ਵਿਕਾਸ ਕਾਰਜ 15 ਨਵੰਬਰ ਤੱਕ ਮੁਕੰਮਲ ਕਰ ਲਏ ਜਾਣਗੇ : ਪਰਗਟ ਸਿੰਘ

ਜਲੰਧਰ : ਪੰਜਾਬ ਦੇ ਸਿੱਖਿਆ ਅਤੇ ਖੇਡ ਮੰਤਰੀ ਪਰਗਟ ਸਿੰਘ ਨੇ ਐਲਾਨ ਕੀਤਾ ਕਿ ਜਲੰਧਰ ਕੈਂਟ ਹਲਕੇ ਵਿਚ ਵਿਕਾਸ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ ਅਤੇ ਸਮੁੱਚੇ ਕਾਰਜ 15 ਨਵੰਬਰ 2021 ਤੱਕ ਕੰਮ ਮੁਕੰਮਲ ਕਰ ਲਏ ਜਾਣਗੇ।

ਸ਼ਹਿਰਾਂ ਵਰਗਾ ਬੁਨਿਆਦੀ ਢਾਂਚਾ ਮੁਹੱਈਆ ਕਰਵਾ ਕੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਮੁੱਚੇ ਕਾਰਜਾਂ ਦੀ ਬਾਕਾਇਦਾ ਸਮੀਖਿਆ ਕੀਤੀ ਜਾ ਰਹੀ ਹੈ ਤਾਂ ਜੋ ਨਿਰਧਾਰਿਤ ਸਮੇਂ ਵਿਚ ਇਨ੍ਹਾਂ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾ ਸਕੇ।

ਸਰਹਾਲੀ, ਦਾਦੂਵਾਲ ਅਤੇ ਸਮਰਾਏ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨਾਲ ਪਿੰਡ ਸਰਹਾਲੀ ਵਿਖੇ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ ਕਿ ਸੀਵਰੇਜ, ਪਾਣੀ ਦੀ ਸਪਲਾਈ, ਸੜਕਾਂ, ਸਟਰੀਟ ਲਾਈਟਾਂ ਦੇ ਕੰਮਾਂ ਸਮੇਤ ਵਿਕਾਸ ਪ੍ਰਾਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਹਲਕੇ, ਖਾਸ ਕਰਕੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਹੋਰ ਹੁਲਾਰਾ ਦੇਣਗੇ। ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ ਦੱਸਿਆ ਕਿ ਨਵੇਂ ਖੇਡ ਮੈਦਾਨਾਂ ਅਤੇ ਸਕੂਲਾਂ ਦੀਆਂ ਇਮਾਰਤਾਂ ਦੀ ਸਥਾਪਨਾ ਕਰਕੇ ਪਿੰਡਾਂ ਵਿਚ ਵਿੱਦਿਅਕ ਅਤੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਖੇਡ ਮੰਤਰੀ ਹੋਣ ਦੇ ਨਾਤੇ, ਇਨ੍ਹਾਂ ਦੋ ਪ੍ਰਮੁੱਖ ਖੇਤਰਾਂ ਨੂੰ ਹੋਰ ਬਿਹਤਰ ਬਣਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ, ਜੋ ਕਿ ਇਕ ਸਿੱਖਿਅਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਕੇ ਲੋਕਾਂ ਦੇ ਜੀਵਨ ਨੂੰ ਬਦਲਣ ਵਿਚ ਸਹਾਈ ਸਿੱਧ ਹੋਵੇਗਾ।

ਪਰਗਟ ਸਿੰਘ ਨੇ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਵਿਚ ਭਾਗੀਦਾਰ ਬਣ ਕੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਸੂਬਾ ਸਰਕਾਰ ਨਾਲ ਹੱਥ ਮਿਲਾਉਣ ਦਾ ਸੱਦਾ ਵੀ ਦਿੱਤਾ।

ਇਸ ਮੌਕੇ ਪਰਗਟ ਸਿੰਘ ਨੇ ਪੰਚਾਇਤਾਂ ਪਾਸੋਂ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਫੀਡਬੈਕ ਹਾਸਿਲ ਕਰਦਿਆਂ ਕਿਹਾ ਕਿ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਟੀਵੀ ਪੰਜਾਬ ਬਿਊਰੋ