ਚੰਡੀਗੜ੍ਹ- ਪੰਜਾਬ ਵਿਚ ਦਿਨੋਂ-ਦਿਨ ਖਰਾਬ ਹੋ ਰਹੇ ਮਾਹੌਲ ਨੂੰ ਦੇਖਦਿਆਂ ਡੀਜੀਪੀ ਗੌਰਵ ਯਾਦਵ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਨਫਰਤੀ ਤੇ ਭੜਕਾਊ ਭਾਸ਼ਣ ਦੇਣ ਵਾਲਿਆਂ ਦੀ ਹੁਣ ਖੈਰ ਨਹੀਂ, ਉਨ੍ਹਾਂ ਖਿਲਾਫ ਪੁਲਿਸ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਧਰਮ, ਜਾਤੀ ਖਿਲਾਫ ਗਲਤ ਭਾਸ਼ਣ ਦਿੰਦਾ ਹੈ ਤਾਂ ਉਸ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਇਹ ਬਿਆਨ ਡੀਜੀਪੀ ਵੱਲੋਂ ਲੁਧਿਆਣਾ ਪਹੁੰਚਣ ‘ਤੇ ਦਿੱਤਾ ਗਿਆ ਤੇ ਨਾਲ ਹੀ ਉਨ੍ਹਾਂ ਨੇ ਇਸ ਕੰਮ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ।
ਦੱਸ ਦੇਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ‘ਗਨ ਕਲਚਰ’ ‘ਤੇ ਰੋਕ ਲਗਾਉਣ ਲਈ ਸਾਰੇ ਹਥਿਆਰ ਲਾਇਸੈਂਸਾਂ ਦੀ ਸਮੀਖਿਆ ਦੇ ਹੁਕਮ ਦਿੱਤੇ ਤੇ ਅਗਲੇ ਤਿੰਨ ਮਹੀਨੇ ਤੱਕ ਨਵਾਂ ਲਾਇਸੈਂਸ ਜਾਰੀ ਕਰਨ ‘ਤੇ ਰੋਕ ਲਗਾਉਣ ਦਾ ਐਲਾਨ ਕੀਤਾ।
ਇਸੇ ਤਰ੍ਹਾਂ ਇਹ ਵੀ ਹੁਕਮ ਦਿੱਤਾ ਗਿਆ ਹੈ ਕਿ ਅਗਲੇ ਤਿੰਨ ਮਹੀਨਿਆਂ ਦੌਰਾਨ ਕੋਈ ਵੀ ਨਵਾਂ ਲਾਇਸੈਂਸ ਆਮ ਤੌਰ ‘ਤੇ ਜਾਰੀ ਨਾ ਕੀਤਾ ਜਾਵੇ ਅਤੇ ਕਿਹਾ ਗਿਆ ਹੈ ਕਿ ਲਾਇਸੈਂਸ ਸਿਰਫ਼ ਉਸ ਸਥਿਤੀ ਵਿਚ ਹੀ ਜਾਰੀ ਕੀਤਾ ਜਾਵੇ ਜਿੱਥੇ ਅਸਲ ਵਿਚ ਇਸ ਦੀ ਬਹੁਤ ਜ਼ਿਆਦਾ ਲੋੜ ਹੋਵੇ ਅਤੇ ਬਿਨੈਕਾਰ ਅਸਲਾ ਲਾਇਸੈਂਸ ਜਾਰੀ ਕਰਨ ਵਾਲੀ ਅਥਾਰਟੀ ਹੋਵੇ। ਦਿੱਤਾ ਤਰਕ ਨਾਲ ਪੂਰੀ ਤਰ੍ਹਾਂ ਸੰਤੁਸ਼ਟ ਹੋਣਾ ਚਾਹੀਦਾ ਹੈ। ਸ਼ੋਸ਼ਲ ਮੀਡੀਆ ਪਲੇਟਫਾਰਮਾਂ ਸਮੇਤ ਹਥਿਆਰਾਂ ਅਤੇ ਗੋਲਾ ਬਾਰੂਦ ਦੇ ਜਨਤਕ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਵੀ ਦਿੱਤੇ ਗਏ ਹਨ।
ਜ਼ਿਕਰਯੋਗ ਹੈ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਕਰਨ ਲਈ ਸਰਚ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਗਲਤ ਅਨਸਰਾਂ ਨੂੰ ਨੱਥ ਪਾਈ ਜਾ ਸਕੇ ਤੇ ਸੂਬੇ ਦਾ ਮਾਹੌਲ ਸ਼ਾਂਤੀਪੂਰਨ ਬਣਾਇਆ ਜਾ ਸਕੇ। ਇਸ ਮੌਕੇ ਡੀਜੀਪੀ ਨਾਲ ਏਡੀਜੀਪੀ ਗੁਰਪ੍ਰੀਤ ਦਿਓ ਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ।