ਪਰਾਲੀ ਸਾੜਨ ਦੇ 492 ਕੇਸਾਂ ’ਚ 11.77 ਲੱਖ ਦਾ ਵਾਤਾਵਰਣ ਮੁਆਵਜ਼ਾ ਲਗਾਇਆ

ਜਲੰਧਰ : ਜ਼ਿਲਾ ਜਲੰਧਰ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਹੁਣ ਤੱਕ ਪਰਾਲੀ ਸਾੜਨ ਦੇ 492 ਕੇਸਾਂ ਵਿਚ 11.77 ਲੱਖ ਰੁਪਏ ਦਾ ਵਾਤਾਵਰਣ ਮੁਆਵਜ਼ਾ ਲਗਾਇਆ ਗਿਆ ਹੈ।

ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਮੁੱਖ ਸਕੱਤਰ ਸ਼੍ਰੀ ਅਨਿਰੁੱਧ ਤਿਵਾੜੀ ਦੀ ਪ੍ਰਧਾਨਗੀ ਹੇਠ ਵੀਡੀਓ ਕਾਨਫਰੰਸ ਰਾਹੀਂ ਹੋਈ ਮੀਟਿੰਗ, ਜਿਸ ਵਿਚ ਕਮਿਸ਼ਨ ਫਾਰ ਏਅਰ ਕੁਆਲਟੀ ਮੈਨੇਜਮੈਂਟ ਦੇ ਚੇਅਰਮੈਨ ਡਾ. ਐਮ.ਐਮ. ਕੁਟੀ ਵੀ ਮੌਜੂਦ ਸਨ, ਵਿਚ ਹਿੱਸਾ ਲੈਂਦਿਆਂ ਕੀਤਾ।

ਉਨ੍ਹਾਂ ਮੁੱਖ ਸਕੱਤਰ ਨੂੰ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਚੁੱਕੇ ਜਾ ਰਹੇ ਕਦਮਾਂ ਤੋਂ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਈ.ਈ.ਸੀ. ਮੁਹਿੰਮ ਤੋਂ ਲੈ ਕੇ ਇਨਫੋਰਸਮੈਂਟ ਮੁਹਿੰਮ ਤੱਕ ਬਹੁਪੱਖੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਪਰਾਲੀ ਸਾੜਨ ਦੇ 100 ਫੀਸਦੀ ਕੇਸਾਂ ਵਿਚ ਖਸਰਾ ਗਿਰਦਾਵਰੀ ਦੀ ਰੈੱਡ ਐਂਟਰੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਹੁਣ ਤੱਕ ਪਰਾਲੀ ਸਾੜਨ ਦੇ 492 ਮਾਮਲਿਆਂ ਵਿਚ 11,77500 ਰੁਪਏ ਵਾਤਾਵਰਣ ਮੁਆਵਜ਼ਾ ਲਗਾਇਆ ਗਿਆ ਹੈ। ਉਨਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ ਪਰਾਲੀ ਸਾੜਨ ਦੇ ਉਨ੍ਹਾਂ ਸਾਰੇ ਮਾਮਲਿਆਂ ਵਿਚ ਰੈਡ ਐਂਟਰੀ ਨੂੰ ਯਕੀਨੀ ਬਣਾਇਆ ਜਾਵੇ, ਜਿਥੇ ਸਮਰੱਥ ਅਥਾਰਟੀਜ਼ ਵੱਲੋਂ ਪਰਾਲੀ ਨੂੰ ਸਾੜਨ ਦੀ ਪੁਸ਼ਟੀ ਕੀਤੀ ਜਾਂਦੀ ਹੈ।

ਸ਼੍ਰੀ ਥੋਰੀ ਨੇ ਅਧਿਕਾਰੀਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਦੀ ਮੌਕੇ ’ਤੇ ਜਾ ਕੇ ਪੁਸ਼ਟੀ ਨੂੰ ਯਕੀਨੀ ਬਣਾਉਂਦੇ ਹੋਏ ਅਜਿਹੀਆਂ ਘਟਨਾਵਾ ’ਤੇ ਤਿੱਖੀ ਨਜ਼ਰ ਰੱਖਣ ਦੀਆਂ ਹਦਾਇਤਾਂ ਕੀਤੀਆਂ।

ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਕਈ ਪ੍ਰਕਾਰ ਦੀ ਸਹਾਇਤਾ ਦੇਣ ਤੋਂ ਇਲਾਵਾ ਸਸਤੇ ਰੇਟ ’ਤੇ ਅਤੇ ਖਾਸ ਕਰਕੇ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਕਸਟਮ ਹਾਇਰ ਸੈਂਟਰ ਤੋਂ ਮੁਫ਼ਤ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ।

ਉਨਾਂ ਅਧਿਕਾਰੀਆਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਮੁਹੱਈਆ ਕਰਵਾਈ ਜਾ ਰਹੀ ਮਸ਼ੀਨਰੀ ਦੀ 100 ਫੀਸਦੀ ਵਰਤੋਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕੋਈ ਵੀ ਮਸ਼ੀਨ ਅਣਵਰਤੀ ਨਾ ਰਹੇ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਆਈ-ਖੇਤ ਐਪ ਵੀ ਸ਼ੁਰੂ ਕੀਤੀ ਗਈ ਹੈ, ਜਿਥੋਂ ਕਿਸਾਨ ਆਪਣੇ ਨੇੜਲੇ ਕਸਟਮ ਹਾਇਰ ਸੈਂਟਰਾਂ ਪਾਸ ਉਪਲਬਧ ਮਸ਼ੀਨਰੀ ਬਾਰੇ ਜਾਣਕਾਰੀ ਹਾਸਿਲ ਕਰ ਸਕਦੇ ਹਨ।

ਸ਼੍ਰੀ ਥੋਰੀ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਅੱਗ ਕਾਰਨ ਹੋਣ ਵਾਲਾ ਧੂੰਆਂ ਦਮੇ ਦੇ ਮਰੀਜ਼ਾਂ ਦੀਆਂ ਮੁਸ਼ਕਿਲਾਂ ਵਿਚ ਵਾਧਾ ਕਰ ਸਕਦਾ ਹੈ, ਜੋ ਕਿ ਪਹਿਲਾਂ ਹੀ ਕਮਜ਼ੋਰ ਇਮਿਊਨ ਸਿਸਟਮ ਤੋਂ ਪੀੜਤ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਸਿੰਘ ਬੈਂਸ,ਐਸ.ਡੀ.ਐਮ.ਹਰਪ੍ਰੀਤ ਸਿੰਘ ਅਟਵਾਲ, ਬਲਬੀਰ ਰਾਜ, ਪੂਜਾ ਸਿੰਘ, ਲਾਲ ਵਿਸ਼ਵਾਸ, ਮੁੱਖ ਖੇਤੀਬਾੜੀ ਅਫ਼ਸਰ ਜਸਵੰਤ ਰਾਏ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਟੀਵੀ ਪੰਜਾਬ ਬਿਊਰੋ