ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ 107.59 ਲੱਖ ਦੇ ਕਰਜ਼ਾ ਰਾਹਤ ਸਕੀਮ ਦੇ ਚੈੱਕ ਵੰਡੇ

ਜਲੰਧਰ : ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਸ਼ੁਰੂ ਕੀਤੀ ਗਈ ਕਰਜ਼ਾ ਰਾਹਤ ਸਕੀਮ ਤਹਿਤ ਅੱਜ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਵੱਲੋਂ ਕਰਤਾਰਪੁਰ ਹਲਕੇ ਵਿੱਚ ਪੈਂਦੀਆਂ ਸਹਿਕਾਰੀ ਸਭਾਵਾਂ ਧਾਲੀਵਾਲ ਕਾਦੀਆਂ, ਵਡਾਲਾ ਜਦੀਦ ਅਤੇ ਲਾਂਬੜਾ ਦੇ 474 ਲਾਭਪਾਤਰੀਆਂ ਨੂੰ ਲਗਭਗ 107.59 ਲੱਖ ਰੁਪਏ ਦੇ ਕਰਜ਼ਾ ਰਾਹਤ ਦੇ ਚੈੱਕ ਤਕਸੀਮ ਕੀਤੇ ਗਏ।

ਇਸ ਮੌਕੇ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਰਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਸ਼ੁਰੂ ਕੀਤੀ ਗਈ ਕਰਜ਼ਾ ਰਾਹਤ ਸਕੀਮ ਲਾਭਪਾਤਰੀਆਂ ਲਈ ਵਰਦਾਨ ਸਿੱਧ ਹੋ ਰਹੀ ਹੈ।

ਉਨ੍ਹਾਂ ਦੱਸਿਆ ਕਿ ਅੱਜ ਸਹਿਕਾਰੀ ਸਭਾਵਾਂ ਧਾਲੀਵਾਲ ਕਾਦੀਆਂ ਦੇ 158 ਮੈਂਬਰਾਂ ਨੂੰ 34.28 ਲੱਖ ਰੁਪਏ, ਸਹਿਕਾਰੀ ਸਭਾਵਾਂ ਵਡਾਲਾ ਦੇ 98 ਮੈਂਬਰਾਂ ਨੂੰ 19.15 ਲੱਖ ਰੁਪਏ ਅਤੇ ਸਹਿਕਾਰੀ ਸਭਾਵਾਂ ਲਾਂਬੜਾ ਦੇ 218 ਮੈਂਬਰਾਂ ਨੂੰ 54.16 ਲੱਖ ਰੁਪਏ ਦੇ ਕਰਜ਼ਾ ਰਾਹਤ ਸਕੀਮ ਤਹਿਤ ਚੈਕ ਸੌਂਪੇ ਗਏ ਹਨ।

ਇਸ ਮੌਕੇ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਖੇਤਾਂ ਵਿੱਚ ਹੀ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਲਈ ਪ੍ਰੇਰਿਤ ਕਰਦਿਆਂ ਵਾਤਾਵਰਣ ਨੂੰ ਸਾਫ਼ ਸੁਥਰਾ ਅਤੇ ਸਵੱਛ ਰੱਖਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਗਰੁੱਪਾਂ ਅਤੇ ਕੋਆਪ੍ਰੇਟਿਵ ਸੁਸਾਇਟੀਆਂ ਨੂੰ ਸਬਸਿਡੀ ‘ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦੀ ਵਰਤੋਂ ਕਰਕੇ ਕਿਸਾਨ ਖੇਤਾਂ ਵਿਚ ਹੀ ਪਰਾਲੀ ਦੀ ਸੁਚੱਜੀ ਸੰਭਾਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰੇ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਨੂੰ ਯਕੀਨੀ ਬਣਾਈਏ।

ਇਸ ਮੌਕੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਜਲੰਧਰ-2 ਰੋਹਿਤ ਕੁਮਾਰ ਅਤੇ ਦਿ ਜਲੰਧਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਜ਼ਿਲ੍ਹਾ ਮੈਨੇਜਰ ਸਤਨਾਮ ਸਿੰਘ ਪੱਡਾ ਨੇ ਆਏ ਹੋਏ ਕਿਸਾਨਾਂ ਨੂੰ ਸਹਿਕਾਰਤਾ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਾਤਾਵਰਣ ਦੀ ਸੰਭਾਲ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਸਤੇ ਪ੍ਰੇਰਿਤ ਕੀਤਾ।

ਟੀਵੀ ਪੰਜਾਬ ਬਿਊਰੋ