Site icon TV Punjab | Punjabi News Channel

ਅਵਾਰਾ ਕੁੱਤਿਆਂ ਦੀ ਨਸਬੰਦੀ ਲਈ ਯਤਨ ਤੇਜ਼

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅਵਾਰਾ ਕੁੱਤਿਆਂ ਦੀ ਗਿਣਤੀ ਨੂੰ ਕੰਟਰੋਲ ਕਰਨ ਅਤੇ ਇਨ੍ਹਾਂ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਨਸਬੰਦੀ ਮੁਹਿੰਮ ਨੂੰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਇਸ ਮਕਸਦ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਐਂਟੀ ਬਰਥ ਕੰਟਰੋਲ ਅਤੇ ਐਂਟੀ-ਰੇਬੀਜ਼ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਾਸਤੇ ਮਿਊਂਸਿਪਲ ਪੱਧਰ ’ਤੇ ਵੈਟਰਨਰੀ ਡਾਕਟਰਾਂ ਦੀ ਸਹਾਇਤਾ ਲਈ ਜਾਵੇਗੀ।

ਇਹ ਫੈਸਲੇ ਅੱਜ ਇੱਥੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਅਵਾਰਾ ਕੁੱਤਿਆਂ ਦੀ ਸਮੱਸਿਆ ’ਤੇ ਕਾਬੂ ਪਾਉਣ ਅਤੇ ਜਾਨਵਰਾਂ ਖ਼ਿਲਾਫ਼ ਬੇਰਹਿਮ ਰਵੱਈਏ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਲਏ ਗਏ।

ਮੁੱਖ ਸਕੱਤਰ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੀਆਂ ਸ਼ਹਿਰੀ ਸੰਸਥਾਵਾਂ ਪਸ਼ੂ ਭਲਾਈ ਸੰਸਥਾਵਾਂ/ ਗ਼ੈਰ ਸਰਕਾਰੀ ਸੰਗਠਨਾਂ ਨੂੰ ਇਸ ਕਾਰਜ ਵਿਚ ਸ਼ਾਮਲ ਕਰਨ। ਸ੍ਰੀਮਤੀ ਮਹਾਜਨ ਨੂੰ ਦੱਸਿਆ ਗਿਆ ਕਿ ਸੂਬੇ ਭਰ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਹੁਣ ਤੱਕ 1.7 ਲੱਖ ਤੋਂ ਵੱਧ ਅਵਾਰਾ ਕੁੱਤਿਆਂ ਦੀ ਨਸਬੰਦੀ ਕੀਤੀ ਜਾ ਚੁੱਕੀ ਹੈ।

ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਨੇ ਦੱਸਿਆ ਕਿ ਵਿਭਾਗ ਨੇ ਕਾਨੂੰਨ ਅਨੁਸਾਰ ਮਨੁੱਖੀ ਪਹੁੰਚ ਅਪਣਾਉਂਦਿਆਂ ਪ੍ਰਭਾਵੀ ਢੰਗ ਨਾਲ ਰੇਬੀਜ਼ ਨੂੰ ਕੰਟਰੋਲ ਕਰਨ ਅਤੇ ਅਵਾਰਾ ਕੁੱਤਿਆਂ ਦੀ ਵਧ ਰਹੀ ਗਿਣਤੀ ਨੂੰ ਰੋਕਣ ਲਈ ਸੂਬਾਈ ਅਤੇ ਜ਼ਿਲ੍ਹਾ ਪੱਧਰ ’ਤੇ ਨਿਗਰਾਨ ਕਮੇਟੀਆਂ ਬਣਾਈਆਂ ਗਈਆਂ ਹਨ।

ਟੀਵੀ ਪੰਜਾਬ ਬਿਊਰੋ

 

Exit mobile version