ਧਾਲੀਵਾਲ ਹੱਥੋਂ ਜੂਸ ਪੀ ਡੱਲੇਵਾਲ ਨੇ ਖਤਮ ਕੀਤਾ ਮਰਨ ਵਰਤ, ਸਰਕਾਰ ਨਾਲ ਬਣੀ ਸਹਿਮਤੀ

ਫਰੀਦਕੋਟ- ਫਰੀਦਕੋਟ ਵਿਚ ਮਰਨ ਵਰਤ ‘ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਮਰਨ ਵਰਤ ਖਤਮ ਕਰ ਦਿੱਤਾ ਹੈ। ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਡੱਲੇਵਾਲ ਨੂੰ ਮਨਾਉਣ ਵਿਚ ਲੱਗੇ ਹੋਏ ਸਨ। ਬੀਤੀ ਰਾਤ ਮੰਗਾਂ ਨੂੰ ਲੈ ਕੇ ਸਹਿਮਤੀ ਬਣੀ। ਖੇਤੀ ਮੰਤਰੀ ਦੀ ਕਿਸਾਨਾਂ ਦੇ ਨਾਲ ਲਗਭਗ ਡੇਢ ਘੰਟੇ ਤੱਕ ਬੈਠਕ ਚੱਲੀ। ਸਰਕਾਰ ਨੇ ਕੁਝ ਮੰਗਾਂ ਨੂੰ ਲੈ ਕੇ 16 ਦਸੰਬਰ ਨੂੰ ਕਿਸਾਨ ਸੰਗਠਨਾਂ ਨਾਲ ਚੰਡੀਗੜ੍ਹ ਵਿਚ ਮੀਟਿੰਗ ਬੁਲਾਈ ਹੈ।

ਖੇਤੀ ਮੰਤਰੀ ਧਾਲੀਵਾਲ ਨੇ ਜੂਸ ਪਿਲਾ ਕੇ ਡੱਲੇਵਾਲ ਦਾ ਮਰਨ ਵਰਤ ਖਤਮ ਕਰਵਾਇਆ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਨੇ ਉਨ੍ਹਾਂ ਦੇ ਹੱਥੋਂ ਜੂਸ ਪੀ ਕੇ ਮਰਨ ਵਰਤ ਸਮਾਪਤ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ‘ਆਪ’ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਹਨ ਜਿਨ੍ਹਾਂ ਦੀ ਨੀਅਤ ਅਤੇ ਨੀਤੀਆਂ ਵਿੱਚ ਕੋਈ ਕਸੂਰ ਨਹੀਂ ਹੈ।

ਦੱਸ ਦੇਈਏ ਕਿ ਕਿਸਾਨਾਂ ਇਨ੍ਹਾਂ ਮੰਗਾਂ ਲਈ ਧਰਨਾ ਕਰ ਰਹੇ ਸਨ। ਭਾਰਤ ਮਾਲਾ ਪ੍ਰਾਜੈਕਟ ਤਹਿਤ ਬਣਨ ਵਾਲੇ ਹਾਈਵੇਅ ’ਚ ਆਉਣ ਵਾਲੀ ਜ਼ਮੀਨ ਦਾ ਗਲਤ ਮੁਆਵਜ਼ਾ ਦੇਣ ’ਤੇ ਸਬੰਧਤ ਅਧਿਕਾਰੀਆਂ ਨੂੰ ਸਸਪੈਂਡ ਕੀਤਾ ਜਾਵੇ। ਪਿੰਕ ਬਲਾਈਟ ਅਤੇ ਹੜ੍ਹ, ਚਾਈਨਾ ਵਾਇਰਸ ਅਤੇ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਨਰਮੇ ਦਾ ਸਹੀ ਮੁਆਵਜ਼ਾ ਦਿੱਤਾ ਜਾਵੇ। ਦਿੱਲੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਦਰਜ ਕੀਤਾ ਗਿਆ ਕੇਸ ਅਤੇ ਰੇਡ ਐਂਟਰੀ ਰੱਦ ਕੀਤੀ ਜਾਵੇ। ਗੁਰੂ ਕਾਸ਼ੀ ਯੂਨੀਵਰਸਿਟੀ ਦੇ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਚਾਂਸਲਰ ਖਿਲਾਫ ਕਾਰਵਾਈ ਕੀਤੀ ਜਾਵੇ।