ਨਵੀਂ ਦਿੱਲੀ- ਕਿਸਾਨਾਂ ਨਾਲ ਲਗਾਤਾਰ ਵਾਅਦਾ ਖਿਲਾਫ ਕਰਨ ਵਾਲੂ ਕੇਂਦਰ ਸਰਕਾਰ ਖਿਲਾਫ ਕਿਸਾਨ ਮੁੜ ਤੋਂ ਇਕੱਜੁਟ ਹੋ ਗਏ ਹਨ । ਕਿਸਾਨਾਂ ਦੀ ਮਹਾਪੰਚਾਇਤ ਅੱਜ ਦਿੱਲੀ ਦੇ ਜੰਤਰ-ਮੰਤਰ ‘ਤੇ ਹੋਣੀ ਹੈ ਪਰ ਪੁਲਿਸ ਨੇ ਰਾਜਧਾਨੀ ਦੇ ਬਾਹਰ ਤੋਂ ਆਉਣ ਦੀ ਕਿਸਾਨਾਂ ਨੂੰ ਇਜਾਜ਼ਤ ਨਹੀਂ ਦਿੱਤੀ ਹੈ। ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਦਿੱਲੀ-ਮੇਰਠ ਐਕਸਪ੍ਰੈਸ ਵੇਅ ‘ਤੇ ਗਾਜ਼ੀਪੁਰ ਸਰਹੱਦ ਨੇੜੇ ਪੁਲਿਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ। ਇੱਥੇ ਹਰ ਆਉਣ ਜਾਣ ਵਾਲੇ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਿਹੜੇ ਕਿਸਾਨ ਦਿੱਲੀ ਆਏ ਹਨ, ਉਹ ਜੰਤਰ-ਮੰਤਰ ਜਾ ਸਕਦੇ ਹਨ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਇਸ ਤੋਂ ਵੱਧ ਲੋਕ ਉੱਥੇ ਇਕੱਠੇ ਨਹੀਂ ਹੋਣਗੇ।
ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਈ ਕਿਸਾਨ ਜਥੇਬੰਦੀਆਂ ਸਰਕਾਰ ਦੀ ਵਾਅਦਾਖ਼ਿਲਾਫ਼ੀ ਖ਼ਿਲਾਫ਼ ਅੱਜ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਜੰਤਰ-ਮੰਤਰ ’ਤੇ ਧਰਨਾ ਦੇਣ ਲਈ ਇਕੱਠੀਆਂ ਹੋ ਰਹੀਆਂ ਹਨ। ਇਸ ਦੇ ਨਾਲ ਹੀ ਅੱਜ ਸਵੇਰੇ 10.30 ਵਜੇ ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋਂ ਗਠਿਤ ਐਮਐਸਪੀ ਕਮੇਟੀ ਦੀ ਪਹਿਲੀ ਮੀਟਿੰਗ ਵੀ ਹੋਣੀ ਹੈ।
ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਟਿੱਕਰੀ ਸਰਹੱਦ ਤੋਂ ਰਾਜਧਾਨੀ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਬਾਰਡਰ ‘ਤੇ ਬੈਰੀਕੇਡ ਅਤੇ ਕਈ ਥਾਣਿਆਂ ਦੀ ਪੁਲਿਸ ਲਗਾ ਦਿੱਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਦੇ ਅਹੁਦੇਦਾਰ ਅਭਿਮਨਿਊ ਕੋਹਾੜ ਨੇ ਮੀਡੀਆ ਨੂੰ ਦੱਸਿਆ ਕਿ ਕਿਸਾਨ ਕਈ ਮੁੱਦਿਆਂ ਨੂੰ ਲੈ ਕੇ ਜੰਤਰ-ਮੰਤਰ ਵਿਖੇ ਮਹਾਂਪੰਚਾਇਤ ਕਰ ਰਹੇ ਹਨ।