ਡੈਸਕ- ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ‘ਤੇ ਪੰਜਾਬ ਭਰ ਤੋਂ ਕਿਸਾਨ ਮਜ਼ਦੂਰ ਅਤੇ ਬੀਬੀਆਂ ਟਰੈਕਟਰ ਟਰਾਲੀਆਂ, ਗੱਡੀਆਂ, ਬੱਸਾਂ ਅਤੇ ਹੋਰ ਸਾਧਨਾਂ ਰਾਹੀਂ ਤਿੰਨ ਰੋਜ਼ਾ ਮੋਰਚਾ ਲਾਉਣ ਲਈ ਚੰਡੀਗੜ੍ਹ ਪਹੁੰਚੇ। ਦੂਰ ਵਾਲੇ ਇਲਾਕਿਆਂ ਦੇ ਕਿਸਾਨ ਕੱਲ ਹੀ ਚੰਡੀਗੜ੍ਹ ਦੇ ਨੇੜੇ ਪਹੁੰਚ ਗਏ ਸਨ। ਕਿਸਾਨਾਂ ਦੇ ਇਹ ਕਾਫਲੇ ਜਿਉਂ ਹੀ ਏਅਰਪੋਰਟ ਰੋਡ ਤੋਂ ਚੰਡੀਗੜ੍ਹ ਦੇ ਟ੍ਰਿਬਿਊਨ ਚੌਂਕ ਵੱਲ ਵਧੇ ਤਾਂ ਉਹਨਾਂ ਨੂੰ ਮੋਹਾਲੀ ਗੋਲਫ ਕੋਰਸ ਦੇ ਕੋਲ ਪੁਲਿਸ ਨੇ ਨਾਕਾਬੰਦੀ ਕਰਕੇ ਰੋਕਿਆਂ ਤਾਂ ਉਨ੍ਹਾਂ ਨੇ ਉਥੇ ਪੰਡਾਲ ਬਣਾ ਕੇ ਧਰਨਾ ਸ਼ੁਰੂ ਕਰ ਦਿੱਤਾ।
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਗਿਆਰਾਂ ਕਿਸਾਨ ਆਗੂਆਂ ‘ਤੇ ਅਧਾਰਿਤ ਪ੍ਰਧਾਨਗੀ ਮੰਡਲ ਦੀ ਅਗਵਾਈ ਹੇਠ ਸਟੇਜ ਦੀ ਕਾਰਵਾਈ ਕਿਸਾਨ ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਕੇ ਸ਼ੁਰੂ ਕੀਤੀ, ਕਿਸਾਨਾਂ ਮੁਤਾਬਕ ਦਿੱਲੀ ਮੋਰਚੇ ਵੇਲੇ ਕੇਂਦਰ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ ਗਏ। ਇਸ ਲਈ ਸੰਯੁਕਤ ਕਿਸਾਨ ਮੋਰਚਾ, ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਸਾਰੇ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਇਹ ਪ੍ਰਦਰਸ਼ਣ ਕਰਨ ਲਈ ਮਜਬੂਰ ਹੈ।
ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਤੋਂ ਜੋਰਦਾਰ ਢੰਗ ਨਾਲ ਮੰਗ ਕੀਤੀ ਕਿ ਸਾਰੀਆਂ ਫਸਲਾਂ ਦੀ ਐਮ ਐਸ ਪੀ ਤੇ ਖਰੀਦ ਦੀ ਗਾਰੰਟੀ ਦਾ ਕਾਨੂੰਨ ਸੀ-2+50% ਦੇ ਫਾਰਮੂਲੇ ਨਾਲ ਬਣਾਇਆ ਜਾਵੇ। ਸਰਕਾਰਾਂ ਦੀਆਂ ਕਾਰਪੋਰੇਟ ਪੱਖੀ ਅਤੇ ਕਿਸਾਨ ਮਾਰੂ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹਿਆ ਕਰਜਾ ਰੱਦ ਕਰਨ, ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ, ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਕਰਨ, ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਤੇ ਬਣਾਏ ਸਾਰੇ ਕੇਸ ਰੱਦ ਕਰਨ, ਬਿਜਲੀ ਦੇ ਵੰਡ ਖੇਤਰ ਦਾ ਨਿਜੀਕਰਨ ਕਰਨ ਵਾਲੇ ਬਿਜਲੀ ਸੋਧ ਬਿਲ 2022 ਨੂੰ ਰੱਦ ਕਰਨ , 60 ਸਾਲ ਤੋਂ ਵੱਧ ਉਮਰ ਦੇ ਸਾਰੇ ਕਿਸਾਨ ਮਜ਼ਦੂਰ ਮਰਦ ਔਰਤਾਂ ਨੂੰ 10 ਹਜਾਰ ਰੁਪਏ ਮਹੀਨਾ ਪੈਨਸ਼ਨ ਦੇਣ, ਸਰਲ ਅਤੇ ਪ੍ਰਭਾਵੀ ਫ਼ਸਲ ਬੀਮਾਂ ਯੋਜਨਾ ਲਾਗੂ ਕਰਨ, ਨਿਊਜ਼ਕਲਿੱਕ ਖਿਲਾਫ ਦਰਜ ਕੀਤੀ ਐਫ ਆਈ ਆਰ ਰੱਦ ਕਰਨ, ਖੇਤੀ ਨੂੰ ਕਾਰਪੋਰੇਟਾਂ ਕੋਲ ਵੇਚਣ ਦੀਆਂ ਸਾਰੀਆਂ ਨੀਤੀਆਂ ਰੱਦ ਕਰਨ, ਪਬਲਿਕ ਸੈਕਟਰ ਬਹਾਲ ਕਰਨ ਅਤੇ ਨਿੱਜੀਕਰਨ ਦੀਆਂ ਨੀਤੀਆਂ ਬੰਦ ਕਰਨ ਦੀ ਮੰਗ ਕੀਤੀ।