ਡੈਸਕ- ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਸ਼ ਕਾਰਨ ਦਰਿਆਵਾਂ ਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਤਹਿਤ ਅੱਜ ਸਵੇਰੇ ਇੱਕ ਵਾਰ ਫਿਰ ਉੱਜ ਦਰਿਆ ਵਿੱਚ 171797 ਕਿਊਸਿਕ ਪਾਣੀ ਛੱਡਿਆ ਗਿਆ ਹੈ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਜ ਦਰਿਆ ਵਿੱਚ ਛੱਡਿਆ ਗਿਆ 171797 ਕਿਊਸਿਕ ਪਾਣੀ ਛੱਡਿਆ ਗਿਆ ਹੈ ਜੋ ਕਿ ਅੱਜ ਸਵੇਰੇ 8:00 ਵਜੇ ਮਕੌੜਾ ਪੱਤਣ ਕੋਲ ਰਾਵੀ ਰਦਿਆ ਵਿੱਚ ਆਣ ਮਿਲੇਗਾ ਤੇ ਉਸ ਤੋਂ ਦੋ ਘੰਟੇ ਬਾਅਦ ਕਰੀਬ ਦੁਪਹਿਰ 10:00 ਵਜੇ ਧਰਮਕੋਟ ਪੱਤਣ, ਘੋਨੇਵਾਲ (ਡੇਰਾ ਬਾਬਾ ਨਾਨਕ) ਤੱਕ ਪਹੁੰਚ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦਰਿਆ ਉੱਜ ਤੇ ਰਾਵੀ ਦੇ ਨੇੜੇ ਰਹਿੰਦੀ ਵਸੋਂ ਨੂੰ ਸਾਵਧਾਨ ਕਰਦਿਆਂ ਕਿਹਾ ਹੈ ਕਿ ਉਹ ਉੱਜ ਤੇ ਰਾਵੀ ਦਰਿਆ ਦੇ ਹੜ੍ਹ ਪ੍ਰਭਾਵਤ ਖੇਤਰਾਂ ਤੋਂ ਦੂਰ ਰਹਿਣ ਤੇ ਨਾਲ ਹੀ ਆਪਣੇ ਜਾਨਵਰਾਂ ਆਦਿ ਨੂੰ ਸੁਰੱਖਿਅਤ ਥਾਵਾਂ `ਤੇ ਲੈ ਜਾਣ। ਉਨ੍ਹਾਂ ਕਿਹਾ ਕਿ ਕਿਸੇ ਵੀ ਹੜ੍ਹ ਵਰਗੀ ਸਥਿਤੀ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 1800-180-1852 ਜਾਂ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਉੱਪਰ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ।
ਮੌਸਮ ਵਿਭਾਗ ਨੇ ਪੰਜਾਬ 22 ਜੁਲਾਈ ਤੱਕ ਹਲਕੀ ਤੋਂ ਦਰਮਿਆਨੀ ਬਾਰਸ਼ ਦੇ ਨਾਲ-ਨਾਲ ਗਰਜ ਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ‘ਚ ਵੀ ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਅਗਲੇ 3 ਦਿਨਾਂ ਤੱਕ ਮੱਧ ਪ੍ਰਦੇਸ਼, ਗੁਜਰਾਤ, ਰਾਜਸਥਾਨ, ਮਹਾਰਾਸ਼ਟਰ, ਗੋਆ ਤੇ ਛੱਤੀਸਗੜ੍ਹ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।