Site icon TV Punjab | Punjabi News Channel

ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ : ਵਧੀਕ ਡਿਪਟੀ ਕਮਿਸ਼ਨਰ

ਜਲੰਧਰ : ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੇ ਜਾਇਜ਼ ਮਸਲਿਆਂ ਦੇ ਜਲਦੀ ਤੋਂ ਜਲਦੀ ਹੱਲ ਨੂੰ ਯਕੀਨੀ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਅਮਰਜੀਤ ਬੈਂਸ ਨੇ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕੀਤਾ।

ਵਧੀਕ ਡਿਪਟੀ ਕਮਿਸ਼ਨਰ ਨੇ ਸੰਘਰਸ਼ ਕਮੇਟੀ ਦੀਆਂ ਮੰਗਾਂ ਨੂੰ ਗੌਰ ਨਾਲ ਸੁਣਦਿਆਂ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਸਥਾਨਕ ਪੱਧਰ ਦੀਆਂ ਮੰਗਾਂ ਦਾ ਹੱਲ ਜਲਦੀ ਤੋਂ ਜਲਦੀ ਕੀਤੇ ਜਾਣ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਜਥੇਬੰਦੀਆਂ ਦੀਆਂ ਸਰਕਾਰ ਪੱਧਰ ਦੀਆਂ ਮੰਗਾਂ ਸਰਕਾਰ ਨੂੰ ਭੇਜ ਦਿੱਤੀਆਂ ਜਾਣਗੀਆਂ। ਡੀ.ਏ.ਪੀ. ਖਾਦ ਸਬੰਧੀ ਸ਼੍ਰੀ ਬੈਂਸ ਨੇ ਦੱਸਿਆ ਕਿ ਸਹਿਕਾਰੀ ਸੁਸਾਇਟੀਆਂ ਵਿੱਚ ਡੀ.ਏ.ਪੀ. ਦੀ ਕੋਈ ਕਮੀ ਨਹੀਂ ਹੈ ।

ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਸਹੂਲਤ ਲਈ ਕੀੜੇਮਾਰ ਦਵਾਈਆਂ ਤੇ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ‘ਤੇ ਰੇਟ ਲਿਸਟ ਅਤੇ ਸਟਾਕ ਸਬੰਧੀ ਜਾਣਕਾਰੀ ਲਿਖ ਕੇ ਲਾਉਣ ਦੀਆਂ ਹਦਾਇਤਾਂ ਦਿੱਤੀਆਂ ਅਤੇ ਨਾਲ ਹੀ ਇਹ ਵੀ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਦੁਕਾਨਦਾਰ ਵੱਲੋਂ ਖਾਦ ਦੀ ਵੱਧ ਕੀਮਤ ਵਸੂਲੇ ਜਾਣ ਜਾਂ ਧੱਕੇ ਨਾਲ ਕੋਈ ਹੋਰ ਦਵਾਈ ਨਾਲ ਵੇਚੇ ਜਾਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇ।

ਜ਼ਿਲ੍ਹਾ ਪ੍ਰਸ਼ਾਸਨ ਦੀ ਕਿਸਾਨਾਂ ਦੇ ਮਸਲਿਆਂ ਨੂੰ ਤਰਜੀਹ ਦੇਣ ਦੀ ਵਚਨਬੱਧਤਾ ਦਹੁਰਾਉਂਦਿਆਂ ਉਨ੍ਹਾਂ ਦੱਸਿਆ ਕਿ ਮੀਂਹ ਕਾਰਨ ਨੁਕਸਾਨੀ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ ਅਤੇ ਪਟਵਾਰੀਆਂ ਨੂੰ ਪਹਿਲਾਂ ਹੀ ਪਿੰਡ-ਪਿੰਡ ਮੌਕੇ ‘ਤੇ ਜਾ ਕੇ ਗਿਰਦਾਵਰੀ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ।

ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਫ਼ਸਲ ਦੀ ਸਮੁੱਚੀ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਐਸ.ਡੀ.ਐਮ. ਸ਼ਾਹਕੋਟ ਲਾਲ ਵਿਸ਼ਵਾਸ, ਸਕੱਤਰ ਆਰ.ਟੀ.ਏ. ਅਮਿਤ ਮਹਾਜਨ, ਜ਼ਿਲ੍ਹਾ ਮਾਲ ਅਫ਼ਸਰ ਪਰਮਜੀਤ ਸਿੰਘ, ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਹਰਸ਼ਰਨ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਮੁਕੇਸ਼ ਕੈਲੇ, ਡੀ.ਐਸ.ਪੀ. (ਹੈੱਡ ਕੁਆਰਟਰ) ਅਜੈ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਨੁਮਾਇੰਦੇ ਮੌਜੂਦ ਸਨ।

ਟੀਵੀ ਪੰਜਾਬ ਬਿਊਰੋ

Exit mobile version