Site icon TV Punjab | Punjabi News Channel

ਉੱਪ ਮੁੱਖ ਮੰਤਰੀ ਵੱਲੋਂ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ

ਜਲੰਧਰ : ਉੱਪ ਮੁੱਖ ਮੰਤਰੀ ਪੰਜਾਬ ਸ੍ਰੀ ਓ.ਪੀ.ਸੋਨੀ ਨੇ ਅੱਜ ਪੰਜਾਬ ਵਾਲਮੀਕਿ ਵੈੱਲਫੇਅਰ ਕਮੇਟੀ ਵੱਲੋਂ ਆਯੋਜਿਤ ਸ਼ੋਭਾ ਯਾਤਰਾ ਦੀ ਸ਼ੁਰੂਆਤ ਕਰਦਿਆਂ ਸ਼ਰਧਾਲੂਆਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ ਦਿੱਤਾ।

ਇਸ ਸ਼ੋਭਾ ਯਾਤਰਾ ਵਿੱਚ ਕੈਬਨਿਟ ਮੰਤਰੀ ਸ੍ਰੀ ਰਾਣਾ ਗੁਰਜੀਤ ਸਿੰਘ, ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਅਤੇ ਪਦਮਸ੍ਰੀ ਵਿਜੈ ਚੋਪੜਾ ਵੱਲੋਂ ਵੀ ਸ਼ਿਰਕਤ ਕੀਤੀ ਗਈ। ਉੱਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਨੇ ਪਵਿੱਤਰ ‘ਰਮਾਇਣ’ ਦੀ ਰਚਨਾ ਕਰਕੇ ਬਦੀ ਉਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੱਤਾ।

ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਵੱਲੋਂ ਸਦੀਆਂ ਪਹਿਲਾਂ ਰਚਿਤ ਮਹਾਂਕਾਵਿ ਵਿਚ ਆਦਰਸ਼ ਜੀਵਨ ਬਤੀਤ ਕਰਨ ਦੀ ਸਿੱਖਿਆ ਦਿੱਤੀ ਗਈ ਹੈ। ਵੱਖ-ਵੱਖ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਅਜਿਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਸ ਸਦਕਾ ਜਿਥੇ ਭਗਵਾਨ ਵਾਲਮੀਕਿ ਜੀ ਵੱਲੋਂ ਭਾਈਚਾਰਕ ਸਾਂਝ ਵਾਲੇ ਸਮਾਜ ਦੀ ਸਿਰਜਣਾ ਦੇ ਸੁਨੇਹੇ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ, ਉਥੇ ਹੀ ਨੌਜਵਾਨਾਂ ਨੂੰ ਦੇਸ਼ ਅਤੇ ਸਮਾਜ ਦੀ ਤਰੱਕੀ ਲਈ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਇਕ ਚਾਨਣ ਮੁਨਾਰੇ ਵਜੋਂ ਕੰਮ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਅੱਜ ਦੇ ਸਮੇਂ ਵਿਚ ਵੀ ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਨੂੰ ਮਜ਼ਬੂਤ ਬਣਾਈ ਰੱਖਣ ਵਿਚ ਬਹੁਤ ਕਾਰਗਰ ਸਿੱਧ ਹੋ ਰਹੀਆਂ ਹਨ।

ਇਸ ਮੌਕੇ ਕਮੇਟੀ ਦੇ ਪ੍ਰਤੀਨਿਧੀਆਂ ਵੱਲੋਂ ਉੱਪ ਮੁੱਖ ਮੰਤਰੀ, ਕੈਬਨਿਟ ਮੰਤਰੀ, ਲੋਕ ਸਭਾ ਮੈਂਬਰ ਸਮੇਤ ਅਹਿਮ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਸ੍ਰੀ ਰਜਿੰਦਰ ਬੇਰੀ, ਸ੍ਰੀ ਅਵਤਾਰ ਸਿੰਘ ਜੂਨੀਅਰ, ਮੇਅਰ ਜਗਦੀਸ਼ ਰਾਜ ਰਾਜਾ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਸ੍ਰੀ ਨੌਨਿਹਾਲ ਸਿੰਘ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸ੍ਰੀ ਦਲਜੀਤ ਸਿੰਘ ਆਹਲੂਵਾਲੀਆ, ਕੌਂਸਲਰ ਸ੍ਰੀਮਤੀ ਜਸਲੀਨ ਸੇਠੀ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ।

ਟੀਵੀ ਪੰਜਾਬ ਬਿਊਰੋ

Exit mobile version