Site icon TV Punjab | Punjabi News Channel

ਭੜਕੇ ਕਿਸਾਨਾਂ ਨੇ ਚੰਡੀਗੜ੍ਹ ਵੱਲ ਕੀਤਾ ਕੂਚ, ਬਾਰਡਰ ਸੀਲ ਪੁਲਿਸ ਤੈਨਾਤ

ਡੈਸਕ- ਪੰਜਾਬ ਅਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਹੜ੍ਹਾਂ ਕਾਰਨ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਅਤੇ ਹੋਰ ਮੰਗਾਂ ਨੂੰ ਲੈ ਕੇ ਮੰਗਲਵਾਰ (22 ਅਗਸਤ) ਨੂੰ ਚੰਡੀਗੜ੍ਹ ਵਿੱਚ ਧਰਨੇ ਦਾ ਐਲਾਨ ਕੀਤਾ ਹੈ। ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਪੁਲਿਸ ਪੂਰੀ ਤਿਆਰੀ ਕਰ ਰਹੀ ਹੈ। ਚੰਡੀਗੜ੍ਹ ਪੁਲਿਸ ਨੇ ਪੰਚਕੂਲਾ ਅਤੇ ਮੁਹਾਲੀ ਨਾਲ ਲੱਗਦੇ ਸ਼ਹਿਰ ਦੇ 27 ਐਂਟਰੀ ਪੁਆਇੰਟਾਂ ਨੂੰ ਸੀਲ ਕਰ ਦਿੱਤਾ ਹੈ। ਇਨ੍ਹਾਂ ਸਾਰੀਆਂ ਥਾਵਾਂ ‘ਤੇ ਬੈਰੀਕੇਡ ਲਗਾ ਕੇ ਹਥਿਆਰਬੰਦ ਰਿਜ਼ਰਵ ਫੋਰਸ ਤਾਇਨਾਤ ਕੀਤੀ ਗਈ ਹੈ।

ਕਿਸਾਨਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ 4000 ਪੁਲਿਸ ਮੁਲਾਜ਼ਮ ਸਰਹੱਦਾਂ ’ਤੇ ਲਾਏ ਹੋਏ ਹਨ ਤੇ ਮੁਹਾਲੀ ਪੁਲਿਸ ਨੇ 1500 ਪੁਲੀਸ ਮੁਲਾਜ਼ਮ ਡਿਊਟੀ ’ਤੇ ਲਾਏ ਹਨ। ਪੁਲਿਸ ਦੇ ਉੱਚ ਅਧਿਕਾਰੀਆਂ ਨੇ ਸੋਮਵਾਰ ਨੂੰ ਸ਼ਹਿਰ ਦੇ ਸਾਰੇ ਪ੍ਰਵੇਸ਼ ਦੁਆਰਾਂ ਦੀ ਚੈਕਿੰਗ ਕੀਤੀ। ਕਿਸਾਨਾਂ ਨੂੰ ਸ਼ਹਿਰ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਸਾਰੀਆਂ ਡਿਵੀਜ਼ਨਾਂ ਦੇ ਡੀਐਸਪੀ ਦੀ ਜ਼ਿੰਮੇਵਾਰੀ ਲਗਾਈ ਗਈ ਹੈ।

ਪੰਜਾਬ ਅਤੇ ਹਰਿਆਣਾ ਦੇ ਕਿਸਾਨ ਚੰਡੀਗੜ੍ਹ ਵਿੱਚ ਦਾਖ਼ਲ ਹੋ ਕੇ ਸੈਕਟਰ-17 ਸਥਿਤ ਪਰੇਡ ਗਰਾਊਂਡ ਵਿੱਚ ਧਰਨਾ ਦੇਣਾ ਚਾਹੁੰਦੇ ਹਨ। ਚੰਡੀਗੜ੍ਹ ਪੁਲਿਸ ਕਿਸਾਨਾਂ ਨੂੰ ਸਰਹੱਦ ’ਤੇ ਹੀ ਰੋਕਣ ਦੀ ਯੋਜਨਾ ਬਣਾ ਰਹੀ ਹੈ। ਹਾਲਾਂਕਿ ਪੰਜਾਬ ਅਤੇ ਹਰਿਆਣਾ ਤੋਂ ਚੰਡੀਗੜ੍ਹ ਆਉਣ ਵਾਲੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਦੱਸ ਦੇਈਏ ਕਿ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੀਆਂ ਕੁੱਲ 16 ਕਿਸਾਨ ਜਥੇਬੰਦੀਆਂ ਨੇ ਟਰੈਕਟਰ ਰੈਲੀ ਅਤੇ ਚੰਡੀਗੜ੍ਹ ਘਿਰਾਓ ਦਾ ਸੱਦਾ ਦਿੱਤਾ ਹੈ। ਜਾਣਕਾਰੀ ਅਨੁਸਾਰ 10 ਹਜ਼ਾਰ ਦੇ ਕਰੀਬ ਕਿਸਾਨਾਂ ਦੇ ਚੰਡੀਗੜ੍ਹ ਵੱਲ ਮਾਰਚ ਕਰਨ ਦੀ ਯੋਜਨਾ ਹੈ। ਚੰਡੀਗੜ੍ਹ ਪੁਲਿਸ ਨੇ ਅਮਨ-ਕਾਨੂੰਨ ਬਣਾਈ ਰੱਖਣ ਲਈ ਸਰਹੱਦੀ ਖੇਤਰ ਵਿੱਚ ਰੈਪਿਡ ਐਕਸ਼ਨ ਫੋਰਸ, ਇੰਡੋ-ਤਿੱਬਤੀਅਨ ਬਾਰਡਰ ਪੁਲੀਸ, ਕੇਂਦਰੀ ਰਿਜ਼ਰਵ ਪੁਲਿਸ ਬਲ ਤੋਂ ਇਲਾਵਾ ਚੰਡੀਗੜ੍ਹ ਪੁਲਿਸ ਦੇ ਜਵਾਨ ਤਾਇਨਾਤ ਕੀਤੇ ਹਨ। ਐਸਐਸਪੀ ਕੰਵਰਦੀਪ ਕੌਰ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਹਾਲਤ ਵਿੱਚ ਕਿਸਾਨਾਂ ਨੂੰ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਜਿਹੇ ‘ਚ ਇਨ੍ਹਾਂ ਨੂੰ ਰੋਕਣ ਲਈ ਵੱਧ ਤੋਂ ਵੱਧ ਫੋਰਸ ਤਾਇਨਾਤ ਕੀਤੀ ਜਾਵੇਗੀ।

Exit mobile version