ਡੈਸਕ- ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਅੱਜ ਤੋਂ ਰਾਤ 12 ਵਜੇ ਤੱਕ ਓਪੀਡੀ ਦੀ ਸਹੂਲਤ ਨਹੀਂ ਹੋਵੇਗੀ। ਪੰਜਾਬ ‘ਚ ਡਾਕਟਰ ਅੱਜ ਤਿੰਨ ਘੰਟੇ ਦੀ ਹੜਤਾਲ ‘ਤੇ ਰਹਿਣਗੇ। ਸ਼ਨੀਵਾਰ ਦੇਰ ਸ਼ਾਮ ਪੰਜਾਬ ਸਰਕਾਰ ਨੇ ਡਾਕਟਰਾਂ ਨੂੰ ਇੱਕ ਪੱਤਰ ਲਿਖਿਆ ਸੀ ਜਿਸ ਵਿੱਚ ਉਨ੍ਹਾਂ ਨੂੰ ਹੜਤਾਲ ਨਾ ਕਰਨ ਦੀ ਅਪੀਲ ਕੀਤੀ ਗਈ ਸੀ। ਪਰ ਡਾਕਟਰਾਂ ਨੇ ਹੜਤਾਲ ਰੱਦ ਕਰਨ ਦਾ ਫੈਸਲਾ ਨਹੀਂ ਕੀਤਾ ਹੈ ਸਗੋਂ ਹੜਤਾਲ ਨੂੰ ਤਿੰਨ ਪੜਾਵਾਂ ਵਿੱਚ ਵੰਡ ਦਿੱਤਾ ਹੈ। ਡਾਕਟਰਾਂ ਦੀ ਮੰਗ ਹੈ ਕਿ ਹਸਪਤਾਲਾਂ ਵਿੱਚ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਰੈਗੂਲਰ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ।
ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਇਹ ਫੈਸਲਾ ਸਰਕਾਰ ਵੱਲੋਂ ਹੜਤਾਲ ਤੇ ਜਾਣ ਦਾ ਭਰੋਸਾ ਮਿਲਣ ਮਗਰੋਂ ਲਿਆ ਹੈ। ਡਾਕਟਰਾਂ ਦੀਆਂ ਮੰਗਾਂ ਨੂੰ ਲੈ ਕੇ 11 ਸਤੰਬਰ ਨੂੰ ਸਰਕਾਰ ਨਾਲ ਮੀਟਿੰਗ ਹੋਵੇਗੀ। ਉਨ੍ਹਾਂ ਦੀਆਂ ਮੰਗਾਂ ਨੂੰ ਕੈਬਨਿਟ ਸਬ ਕਮੇਟੀ ਨਾਲ ਵਿਚਾਰਿਆ ਜਾਵੇਗਾ। ਐਸੋਸੀਏਸ਼ਨ ਵੱਲੋਂ ਹਸਪਤਾਲ ਵਿੱਚ ਡਾਕਟਰਾਂ ਅਤੇ ਮੈਡੀਕਲ ਸਟਾਫ ਦੀ ਸੁਰੱਖਿਆ ਨੂੰ ਲੈ ਕੇ ਅਤੇ ਰੈਗੂਲਰ ਤਨਖ਼ਾਹਾਂ ਵਿੱਚ ਵਾਧੇ ਦੇ ਹੁਕਮ ਜਾਰੀ ਕਰਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਹੜਤਾਲ ਤੇ ਬੈਠੇ ਡਾਕਟਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਤਨਖਾਹਾਂ ਚ ਵਾਧੇ ਦਾ ਨੋਟੀਫਿਕੇਸ਼ਨ ਸਮੇਂ ਸਿਰ ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਆਪਣੀ ਲੜਾਈ ਜਾਰੀ ਰੱਖਣਗੇ। ਸੂਚਨਾ ਮਿਲਣ ਤੋਂ ਬਾਅਦ ਹੀ ਹੜਤਾਲ ਦਾ ਸੱਦਾ ਵਾਪਸ ਲਿਆ ਜਾਵੇਗਾ। ਸਰਕਾਰ ਵੱਲੋਂ ਬਣਾਈ ਗਈ ਕੈਬਨਿਟ ਸਬ-ਕਮੇਟੀ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ।
ਹੜਤਾਲ ਤਿੰਨ ਪੜਾਵਾਂ ‘ਚ ਹੋਵੇਗੀ
ਪੰਜਾਬ ਸਰਕਾਰ ਵੱਲੋਂ ਭਰੋਸਾ ਮਿਲਣ ਤੋਂ ਬਾਅਦ ਡਾਕਟਰਾਂ ਨੇ 3 ਪੜਾਵਾਂ ਵਿੱਚ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ। ਪਹਿਲੇ ਪੜਾਅ ਵਿੱਚ 9 ਤੋਂ 11 ਸਤੰਬਰ ਤੱਕ ਹੜਤਾਲ ਕੀਤੀ ਜਾਵੇਗੀ। ਇਨ੍ਹਾਂ ਤਿੰਨਾਂ ਦਿਨਾਂ ਦੌਰਾਨ ਓਪੀਡੀ ਸੇਵਾਵਾਂ ਸਵੇਰੇ 9 ਵਜੇ ਤੋਂ ਸਵੇਰੇ 12 ਵਜੇ ਤੱਕ ਬੰਦ ਰਹਿਣਗੀਆਂ। ਇਸ ਤੋਂ ਬਾਅਦ ਇਸ ਹੜਤਾਲ ਦਾ ਦੂਜਾ ਪੜਾਅ ਸ਼ੁਰੂ ਹੋਵੇਗਾ ਜੋ 15 ਸਤੰਬਰ ਤੱਕ ਚੱਲੇਗਾ। ਇਸ ਵਿੱਚ ਓਪੀਡੀ ਸੇਵਾਵਾਂ ਨੂੰ ਪੂਰੀ ਤਰ੍ਹਾਂ ਬੰਦ ਕਰਨ ਦਾ ਫੈਸਲਾ ਲਿਆ ਜਾਵੇਗਾ। 16 ਸਤੰਬਰ ਤੋਂ ਬਾਅਦ ਤੀਜਾ ਪੜਾਅ ਹੋਵੇਗਾ ਜਿਸ ਵਿੱਚ ਡਾਕਟਰ ਓਪੀਡੀ ਦੇ ਨਾਲ-ਨਾਲ ਮੈਡੀਕੋ-ਲੀਗਲ ਕਰਨ ਤੋਂ ਵੀ ਇਨਕਾਰ ਕਰ ਦੇਣਗੇ।