Site icon TV Punjab | Punjabi News Channel

ਸੂਬੇ ਦੀ ਤਰੱਕੀ ਵਿਚ ਸਹਿਕਾਰਤਾ ਲਹਿਰ ਦਾ ਵਡਮੁੱਲਾ ਯੋਗਦਾਨ : ਸੰਤੋਖ ਸਿੰਘ ਚੌਧਰੀ

ਜਲੰਧਰ : ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਵਿਚ ਸਹਿਕਾਰਤਾ ਲਹਿਰ ਨੇ ਵਡਮੁੱਲਾ ਯੋਗਦਾਨ ਪਾਇਆ ਹੈ । ਇਹ ਪ੍ਰਗਟਾਵਾ ਜਲੰਧਰ ਤੋਂ ਸੰਸਦ ਮੈਂਬਰ ਸ਼੍ਰੀ ਸੰਤੋਖ ਸਿੰਘ ਚੌਧਰੀ ਨੇ ਸਹਿਕਾਰਤਾ ਵਿਭਾਗ, ਜਲੰਧਰ ਵੱਲੋਂ ਰੈਡ ਕਰਾਸ ਭਵਨ ਵਿਖੇ 68ਵੇਂ ਸਹਿਕਾਰੀ ਸਪਤਾਹ ਦਿਵਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਸਹਿਕਾਰਤਾ ਲਹਿਰ ਅਤੇ ਸਹਿਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ, ਜਿਸ ਵੱਲੋਂ ਸਹਿਕਾਰੀ ਅਦਾਰਿਆਂ ਦੀ ਮਜ਼ਬੂਤੀ ਲਈ ਵੱਡੇ ਪੱਧਰ ‘ਤੇ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਇਸ ਮੌਕੇ ਸਹਿਕਾਰੀ ਬੈਂਕਾਂ ਦੇ ਮਹੱਤਵ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਹਿਕਾਰੀ ਬੈਂਕਾਂ ਵੱਲੋਂ ਜਿਥੇ ਕਿਸਾਨਾਂ ਨੂੰ ਸਸਤੀਆਂ ਦਰਾਂ ‘ਤੇ ਕਰਜ਼ੇ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਸ਼ਾਹੂਕਾਰਾਂ ਦੇ ਕਰਜ਼ੇ ਤੋਂ ਨਿਜਾਤ ਦਿਵਾਈ ਗਈ ਹੈ ਉਥੇ ਸਹਿਕਾਰਤਾ ਵਿਭਾਗ ਨਾਲ ਜੁੜੇ ਮਾਰਕਫੈੱਡ ਅਤੇ ਮਿਲਕਫੈੱਡ ਵਰਗੇ ਅਦਾਰਿਆਂ ਵੱਲੋਂ ਸੂਬੇ ਦੇ ਵਿਕਾਸ ਵਿਚ ਅਹਿਮ ਰੋਲ ਅਦਾ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਔਰਤਾਂ ਦੇ ਸੈਲਫ ਗਰੁੱਪ ਬਣਾ ਕੇ ਉਨ੍ਹਾਂ ਨੂੰ ਆਚਾਰ, ਮੁਰੱਬੇ, ਚਟਨੀਆਂ ਆਦਿ ਬਣਾਉਣ ਦੀ ਟ੍ਰੇਨਿੰਗ ਦੇਣ ਉਪਰੰਤ ਸਸਤੀਆਂ ਦਰਾਂ ‘ਤੇ ਕਰਜ਼ੇ ਮੁਹੱਈਆ ਕਰਵਾ ਕੇ ਮਹਿਲਾ ਸਸ਼ਕਤੀਕਰਨ ਵਿਚ ਵੀ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।

ਸੰਸਦ ਮੈਂਬਰ ਨੇ ਕਿਸਾਨਾਂ ਨੂੰ ਸਾਫ਼-ਸੁਥਰੇ ਵਾਤਾਵਰਣ ਲਈ ਪਰਾਲੀ ਸਾੜਨ ਦੇ ਰੁਝਾਨ ਨੂੰ ਤਿਆਗਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਸਬਸਿਡੀ ‘ਤੇ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦੀ ਵਰਤੋਂ ਨਾਲ ਕਿਸਾਨ ਪਰਾਲੀ ਦੀ ਸੁਚੱਜੀ ਸੰਭਾਲ ਕਰਕੇ ਲਾਭ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ-ਸੁਥਰਾ ਪ੍ਰਦੂਸ਼ਣ ਮੁਕਤ ਵਾਤਾਵਰਣ ਪ੍ਰਦਾਨ ਕਰੀਏ। ਇਸ ਮੌਕੇ ਸਹਿਕਾਰੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਸ਼੍ਰੀ ਚੌਧਰੀ ਦਾ ਸਨਮਾਨ ਵੀ ਕੀਤਾ ਗਿਆ।

ਇਸ ਪਹਿਲਾਂ ਸ਼੍ਰੀ ਚੌਧਰੀ ਨੇ ਇਸ ਮੌਕੇ ਵਿਭਾਗ ਨਾਲ ਜੁੜੇ ਵੱਲੋਂ ਤਿਆਰ ਕੀਤੇ ਜਾਂਦੇ ਸਾਮਾਨ ਦੀ ਪ੍ਰਦਰਸ਼ਨੀ ਅਤੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦਾ ਵੀ ਜਾਇਜ਼ਾ ਲਿਆ।

ਅਖੀਰ ਵਿਚ ਡਿਪਟੀ ਰਜਿਸਟਰਾਰ ਡਾ. ਜਗਜੀਤ ਸਿੰਘ ਨੇ ਸੰਸਦ ਮੈਂਬਰ ਦਾ ਸਮਾਗਮ ਵਿਚ ਸ਼ਿਰਕਤ ਕਰਨ ਲਈ ਧੰਨਵਾਦ ਕਰਦਿਆਂ ਸਹਿਕਾਰਤਾ ਵਿਭਾਗ ਦੀਆਂ ਸਕੀਮਾਂ ਅਤੇ ਕਿਸਾਨਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।

ਡਾ. ਸਿੰਘ ਨੇ ਵੀ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਰਜਿਸਟਰਾਰ ਫਿਲੌਰ ਮਲਕੀਤ ਸਿੰਘ, ਸਹਾਇਕ ਰਜਿਸਟਰਾਰ, ਜਲੰਧਰ 1 ਤੇ 2 ਰੋਹਿਤ ਕੁਮਾਰ, ਸ਼ੂਗਰ ਮਿੱਲ ਨਕੋਦਰ ਦੇ ਜਨਰਲ ਮੈਨੇਜਰ ਆਈ.ਪੀ.ਐਸ ਭਾਟੀਆ ਤੇ ਸਹਿਕਾਰੀ ਸਭਾਵਾਂ ਦੇ ਇੰਸਪੈਕਟਰ, ਸਕੱਤਰ ਅਤੇ ਮੈਂਬਰ ਮੌਜੂਦ ਸਨ।

ਟੀਵੀ ਪੰਜਾਬ ਬਿਊਰੋ

Exit mobile version