ਸਿੱਖਿਆ ਮੰਤਰੀ ਬੈਂਸ ਵੱਲੋਂ ਪੰਜਾਬ ਦੇ 30 ਸਕੂਲਾਂ ਨੂੰ ਸਿੱਖਿਆ ਵਿਭਾਗ ਵੱਲੋਂ ‘ਕਾਰਨ ਦੱਸੋ ਨੋਟਿਸ’ ਜਾਰੀ

ਪੰਜਾਬ ਵਿਚ ਪ੍ਰਾਈਵੇਟ ਸਕੂਲਾਂ ਵੱਲੋਂ ਕਿਤਾਬਾਂ ਤੇ ਫੀਸ ਦੇ ਨਾਂ ‘ਤੇ ਲੁੱਟ ਕੀਤੀ ਜਾਂਦੀ ਰਹੀ ਹੈ। ਇਸੇ ਨੂੰ ਕੰਟਰੋਲ ਕਰਨ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਈ-ਮੇਲ ਜਾਰੀ ਕੀਤੀ ਗਈ ਸੀ ਜਿਥੇ ਮਾਪੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਜਾਰੀ ਈ-ਮੇਲ ਐਡਰੈੱਸ ‘ਤੇ ਵੱਡੀ ਗਿਣਤੀ ਵਿਚ ਸ਼ਿਕਾਇਤਾਂ ਮਿਲ ਰਹੀਆਂ ਹਨ।

ਸ਼ਿਕਾਇਤਾਂ ਮਿਲਣ ਤੋਂ ਬਾਅਦ ਸਿੱਖਿਆ ਮੰਤਰੀ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। 30 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਮੰਤਰੀ ਬੈਂਸ ਨੇ ਦੱਸਿਆ ਕਿ ਈ-ਮੇਲ ਜ਼ਰੀਏ 1600 ਤੋਂ ਵੱਧ ਸ਼ਿਕਾਇਤਾਂ ਮਿਲੀਆਂ ਹਨ। ਪ੍ਰਾਪਤ ਹੋਈਆਂ ਸ਼ਿਕਾਇਤਾਂ ਨੂੰ ਜ਼ਿਲ੍ਹਾਵਾਰ ਗਠਿਤ ਟਾਸਕ ਫੋਰਸ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ ਤੇ ਰਇਸ ਤੋਂ ਬਾਅਦ ਟਾਸਕ ਫੋਰਸ ਸਕੂਲਾਂ ਦੌਰਾ ਕਰੇਗੀ ਤੇ ਆਪਣੀ ਰਿਪੋਰਟ ਅੱਗੇ ਰੈਗੂਲੇਟਰੀ ਅਥਾਰਟੀ ਨੂੰ ਸੌਂਪੇਗੀ।

ਮੰਤਰੀ ਬੈਂਸ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਫ਼ੀਸ ਕਿਤਾਬਾਂ ਤੇ ਫੰਡਾਂ ਦੇ ਨਾਂ ’ਤੇ ਲੁੱਟ ਕਿਸੇ ਕੀਮਤ ‘ਤੇ ਨਹੀਂ ਹੋਣ ਦਿੱਤੀ ਜਾਵੇਗੀ। ਜਿਹੜੇ 30 ਨਿੱਜੀ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ਉਨ੍ਹਾਂ ਵੱਲੋਂ ‘ਦੀ ਪੰਜਾਬ ਰੈਗੁਲੇਸਨ ਆਫ ਫੀਸ ਆਫ ਅਨਏਡਿਡ ਐਜੂਕੇਸਨਲ ਇੰਸਟੀਚਿਊਸਨਜ ਬਿੱਲ 2016 ਅਤੇ 2019 ਦੀ ਉਲੰਘਣਾ ਕੀਤੀ ਗਈ ਹੈ ਤੇ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਨੂੰ 7 ਦਿਨਾਂ ਦੇ ਅੰਦਰ-ਅੰਦਰ ਆਪਣਾ ਜਵਾਬ ਦਾਖਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।