ਤਰਨਤਾਰਨ : ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਸੰਧੂ ਦੇ ਸਨਸਨੀਖੇਜ਼ ਕਤਲ ਕੇਸ ਵਿੱਚ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਤਰਨਤਾਰਨ ਤੋਂ ਇਸ ਕੇਸ ਦੇ ਮੁੱਖ ਮੁਲਜ਼ਮ, ਜਿਸ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਬਾਬਾ ਉਰਫ਼ ਰਾਜਾ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਗੁਰਵਿੰਦਰ ਬਾਬਾ ਦੇ ਦੋ ਸਾਥੀਆਂ ਸੰਦੀਪ ਸਿੰਘ ਉਰਫ ਕਾਲਾ ਵਾਸੀ ਅੰਮ੍ਰਿਤਸਰ ਅਤੇ ਗੁਰਪ੍ਰੀਤ ਸਿੰਘ ਉਰਫ ਰੰਧਾਵਾ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ।
ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗਰਨੇਡ, ਇੱਕ ਆਰਡੀਐਕਸ-ਆਈਈਡੀ, ਮੈਗਜ਼ੀਨ ਅਤੇ 13 ਜਿੰਦਾ ਕਾਰਤੂਸ ਸਮੇਤ ਦੋ .30 ਬੋਰ ਪਿਸਤੌਲ, 635 ਗ੍ਰਾਮ ਹੈਰੋਇਨ, 100 ਗ੍ਰਾਮ ਅਫੀਮ, 36.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਮਿਤਸੁਬੀਸ਼ੀ ਲੈਂਸਰ ਕਾਰ ਵੀ ਬਰਾਮਦ ਕੀਤੀ ਹੈ।
ਇਹ ਸਫਲਤਾ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਛੇੜੀ ਜੰਗ ਦੌਰਾਨ ਸਾਹਮਣੇ ਆਈ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਗੁਰਵਿੰਦਰ ਸਿੰਘ ਉਰਫ਼ ਬਾਬਾ, ਜਿਸ ਨੂੰ ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਭਗੌੜਾ ਐਲਾਨਿਆ ਗਿਆ ਹੈ, ਨੇ ਸ਼ੂਟਰਾਂ ਨੂੰ ਹਥਿਆਰ ਪ੍ਰਦਾਨ ਕਰਵਾ ਕੇ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਸੰਧੂ ਦੀ ਹੱਤਿਆ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਵਿੰਦਰ ਬਾਬਾ ਨਾਮੀ ਗੈਂਗਸਟਰਾਂ ਸੁਖਪ੍ਰੀਤ ਸਿੰਘ ਉਰਫ ਹੈਰੀ ਚੱਠਾ ਅਤੇ ਸੁਖਮੀਤਪਾਲ ਸਿੰਘ ਉਰਫ ਸੁੱਖ ਭਿਖਾਰੀਵਾਲਾ, ਜੋ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਦੇ ਕਤਲ ਕੇਸ ਦੇ ਮੁੱਖ ਸ਼ੱਕੀ ਹੈ, ਦਾ ਨਜ਼ਦੀਕੀ ਸਾਥੀ ਹੈ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਵਿਸਫੋਟਕ, ਹਥਿਆਰ ਅਤੇ ਗੋਲਾ ਬਾਰੂਦ ਦੀ ਵਰਤੋਂ ਆਜ਼ਾਦੀ ਦਿਵਸ ਮੌਕੇ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਅਤੇ ਦਹਿਸ਼ਤ ਦੀ ਭਾਵਨਾ ਪੈਦਾ ਕਰਨ ਲਈ ਕੀਤੀ ਜਾਣੀ ਸੀ।