ਕੈਨੇਡਾ ਤੋਂ ਜਬਰੀ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਵੇਗੀ ਮਾਨ ਸਰਕਾਰ- ਧਾਲੀਵਾਲ

ਡੈਸਕ- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਕੈਨੇਡਾ ਤੋਂ ਜਬਰੀ ਵਾਪਸੀ ਦਾ ਸਾਹਮਣਾ ਕਰ ਰਹੇ 700 ਦੇ ਕਰੀਬ ਵਿਦਿਆਰਥੀਆਂ ਨੂੰ ਸੂਬਾ ਸਰਕਾਰ ਮੁਫਤ ਕਾਨੂੰਨੀ ਸਹਾਇਤਾ ਦੇਵੇਗੀ। ਮੰਤਰੀ ਧਾਲੀਵਾਲ ਨੇ ਇਨ੍ਹਾਂ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਕੈਨੇਡਾ ਦੇ ਪੰਜਾਬੀ ਮੂਲ ਦੇ ਸਾਰੇ ਐਮ.ਪੀਜ਼ ਨੂੰ ਵੀ ਚਿੱਠੀ ਲਿਖੀ ਹੈ। ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨੂੰ ਟਰੈਵਲ ਏਜੰਟਾਂ ਤੇ ਇਮੀਗੇ੍ਰਸ਼ਨ ਏਜੰਸੀਆਂ ਦੇ ਕਾਗਜ਼ਾਂ ਦੀ ਪੜਤਾਲ ਕਰ ਕੇ 10 ਜੁਲਾਈ ਤੱਕ ਰਿਪੋਰਟ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਪੰਜਾਬ ਭਵਨ ਵਿਖੇ ਐੱਨਆਰਆਈ ਵਿਭਾਗ ਨਾਲ ਜੁੜੇ ਪੂਰੇ ਪੰਜਾਬ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਠੱਗ ਏਜੰਟਾਂ ਦੇ ਚੁੰਗਲ ਵਿਚ ਬਹੁਤ ਸਾਰੇ ਪੰਜਾਬੀ ਫਸ ਜਾਂਦੇ ਹਨ। ਫਰਜ਼ੀ ਟਰੈਵਲ ਏਜੰਟਾਂ/ਇੰਮੀਗੇ੍ਰਸ਼ਨ ਏਜੰਸੀਆਂ ਖਿਲਾਫ ਜਲਦੀ ਮੁਹਿੰਮ ਚਲਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ 15 ਜੁਲਾਈ ਤੋਂ 30 ਅਗਸਤ ਤੱਕ ਜ਼ਿਲ੍ਹਾ ਪੱਧਰ ’ਤੇ ਹੋਣ ਵਾਲੀਆਂ ਐੱਨਆਰਆਈ ਮਿਲਣੀਆਂ ਲਈ ਪਰਵਾਸੀ ਪੰਜਾਬੀਆਂ ਨੂੰ ਆਪਣੀਆਂ ਸਮੱਸਿਆਵਾਂ ਲੈ ਕੇ ਆਉਣ ਲਈ ਖੁੱਲ੍ਹਾ ਸੱਦਾ ਦਿੱਤਾ ਜਾ ਰਿਹਾ ਹੈ ਤੇ ਯਤਨ ਕੀਤੇ ਜਾਣਗੇ ਕਿ ਹਰੇਕ ਪਰਵਾਸੀ ਪੰਜਾਬੀ ਦੀਆਂ ਮੁਸ਼ਕਿਲਾਂ ਦਾ ਮੌਕੇ ’ਤੇ ਹੱਲ ਕੱਢਿਆ ਜਾਵੇ। ਧਾਲੀਵਾਲ ਨੇ ਦੱਸਿਆ ਕਿ ਪਰਵਾਸੀ ਪੰਜਾਬੀਆਂ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ 30 ਸਤੰਬਰ ਤੱਕ ਨਵੀਂ ਐੱਨਆਰਆਈ ਨੀਤੀ ਲਿਆਉਣ ਦੀ ਯੋਜਨਾ ਹੈ।