ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਕੀਤਾ ਜਾਗਰੂਕ

ਜਲੰਧਰ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ 6 ਅਕਤੂਬਰ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀਆਂ ਗਈਆਂ ਤਿੰਨ ਜਾਗਰੂਕਤਾ ਵੈਨਾਂ ਨੇ ਜ਼ਿਲ੍ਹੇ ਦੇ 525 ਪਿੰਡਾਂ ਨੂੰ ਕਵਰ ਕਰਦਿਆਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਇਸ ਪਹਿਲਕਦਮੀ ਨੂੰ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ । ਇਨ੍ਹਾਂ ਵੈਨ ਰਾਹੀਂ ਆਡੀਓ ਸੰਦੇਸ਼ ਚਲਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨਾ ਯਕੀਨੀ ਬਣਾਇਆ ਜਾ ਸਕੇ।

ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਸਾਫ਼-ਸੁਥਰੇ, ਹਰੇ-ਭਰੇ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਦਾ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਇਨ੍ਹਾਂ ਵੈਨਾਂ ਵੱਲੋਂ ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ਨੂੰ ਕਵਰ ਕੀਤਾ ਜਾਵੇਗਾ ।

ਉਨ੍ਹਾਂ ਦੱਸਿਆ ਕਿ ਵੈਨਾਂ ਦੇ ਸਟਾਫ਼ ਵੱਲੋਂ ਜਿਥੇ ਪਿੰਡ ਵਾਸੀਆਂ ਨੂੰ ਪੈਂਫਲੈੱਟ ਵੰਡੇ ਜਾ ਰਹੇ ਹਨ ਉਥੇ ਵੈਨ ‘ਤੇ ਲੱਗੀਆਂ ਫਲੈਕਸ ਸ਼ੀਟਾਂ ਤੇ ਬੈਨਰਾਂ ਰਾਹੀਂ ਵੀ ਜਾਗਰੂਕਤਾ ਫੈਲਾਈ ਜਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਸਬੰਧੀ ਜਾਗਰੂਕ ਕਰਨ ਲਈ ਵਿਭਾਗ ਦੇ ਕਰਮਚਾਰੀਆਂ ਰਾਹੀਂ ਹਰੇਕ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਰੋਜ਼ਾਨਾ ਸਵੇਰੇ-ਸ਼ਾਮ ਅਨਾਊਂਸਮੈਂਟ ਵੀ ਕਰਵਾਈ ਜਾ ਰਹੀ ਹੈ।

ਡਾ. ਸਿੰਘ ਨੇ ਅੱਗੇ ਦੱਸਿਆ ਕਿ ਪਿੰਡਾਂ ਵਿਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਦਾ ਹੋਕਾ ਦੇਣ ਲਈ ਸਕੂਲੀ ਵਿਦਿਆਰਥੀਆਂ ਦਾ ਸਹਿਯੋਗ ਵੀ ਲਿਆ ਜਾਵੇਗਾ। ਇਸ ਮਕਸਦ ਲਈ ਸਕੂਲਾਂ ਵਿਚ ਬੱਚਿਆਂ ਦੇ ਲੇਖ ਲਿਖਣ, ਪੇਂਟਿੰਗ ਆਦਿ ਮੁਕਾਬਲੇ ਕਰਵਾਏ ਜਾਣਗੇ ਅਤੇ ਪਹਿਲੇ ਦੂਜੇ ਅਤੇ ਤੀਜੇ ਨੰਬਰ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਨਿਵਾਜ਼ਿਆ ਜਾਵੇਗਾ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਰਾਪ ਰੈਜ਼ੀਡਿਊ ਮੈਨੇਜਮੈਂਟ ਸਕੀਮ ਅਧੀਨ ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿਚ 900 ਵਾਲ ਪੇਂਟਿੰਗਾਂ ਵੀ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਵਿਚੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕੀਤੀ।

ਟੀਵੀ ਪੰਜਾਬ ਬਿਊਰੋ