Site icon TV Punjab | Punjabi News Channel

ਮੁੜ ਬੰਦ ਹੋਣਗੇ ਪੰਜਾਬ ਦੇ ਟੌਲ ਪਲਾਜ਼ੇ, ਕਿਸਾਨ ਜਥੇਬੰਦੀਆਂ ਕੀਤਾ ਐਲਾਨ

ਡੈਸਕ- ਪੰਜਾਬ ਦੇ ਟੌਲ ਪਲਾਜ਼ੇ ਮੁੜ ਬੰਦ ਹੋਣਗੇ। ਇਹ ਐਲਾਨ ਕਿਸਾਨ ਜਥੇਬੰਦੀਆਂ ਨੇ ਕੀਤਾ ਹੈ। ਉੱਤਰ ਭਾਰਤ ਦੀਆਂ 20 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਮੁੜ ਤੋਂ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ 15 ਨਵੰਬਰ ਤੋਂ ਬਾਅਦ ਸੂਬੇ ਦੇ ਟੌਲ ਪਲਾਜ਼ਿਆਂ ਨੂੰ ਬੰਦ ਕਰਕੇ ਧਰਨੇ ਦੇਣ ਦਾ ਐਲਾਨ ਕੀਤਾ।

ਇਸ ਸਬੰਧੀ ਸਰਵਨ ਸਿੰਘ ਪੰਧੇਰ, ਜਸਵਿੰਦਰ ਸਿੰਘ ਲੌਂਗੋਵਾਲ, ਜਰਨੈਲ ਸਿੰਘ ਕਾਲੇਕੇ ਤੇ ਅਮਰਜੀਤ ਸਿੰਘ ਮੋਹਰੀ ਨੇ ਕਿਹਾ ਕਿ 23 ਤੇ 24 ਅਕਤੂਬਰ ਨੂੰ ਸੂਬੇ ਭਰ ’ਚ ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਦੇ ਪੁਤਲੇ ਸਾੜ ਕੇ ਦਸਹਿਰਾ ਮਨਾਇਆ ਜਾਵੇਗਾ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਾਰੀਆਂ ਫ਼ਸਲਾਂ ਦੀ ਖ਼ਰੀਦ ਐਮਐਸਪੀ ’ਤੇ ਯਕੀਨੀ ਕਰਵਾਉਣ ਲਈ ਗਾਰੰਟੀ ਦਾ ਕਾਨੂੰਨ ਬਣਾਇਆ ਜਾਵੇ ਤੇ ਸਾਰੀਆਂ ਫ਼ਸਲਾਂ ਦਾ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਤੈਅ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਮਨਰੇਗਾ ਤਹਿਤ ਮਜ਼ਦੂਰਾਂ ਨੂੰ 200 ਦਿਨ ਦਾ ਰੁਜ਼ਗਾਰ ਦਿੱਤਾ ਜਾਵੇ, ਨਸ਼ਿਆਂ ’ਤੇ ਰੋਕ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਲਈ 50 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਿੱਲੀ ਮੋਰਚੇ ਦੌਰਾਨ ਦਰਜ ਕੀਤੇ ਪੁਲੀਸ ਕੇਸ ਰੱਦ ਕੀਤੇ ਜਾਣ, ਲਖੀਮਪੁਰ ਖੀਰੀ ਕਤਲਕਾਂਡ ਵਿੱਚ ਇਨਸਾਫ਼ ਦਿੱਤਾ ਜਾਵੇ।

ਆਗੂਆਂ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਮਨਵਾਉਣ ਲਈ ਸਮੂਹ ਕਿਸਾਨ ਜਥੇਬੰਦੀਆਂ ਵਿੱਚ ਏਕਾ ਜ਼ਰੂਰੀ ਹੈ। ਇਸ ਲਈ ਬਣਾਈ ਚਾਰ ਮੈਂਬਰੀ ਕਮੇਟੀ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੇ ਐਸਕੇਐਮ ਗ਼ੈਰਰਾਜਨੀਤਿਕ ਫਰੰਟ ਤੇ 32 ਕਿਸਾਨ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। ਇਸ ਦਾ ਹਾਂ-ਪੱਖੀ ਹੁੰਗਾਰਾ ਮਿਲਿਆ ਹੈ।

Exit mobile version