Site icon TV Punjab | Punjabi News Channel

ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਸਬੰਧੀ ਜਾਗਰੂਕ ਕਰਨ ਲਈ ਕਿਸਾਨ ਸਿਖਲਾਈ ਕੈਂਪ

ਜਲੰਧਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਜਲੰਧਰ ਵੱਲੋਂ ਜ਼ਿਲ੍ਹੇ ਭਰ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ 2 ਨਵੰਬਰ, 2021 ਨੂੰ ਡੀ. ਏ. ਵੀ. ਯੂਨੀਵਰਸਿਟੀ ਜਲੰਧਰ ਵਿਖੇ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਅਧੀਨ ਕੁੱਲ ਵਾਹੀਯੋਗ 2.42 ਲੱਖ ਹੈਕਟੇਅਰ ਰਕਬੇ ਵਿਚੋਂ ਝੋਨੇ ਹੇਠ ਤਕਰੀਬਨ 1.73 ਲੱਖ ਹੈਕਟੇਅਰ ਰਕਬਾ ਬੀਜਿਆ ਗਿਆ ਹੈ ਅਤੇ ਆਉਂਦੇ ਹਾੜੀ ਦੌਰਾਨ ਕਣਕ ਹੇਠ 1.73 ਲੱਖ ਹੈਕਟੇਅਰ ਰਕਬਾ ਬੀਜੇ ਜਾਣ ਦਾ ਟੀਚਾ ਮਿੱਥਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਕਿਸਾਨਾਂ ਨੂੰ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੀ ਸੁੱਚਜੀ ਸੰਭਾਲ ਕਰਦੇ ਹੋਏ ਅਤੇ ਬੀਜ ਦੀ ਸੋਧ ਕਰਨ ਉਪਰੰਤ ਕਣਕ ਦੀ ਬਿਜਾਈ ਕਰਨ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਜਾਵੇਗੀ।

ਇਸ ਮੌਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਮਸ਼ੀਨਾਂ ਜਿਵੇਂ ਕਿ ਸੁਪਰਸੀਡਰ, ਹੈਪੀ ਸੀਡਰ, ਸੁਪਰ ਐਸ ਐਮ ਐਸ, ਪੈਡੀ ਚੌਪਰ ਸ਼ਰੈਡਰ ਆਦਿ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਖੇਤੀ ਵਿਭਿੰਨਤਾ ਅਧੀਨ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਜਾਰੀ ਰੱਖਦਿਆਂ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਖੇਤੀ ਸਹਾਇਕ ਧੰਦੇ ਆਦਿ ਅਪਣਾਉਣ ਲਈ ਜਾਗਰੂਕ ਵੀ ਕੀਤਾ ਜਾਵੇਗਾ । ਡਾ. ਰਾਏ ਨੇ ਜ਼ਿਲ੍ਹਾ ਜਲੰਧਰ ਦੇ ਸਮੂਹ ਕਿਸਾਨ ਵੀਰਾਂ ਅਤੇ ਬੀਬੀਆਂ ਨੂੰ ਮਿਤੀ 2 ਨਵੰਬਰ ਨੂੰ ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਪੁੱਜਣ ਦੀ ਅਪੀਲ ਕੀਤੀ ।

ਟੀਵੀ ਪੰਜਾਬ ਬਿਊਰੋ

Exit mobile version