ਅੰਮ੍ਰਿਤਸਰ- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਸੁਪਰੀਮ ਕੋਰਟ ਵਲੋਂ ਮਾਨਤਾ ਵਿਰੁੱਧ ਭਾਰਤ ਸਰਕਾਰ ਤਰਫੋਂ ਨਜ਼ਰਸਾਨੀ ਪਟੀਸ਼ਨ ਪਾਉਣ ਦੀ ਮੰਗ ਕੀਤੀ ਹੈ । ਗ੍ਰਹਿ ਮੰਤਰੀ ਨੂੰ ਲਿਖੇ ਗਏ ਪੱਤਰ ਵਿਚ ਪ੍ਰਧਾਨ ਧਾਮੀ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕਿਸੇ ਤਰ੍ਹਾਂ ਦੀ ਸੋਧ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਦੀਆਂ ਸਿਫਾਰਸ਼ਾਂ ਸਹਿਤ ਕੇਵਲ ਭਾਰਤ ਸਰਕਾਰ ਪਾਸ ਹੈ, ਜਿਸ ਤਹਿਤ ਇਸ ਐਕਟ ਵਿਚ ਸੂਬਾ ਸਰਕਾਰਾਂ ਕੋਈ ਦਖ਼ਲ ਨਹੀਂ ਦੇ ਸਕਦੀਆਂ । ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵਲੋਂ ਵੱਖਰੀ ਗੁਰਦੁਆਰਾ ਕਮੇਟੀ ਸੰਬੰਧੀ ਬਣਾਇਆ ਗਿਆ ਐਕਟ ਗੈਰ-ਸੰਵਿਧਾਨਕ ਹੈ, ਜਿਸ ਦੀ ਮਾਨਤਾ ਤੁਰੰਤ ਰੱਦ ਕੀਤੀ ਜਾਣੀ ਚਾਹੀਦੀ ਹੈ । ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਉਕਤ ਦੇ ਮੱਦੇਨਜ਼ਰ ਭਾਰਤ ਸਰਕਾਰ ਵਲੋਂ ਸੁਪਰੀਮ ਕੋਰਟ ਅੰਦਰ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਜਾਵੇ ਅਤੇ ਇਸ ਦੇ ਨਾਲ ਹੀ ਸੰਸਦ ਅੰਦਰ ਹਰਿਆਣਾ ਕਮੇਟੀ ਐਕਟ ਨੂੰ ਰੱਦ ਕਰਨ ਲਈ ਆਰਡੀਨੈਂਸ ਪਾਸ ਕੀਤਾ ਜਾਵੇ ।