ਡੈਸਕ- ਬੇਅਦਬੀ ਮਾਮਲਿਆਂ ਨੂੰ ਲੈ ਕੇ ‘ਆਪ’ ਸਰਕਾਰ ਕੋਈ ਢਿੱਲ ਨਹੀਂ ਵਰਤ ਰਹੀ ਹੈ ।ਪੰਜਾਬ ਦੇ ਲੋਕਾਂ ਨੂੰ ਦਿੱਤੀ ਗਾਰੰਟੀ ਮੁਤਾਬਿਕ ਮਾਨ ਸਰਕਾਰ ਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਮਾਮਲਿਆਂ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਹ ਬੇਨਤੀ ਕੀਤੀ ਹੈ ਕਿ ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਜ਼ਾ ਦੇਣ ਬਾਰੇ ਵਿਵਸਥਾਵਾਂ ਵਿੱਚ ਸੋਧ ਕੀਤੀ ਜਾਵੇ। ਸੀਐਮ ਮਾਨ ਨੇ ਇਹ ਵੀ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖਾਂ ਵੱਲੋਂ ਪਵਿੱਤਰ ਗ੍ਰੰਥ ਮੰਨਿਆ ਗਿਆ ਹੈ ਅਤੇ ਇਸੇ ਤਰੀਕੇ ਇਸ ਦਾ ਸਨਮਾਨ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਫਿਰਕੂ ਸਦਭਾਵਨਾ ਕਾਇਮ ਰੱਖਣਾ ਬਹੁਤ ਜ਼ਰੂਰੀ ਹੈ ਅਤੇ ਇਸ ਦੇ ਲਈ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦੀ ਵਿਵਸਥਾ ਹੋਣੀ ਚਾਹੀਦੀ ਹੈ।ਉਹਨਾਂ ਕਿਹਾ ਕਿ ਉਹ ਫਿਰ ਬੇਨਤੀ ਕਰਦੇ ਹਨ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਬਿੱਲਾਂ ’ਤੇ ਰਾਸ਼ਟਰਪਤੀ ਦੇ ਦਸਤਖਤ ਜਲਦੀ ਤੋਂ ਜਲਦੀ ਕਰਵਾ ਦਿੱਤੇ ਜਾਣ।