ਚੰਡੀਗੜ੍ਹ- ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਖਰਾਬੇ ਦੇ ਮੁਆਵਜੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਪਟਿਆਲਾ ਦੇ ਪਿੰਡਾਂ ਦਾ ਤੂਫਾਨੀ ਦੌਰਾ ਕਰਨ ਵਾਲੇ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਜੇ ਫਸਲ ਦੀ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦੇਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮਜਦੂਰਾਂ ਨੂੰ 10 ਫੀਸਦੀ ਮੁਆਵਜਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸਕਲ ਪੇਸ ਨਾ ਆਵੇ। ਉਨ੍ਹਾਂ ਕਿਹਾ ਕਿ ਪੂਰੇ ਮਕਾਨ ਦੇ ਨੁਕਸਾਨ ਦੇ ਮੁਆਵਜੇ ਵਜੋਂ 95100 ਰੁਪਏ ਦਿੱਤੇ ਜਾਣਗੇ, ਜਦੋਂਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ।
ਕੁਦਰਤ ਦੀ ਮਾਰ ਤੋਂ ਕਿਸਾਨਾਂ ਨੂੰ ਬਚਾਉਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਫਸਲ ਬੀਮਾ ਯੋਜਨਾ ਲਿਆਏਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਲਾਨੀ ਫਸਲ ਬੀਮਾ ਯੋਜਨਾ ਸਿਰਫ ਕਾਗਜਾਂ ਤੱਕ ਹੀ ਸੀਮਤ ਰਹਿ ਗਈ ਸੀ ਪਰ ਸੂਬਾ ਸਰਕਾਰ ਦੀ ਸਕੀਮ ਨਾਲ ਕਿਸਾਨਾਂ ਨੂੰ ਅਸਲ ਰਾਹਤ ਮਿਲੇਗੀ। ਉਨ੍ਹਾਂ ਅਫਸੋਸ ਪ੍ਰਗਟ ਕੀਤਾ ਕਿ ਅੱਜ-ਕੱਲ੍ਹ 20 ਮਿੰਟ ਦੀ ਗੜ੍ਹੇਮਾਰੀ ਕਿਸਾਨਾਂ ਦੇ ਚਿਹਰਿਆਂ ‘ਤੇ ਮੁਸੀਬਤ ਲਿਆ ਦਿੰਦੀ ਹੈ ਪਰ ਇਹ ਸਕੀਮ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰੇਗੀ। ਭਗਵੰਤ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਨਾਲ ਹੈ ਤੇ ਉਨ੍ਹਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਖਰਾਬ ਮੌਸਮ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਦੇਣ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਖੇਤ ਮਜਦੂਰਾਂ ਦੀ ਭਲਾਈ ਲਈ ਹਮੇਸਾ ਵਚਨਬੱਧ ਹੈ ਤੇ ਰਹੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਸਰਕਾਰ ਹਮੇਸਾ ਹੀ ਕਿਸਾਨਾਂ ਅਤੇ ਉਨ੍ਹਾਂ ਦੇ ਹੱਕਾਂ ਦੀ ਹਮਾਇਤੀ ਰਹੀ ਹੈ ਅਤੇ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕਈ ਯੋਗ ਕਦਮ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਉਨ੍ਹਾਂ ਵੱਡੀ ਗਿਣਤੀ ਕਿਸਾਨਾਂ ਦੀ ਪੀੜ ਤੇ ਦਰਦ ਨੂੰ ਚੰਗੀ ਤਰ੍ਹਾਂ ਸਮਝਦੇ ਹਨ, ਜਿਨ੍ਹਾਂ ਨੂੰ ਮੌਸਮ ਵਿੱਚ ਅਚਾਨਕ ਆਈ ਤਬਦੀਲੀ ਕਾਰਨ ਭਾਰੀ ਨੁਕਸਾਨ ਝੱਲਣਾ ਪਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲਗਾਤਾਰ ਬਰਸਾਤ ਖੜ੍ਹੀ ਕਣਕ ਤੇ ਹਾੜ੍ਹੀ ਦੀਆਂ ਹੋਰ ਫਸਲਾਂ ਲਈ ਨੁਕਸਾਨਦਾਇਕ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਤੇਜ ਹਵਾਵਾਂ ਅਤੇ ਗੜ੍ਹੇਮਾਰੀ ਨਾਲ ਆਈ ਬਾਰਿਸ ਨੇ ਫਸਲਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ ਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਰੋਜੀ-ਰੋਟੀ ਨੂੰ ਸੱਟ ਮਾਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੁਰੂਆਤੀ ਰਿਪੋਰਟਾਂ ਤੋਂ ਪਤਾ ਚਲਦਾ ਹੈ ਕਿ ਕਈ ਏਕੜ ਤੋਂ ਵੱਧ ਵਾਹੀਯੋਗ ਰਕਬਾ ਪ੍ਰਭਾਵਿਤ ਹੋਇਆ ਹੈ ਕਿਉਂਕਿ ਇਸ ਪੜਾਅ ‘ਤੇ ਹਾੜੀ ਦੀਆਂ ਫਸਲਾਂ ਵਾਢੀ ਲਈ ਲਗਪਗ ਤਿਆਰ ਸਨ।
ਮੁੱਖ ਮੰਤਰੀ ਨੇ ਅਫਸੋਸ ਜਾਹਰ ਕੀਤਾ ਕਿ ਅਜਿਹੇ ਮਾਮਲਿਆਂ ਵਿੱਚ ਜਿੱਥੇ ਕਿਸਾਨ ਵਾਢੀ ਨਹੀਂ ਕਰ ਸਕਣਗੇ ਜਾਂ ਉਨ੍ਹਾਂ ਦੀਆਂ ਫਸਲਾਂ ਦਾ ਝਾੜ ਘਟ ਗਿਆ ਹੈ, ਉਨ੍ਹਾਂ ਦਾ ਲਗਪਗ ਪੂਰਾ ਸੀਜਨ ਬਰਬਾਦ ਹੋ ਗਿਆ ਤੇ ਉਨ੍ਹਾਂ ਦੀ ਰੋਜੀ-ਰੋਟੀ ਨੂੰ ਭਾਰੀ ਨੁਕਸਾਨ ਪਹੁੰਚ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਵਿੱਤ ਕਮਿਸਨਰ (ਮਾਲ) ਨੂੰ ਹਦਾਇਤ ਕੀਤੀ ਹੈ ਕਿ ਉਹ ਸਬੰਧਤ ਡਿਪਟੀ ਕਮਿਸਨਰਾਂ ਨੂੰ ਬਾਰਿਸ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਵਿਸੇਸ ਗਿਰਦਾਵਰੀ ਕਰਨ ਲਈ ਵਿਸਤਿ੍ਰਤ ਹਦਾਇਤਾਂ ਜਾਰੀ ਕਰਨ ਤਾਂ ਜੋ ਫਸਲਾਂ, ਬਾਗਾਂ ਤੇ ਘਰਾਂ ਨੂੰ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ‘ਤੇ ਪਤਾ ਲਗਾਇਆ ਜਾ ਸਕੇ।