ਕਿਸਾਨਾਂ ਦੀ ਜ਼ਮੀਨ ਨੂੰ ਕਬਜ਼ੇ ਵਿੱਚ ਨਹੀਂ ਲਿਆ ਜਾਵੇਗਾ , ਰੋਡ ਕਿਸਾਨ ਸੰਘਰਸ਼ ਕਮੇਟੀ ਨੂੰ ਦਿੱਤਾ ਭਰੋਸਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਕੇਂਦਰੀ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨੂੰ ਮਿਲ ਕੇ ਕੌਮੀ ਹਾਈਵੇਅ ਅਥਾਰਟੀ ਆਫ ਇੰਡੀਆ ਵੱਲੋਂ ‘ਭਾਰਤਮਾਲਾ ਪ੍ਰੀਯੋਜਨਾ’ ਪ੍ਰਾਜੈਕਟ ਤਹਿਤ ਐਕੁਵਾਇਰ ਕੀਤੀ ਜਾਣ ਵਾਲੀ ਜ਼ਮੀਨ ਲਈ ਮੁਆਵਜ਼ੇ ਦੀ ਰਾਸ਼ੀ ਨੂੰ ਮੁੜ ਵਿਚਾਰਨ ਦੀ ਮੰਗ ਉਠਾਉਣਗੇ  | ਜ਼ਿਲ੍ਹਾ ਮਾਲ ਅਫਸਰਾਂ ਜਿਨ੍ਹਾਂ ਨੂੰ ਸੀ.ਏ.ਐਲ.ਏ (ਜ਼ਮੀਨ ਗ੍ਰਹਿਣ ਕਰਨ ਲਈ ਸਮਰੱਥ ਅਥਾਰਟੀ) ਮਨੋਨੀਤ ਕੀਤਾ ਗਿਆ ਹੈ, ਵੱਲੋਂ ਤੈਅ ਕੀਤੀ ਘੱਟ ਮੁਆਵਜ਼ਾ ਰਾਸ਼ੀ ਨੂੰ ਕਿਸਾਨ ਰੱਦ ਕਰ ਚੁੱਕੇ ਹਨ। ਰੋਡ ਕਿਸਾਨ ਸੰਘਰਸ਼ ਕਮੇਟੀ ਨੇ ਅੱਜ ਇੱਥੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਕਮੇਟੀ ਵੱਲੋਂ ਕੀਤੀ ਅਪੀਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਨੂੰ ਕਿਸਾਨਾਂ ਦੀ ਇੱਛਾ ਦੇ ਉਲਟ ਉਨ੍ਹਾਂ ਦੇ ਖਾਤਿਆਂ ਵਿਚ ਮੁਆਵਜ਼ਾ ਰਾਸ਼ੀ ਨਾ ਪਾਉਣ ਲਈ ਤੁਰੰਤ ਵਿਸਥਾਰਤ ਹਦਾਇਤਾਂ ਜਾਰੀ ਕਰਨ ਲਈ ਆਖਿਆ। ਉਨ੍ਹਾਂ ਨੇ ਡੀ.ਜੀ.ਪੀ. ਨੂੰ ਕਿਸਾਨਾਂ ਦੀ ਜ਼ਮੀਨ ਧੱਕੇ ਨਾਲ ਕਬਜ਼ੇ ਵਿੱਚ ਨਾ ਲੈਣ ਨੂੰ ਵੀ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ।

ਮੁੱਖ ਮੰਤਰੀ ਨਾਲ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਢਿੱਲੋਂ ਦੀ ਅਗਵਾਈ ਵਿਚ ਵਫ਼ਦ ਦੀ ਮੀਟਿੰਗ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਰਵਾਈ ਜਿਸ ਦੌਰਾਨ ਮੁੱਖ ਮੰਤਰੀ ਨੇ ਆਪਣੇ ਪ੍ਰਮੁੱਖ ਸਕੱਤਰ ਨੂੰ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੀਟਿੰਗ ਲਈ ਛੇਤੀ ਸਮਾਂ ਲੈਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਕਿਸਾਨਾਂ ਦੀ ਸੰਤੁਸ਼ਟੀ ਹੋਣ ਤੱਕ ਇਸ ਮਸਲੇ ਨੂੰ ਪਹਿਲ ਦੇ ਆਧਾਰ ਉਤੇ ਹੱਲ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ ਕਿਉਂ ਜੋ ਕਿਸਾਨ ਇਸ ਮਸਲੇ ਉਤੇ ਬੀਤੇ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ। ਰਾਣਾ ਗੁਰਜੀਤ ਸਿੰਘ ਦੀ ਅਪੀਲ ਉਤੇ ਮੁੱਖ ਮੰਤਰੀ ਨੇ ਮਾਲ ਵਿਭਾਗ ਨੂੰ ‘ਸਾਂਝੇ ਮੁਸ਼ਤਰਕੇ’ ਅਧੀਨ ਜ਼ਮੀਨਾਂ ਦੀ ਆਪਸੀ ਸਹਿਮਤੀ ਨਾਲ ਤਕਸੀਮ ਕਰਨ ਦੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਕਾਰਗਰ ਵਿਧੀ ਲਾਗੂ ਕਰਨ ਲਈ ਆਖਿਆ। ਮੀਟਿੰਗ ਵਿਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਤੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਵੀ ਹਾਜ਼ਰ ਸਨ।