਉਣ ਲਈ ਥਾਣੇ ਵੱਲ ਕੂਚ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਤੇ ਅੰਮ੍ਰਿਤਪਾਲ ਦੇ ਸਮਰਥਕਾਂ ਵਿਚਾਲੇ ਝੜਪ ਹੋ ਗਈ ਸੀ, ਜਿਸ ਵਿੱਚ ਕਈ ਪੁਲਿਸ ਵਾਲੇ ਜ਼ਖਮੀ ਹੋ ਗਏ ਸਨ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਖਿਲਾਫ਼ ਸਾਰੀਆਂ ਵਿਰੋਧੀ ਪਾਰਟੀਆਂ ਵੱਲੋਂ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। CM ਮਾਨ ਨੇ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੂੰ ਪੰਜਾਬ ਦੇ ‘ਵਾਰਿਸ’ ਨਾ ਹੋਣ ਦਾ ਤੰਜ਼ ਕਸਿਆ ਸੀ।