ਝੋਨੇ ਦੀ ਗੈਰ ਕਾਨੂੰਨੀ ਆਮਦ ਨੂੰ ਰੋਕਣ ਲਈ 11 ਉਡਨ ਦਸਤਿਆਂ ਵੱਲੋਂ ਰੱਖੀ ਜਾ ਰਹੀ ਹੈ ਨਜ਼ਰ

ਜਲੰਧਰ : ਦੂਜੇ ਰਾਜਾਂ ਤੋਂ ਪੰਜਾਬ ਵਿਚ ਝੋਨੇ ਦੀ ਗੈਰ ਕਾਨੂੰਨੀ ਆਮਦ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਵੱਖ-ਵੱਖ ਉਡਨ ਦਸਤਿਆਂ ਅਤੇ ਚੈਕਿੰਗ ਟੀਮਾਂ ਰਾਹੀਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ‘ਤੇ 24 ਘੰਟੇ ਨਿਗਰਾਨੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ 11 ਉਡਨ ਦਸਤੇ ਗਠਿਤ ਕੀਤੇ ਗਏ ਹਨ, ਜਿਨ੍ਹਾਂ ਵੱਲੋਂ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਦੂਜੇ ਰਾਜਾਂ ਤੋਂ ਪੰਜਾਬ ਵਿੱਚ ਝੋਨੇ ਦੀ ਗੈਰ ਕਾਨੂੰਨੀ ਆਮਦ ਨੂੰ ਰੋਕਿਆ ਜਾਣਾ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿਚ 21 ਸਥਾਈ ਚੈਕ ਪੁਆਇੰਟ (ਨਾਕੇ) ਸਥਾਪਤ ਕੀਤੇ ਗਏ ਹਨ, ਜਿੱਥੇ ਫਲਾਇੰਗ ਸਕੁਐਡਸ, ਜਿਨ੍ਹਾਂ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਸ਼ਾਮਲ ਹਨ, ਵੱਲੋਂ ਜ਼ਿਲ੍ਹਾ ਜਲੰਧਰ ਵਿੱਚੋਂ ਗੁਜ਼ਰਨ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਵਾਹਨ ਕਿਸੇ ਵੀ ਰੂਟ ‘ਤੇ ਅਜਿਹੀਆਂ ਗੈਰਕਨੂੰਨੀ ਗਤੀਵਿਧੀਆਂ ਨੂੰ ਅੰਜਾਮ ਨਾ ਦੇ ਸਕੇ।

ਸ਼੍ਰੀ ਥੋਰੀ ਨੇ ਅੱਗੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਆਪਣੇ ਨਿਰਦੇਸ਼ਾਂ ਵਿੱਚ ਜ਼ਿਲਾ ਅਧਿਕਾਰੀਆਂ ਨੂੰ ਦੂਜੇ ਰਾਜਾਂ ਤੋਂ ਝੋਨੇ ਦੀ ਗੈਰ ਕਾਨੂੰਨੀ ਆਮਦ ਨੂੰ ਰੋਕਣ ਲਈ ਅਜਿਹੀ ਚੈਕਿੰਗ ਸ਼ੁਰੂ ਕਰਨ ਲਈ ਕਿਹਾ ਗਿਆ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਰਾਜ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਕਈ ਕਦਮ ਚੁੱਕੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਨ੍ਹਾਂ ਉਡਨ ਦਸਤਿਆਂ ਵੱਲੋਂ ਚਾਲੂ ਖਰੀਦ ਸੀਜ਼ਨ ਦੇ ਮੁਕੰਮਲ ਹੋਣ ਤੱਕ ਆਪਣੀ ਕਾਰਵਾਈ ਜਾਰੀ ਰੱਖੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਝੋਨੇ ਦੇ ਗੈਰ ਕਨੂੰਨੀ ਪ੍ਰਵਾਹ ਨੂੰ ਰੋਕਣ ਦਾ ਫੈਸਲਾ ਸੂਬੇ ਦੀ ਕਿਸਾਨੀ ਦੇ ਵੱਡੇ ਹਿੱਤਾਂ ਵਿੱਚ ਲਿਆ ਗਿਆ ਹੈ ਕਿਉਂਕਿ ਪਿਛਲੇ ਕੁਝ ਸਾਲਾਂ ਵਿਚ ਪੰਜਾਬ ਵਿਚ ਝੋਨੇ ਦੀ ਗੈਰ-ਕਨੂੰਨੀ ਟਰਾਂਸਪੋਟਸ਼ਨ ਦੇ ਕਈ ਮਾਮਲੇ ਰਿਪੋਰਟ ਕੀਤੇ ਗਏ ਹਨ ।

ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਵਿੱਚ ਇਸ ਤਰ੍ਹਾਂ ਦੀ ਕੋਈ ਘਟਨਾ ਵਾਪਰਦੀ ਹੈ ਤਾਂ ਅਜਿਹੀਆਂ ਗਤੀਵਿਧੀਆਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਇਸ ਦੌਰਾਨ, ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈਜ਼ ਕੰਟਰੋਲਰ ਹਰਸ਼ਰਨ ਸਿੰਘ ਨੇ ਕਿਹਾ ਕਿ ਅਜੇ ਤੱਕ ਜ਼ਿਲ੍ਹੇ ਵਿਚ ਅਜਿਹੀ ਕਿਸੇ ਘਟਨਾ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਟੀਮਾਂ ਵੱਲੋਂ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਪ੍ਰਸ਼ਾਸਨ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਟੀਵੀ ਪੰਜਾਬ ਬਿਊਰੋ