ਨਹੀਂ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ, ਰਾਸ਼ਟਰਪਤੀ, ਪੀ.ਐੱਮ ਅਤੇ ਸੀ.ਐੱਮ ਨੇ ਜਤਾਇਆ ਸੋਗ

ਡੈਸਕ- ਪੰਜਾਬ ਦੇ ਨਾਲ ਨਾਲ ਦੇਸ਼ ਦੀ ਸਿਆਸਤ ਚ ਬਾਬਾ ਬੋਹੜ ਦੇ ਨਾਂ ਵਜੋਂ ਜਾਣੇ ਜਾਂਦੇ ਸ਼੍ਰੌਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਬੀਤੀ ਰਾਤ ਅਕਾਲ ਚਲਾਨਾ ਕਰ ਗਏ। ਮੋਹਾਲੀ ਦੇ ਫੋਰਟਿਸ ਹਸਪਤਾਲ ਚ ਉਨ੍ਹਾਂ ਆਖਿਰੀ ਸਾਹ ਲਏ । ਉਹ ਅਸਥਮੇ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਕੁੱਝ ਦਿਨਾਂ ਤੋਂ ਹਸਪਤਾਲ ਚ ਭਰਤੀ ਸਨ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਕਿ -ਸ. ਪ੍ਰਕਾਸ਼ ਸਿੰਘ ਬਾਦਲ ਜੀ ਦੇ ਦੇਹਾਂਤ ‘ਤੇ ਬਹੁਤ ਦੁੱਖ ਹੋਇਆ। ਉਹ ਭਾਰਤੀ ਰਾਜਨੀਤੀ ਦੀ ਇੱਕ ਵਿਸ਼ਾਲ ਸ਼ਖਸੀਅਤ ਅਤੇ ਇੱਕ ਕਮਾਲ ਦੇ ਰਾਜਨੇਤਾ ਸਨ ਜਿਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਯੋਗਦਾਨ ਪਾਇਆ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਨਾਜ਼ੁਕ ਸਮਿਆਂ ਵਿੱਚ ਸੂਬੇ ਨੂੰ ਤਰੱਕੀ ਵੱਲ ਤੋਰਿਆ।

ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਟਵੀਟ ਕੀਤਾ। ਉਨ੍ਹਾਂ ਲਿਖਿਆ ਕਿ-ਸ.ਪ੍ਰਕਾਸ਼ ਸਿੰਘ ਬਾਦਲ ਆਜ਼ਾਦੀ ਤੋਂ ਬਾਅਦ ਦੇ ਸਭ ਤੋਂ ਵੱਡੇ ਸਿਆਸੀ ਨੇਤਾਵਾਂ ਵਿੱਚੋਂ ਇੱਕ ਸਨ। ਭਾਵੇਂ ਲੋਕ ਸੇਵਾ ਵਿੱਚ ਉਨ੍ਹਾਂ ਦਾ ਮਿਸਾਲੀ ਕੈਰੀਅਰ ਜ਼ਿਆਦਾਤਰ ਪੰਜਾਬ ਤੱਕ ਹੀ ਸੀਮਤ ਰਿਹਾ, ਪਰ ਦੇਸ਼ ਭਰ ਵਿੱਚ ਉਨ੍ਹਾਂ ਦਾ ਸਤਿਕਾਰ ਕੀਤਾ ਗਿਆ। ਉਨ੍ਹਾਂ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ।

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਲਿਖਿਆ ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਜੀ ਇੱਕ ਰਾਜਨੀਤਿਕ ਆਗੂ ਸਨ ਜਿਨ੍ਹਾਂ ਨੇ ਕਈ ਦਹਾਕਿਆਂ ਤੱਕ ਪੰਜਾਬ ਦੀ ਰਾਜਨੀਤੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਆਪਣੇ ਲੰਬੇ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਜੀਵਨ ਵਿੱਚ, ਉਨ੍ਹਾਂ ਨੇ ਕਿਸਾਨਾਂ ਅਤੇ ਸਾਡੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਕਈ ਮਹੱਤਵਪੂਰਨ ਯੋਗਦਾਨ ਪਾਇਆ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ. ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਸਾਂਝਾ ਕਰਦਿਆਂ ਕਿਹਾ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਬੇਹੱਦ ਦੁਖਦ ਜਾਣਕਾਰੀ ਮਿਲੀ। ਵਾਹਿਗੁਰੂ ਜੀ ਉਨ੍ਹਾਂ ਦੀ ਆਤਮਾ ਨੂੰ ਆਪਣੇ ਸ਼੍ਰੀ ਚਰਨਾਂ ਵਿਚ ਥਾਂ ਦੇਣ। ਮੇਰੀ ਹਮਦਰਦੀ ਸੁਖਬੀਰ ਬਾਦਲ ਜੀ ਤੇ ਉਨ੍ਹਾਂ ਦੇ ਪਰਿਵਾਰ ਨਾਲ ਹੈ।