ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨਾਂ ਨੇ ਵੱਖ-ਵੱਖ ਥਾਵਾਂ ‘ਤੇ ਵੱਖਰੇ ਢੰਗ ਨਾਲ ਮਨਾਇਆ ਆਜ਼ਾਦੀ ਦਿਹਾੜਾ

ਅੰਮ੍ਰਿਤਸਰ : ਆਜ਼ਾਦੀ ਦਿਹਾੜੇ ਮੌਕੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਵਿਰੁੱਧ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਇਕਾਈ ਪ੍ਰਧਾਨ ਗੁਰਭੇਜ ਸਿੰਘ ਸੋਨੂੰ ਮਾਹਲ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਕੋਟ ਖ਼ਾਲਸਾ ਵਲੋਂ ਰਾਜ ਪ੍ਰਬੰਧਾਂ ਦੇ ਪੁਤਲੇ ਫੂਕ ਕੇ ਰੋਸ ਮਾਰਚ ਕੱਢਿਆ ਗਿਆ।

ਬਰਨਾਲਾ ‘ਚ ਤਿਰੰਗਾ ਯਾਤਰਾ ਕੱਢੀ
ਬਰਨਾਲਾ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਆਜ਼ਾਦੀ ਦਿਹਾੜਾ ਕਿਸਾਨ ਜਥੇਬੰਦੀਆਂ ਵੱਲੋਂ ‘ਕਿਸਾਨ ਮਜ਼ਦੂਰ ਆਜ਼ਾਦੀ ਸੰਗਰਾਮ ਦਿਵਸ’ ਵਜੋਂ ਮਨਾਉਂਦਿਆਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਹਜ਼ਾਰਾਂ ਵਾਹਨਾਂ ਰਾਹੀਂ ਤਿਰੰਗਾ ਯਾਤਰਾ ਕੱਢੀ ਗਈ ਅਤੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ।

ਮੋਟਰ ਸਾਈਕਲ ਰੋਸ ਮਾਰਚ ਕੱਢਿਆ
ਬਾਬਾ ਬਕਾਲਾ ਸਾਹਿਬ : ਅੱਜ ਇੱਥੇ ਸੰਯੁਕਤ ਮੋਰਚੇ ਦੇ ਸੱਦੇ ‘ਤੇ ਕਿਸਾਨਾਂ ਨੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਬਾਜ਼ਾਰਾਂ ਵਿਚ ਮੋਟਰ ਸਾਈਕਲ ਰੋਸ ਮਾਰਚ ਕੱਢ ਕੇ ਆਜ਼ਾਦੀ ਦਿਹਾੜਾ ਮਨਾਇਆ। ਇਸ ਮੌਕੇ ਕਿਸਾਨ ਨੇਤਾਵਾਂ ਨੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਵੀ ਕੀਤੀ।

ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ
ਫ਼ਿਰੋਜ਼ਪੁਰ : ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ 15 ਅਗਸਤ ਸਬੰਧੀ ਪ੍ਰੋਗਰਾਮ ਤਹਿਤ ਕਿਸਾਨ ਜਥੇਬੰਦੀਆਂ ਨੇ ਮੋਟਰਸਾਈਕਲ ਰੋਸ ਮਾਰਚ ਕੱਢਿਆ। ਜੋ ਫ਼ਿਰੋਜ਼ਪੁਰ ਛਾਉਣੀ ਦੀ 7 ਨੰਬਰ ਚੁੰਗੀ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੌਕ ਵਿਖੇ ਸਮਾਪਤ ਹੋਇਆ।

ਆਜ਼ਾਦੀ ਦਿਹਾੜੇ ਨੂੰ ਕਾਲੇ ਦਿਨ ਦੇ ਰੂਪ ਵਿਚ ਮਨਾਇਆ
ਗੁਰੂ ਹਰਸਹਾਏ : ਕਿਸਾਨ ਜਥੇਬੰਦੀਆਂ ਵੱਲੋਂ ਅੱਜ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਨ ਦੇ ਰੂਪ ਵਿਚ ਮਨਾਇਆ ਗਿਆ। ਕਿਸਾਨਾਂ ਵੱਲੋਂ ਇਕੱਠੇ ਹੋ ਕੇ ਗੁਰੂ ਹਰਸਹਾਏ ਦੇ ਰੇਲਵੇ ਪਾਰਕ ਵਿਚ ਰੈਲੀ ਕੀਤੀ ਗਈ। ਇਸ ਰੈਲੀ ਵਿਚ ਕਿਸਾਨ ਨੇਤਾਵਾਂ ਨੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।

ਟੀਵੀ ਪੰਜਾਬ ਬਿਊਰੋ