Site icon TV Punjab | Punjabi News Channel

ਜਲੰਧਰ ਵਿਖੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਲਹਿਰਾਉਣਗੇ ਕੌਮੀ ਝੰਡਾ

ਜਲੰਧਰ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਗੁਰੂ ਗੋਬਿੰਦ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਵਿੱਚ ਸ਼ਿਰਕਤ ਕੀਤੀ ਗਈ। ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਪਰੇਡ ਦੇ ਨਿਰੀਖਣ ਉਪਰੰਤ ਪਰੇਡ ਕਮਾਂਡਰ ਮੁਰਾਦ ਜਸਵੀਰ ਸਿੰਘ ਗਿੱਲ ਪੀ.ਪੀ.ਐਸ. ਅਫ਼ਸਰ ਦੀ ਅਗਵਾਈ ਵਾਲੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ।

ਇਸ ਮਾਰਚ ਪਾਸਟ ਵਿੱਚ ਆਈ.ਟੀ.ਬੀ.ਪੀ., ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. (ਲੜਕੇ ਅਤੇ ਲੜਕੀਆਂ) ਦੀਆਂ ਟੁੱਕੜੀਆਂ ਅਤੇ ਸੀ.ਆਰ.ਪੀ.ਐਫ. ਦਾ ਬੈਂਡ ਸ਼ਾਮਲ ਸੀ। ਡਿਪਟੀ ਕਮਿਸ਼ਨਰ ਨੇ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਇਸ ਮਹੱਤਵਪੂਰਨ ਸਮਾਗਮ, ਜਿਸ ਵਿਚ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਤਿਰੰਗਾ ਲਹਿਰਾਉਣਗੇ, ਦੀਆਂ ਪੁਖ਼ਤਾ ਤਿਆਰੀਆਂ ਸੰਬੰਧੀ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ।

ਸ਼੍ਰੀ ਥੋਰੀ ਨੇ ਇਸ ਮਹੱਤਵਪੂਰਨ ਦਿਹਾੜੇ ਨੂੰ ਬੇਮਿਸਾਲ ਤਰੀਕੇ ਨਾਲ ਮਨਾਉਣ ਲਈ ਪ੍ਰਸ਼ਾਸਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਜ਼ਿਲ੍ਹਾ ਪੱਧਰੀ 75ਵਾਂ ਆਜ਼ਾਦੀ ਦਿਹਾੜਾ ਕੋਵਿਡ-19 ਦੇ ਚਲਦਿਆਂ ਸਰਕਾਰ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਤਹਿਤ ਮਨਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਜਿਥੇ ਕੋਰੋਨਾ ਯੋਧਿਆਂ ਅਤੇ ਵਿਲੱਖਣ ਸ਼ਖਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ ਉਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੇਸ਼ ਦੇ ਸੁਤੰਤਰਤਾ ਸੰਗਰਾਮ ਵਿੱਚ ਹਿੱਸਾ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਹੀ ਸਨਮਾਨਿਤ ਕੀਤਾ ਜਾਵੇਗਾ।

ਉਨ੍ਹਾਂ ਇਹ ਵੀ ਦੱਸਿਆ ਕਿ ਕੋਰੋਨਾ ਕਰਕੇ ਪੈਦਾ ਹੋਏ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਇਸ ਵਾਰ ਸਕੂਲੀ ਵਿਦਿਆਰਥੀਆਂ ਵੱਲੋਂ ਕੋਈ ਸੱਭਿਆਚਾਰਕ ਪ੍ਰੋਗਰਾਮ ਨਹੀਂ ਹੋਵੇਗਾ। ਫੁੱਲ ਡਰੈੱਸ ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੀਆਂ ਤਿਆਰੀਆਂ ਵਿੱਚ ਕਿਸੇ ਵੀ ਕਿਸਮ ਦੀ ਕੋਈ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਜੀਤ ਬੈਂਸ, ਡਿਪਟੀ ਕਮਿਸ਼ਨਰ ਪੁਲਿਸ ਜਗਮੋਹਨ ਸਿੰਘ, ਐਸ.ਡੀ.ਐਮ. ਹਰਪ੍ਰੀਤ ਸਿੰਘ ਅਟਵਾਲ ਤੇ ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰਪਾਲ ਸਿੰਘ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

ਬਰਨਾਲਾ ‘ਚ ਵੀ  ਫੁੱਲ ਡਰੈਸ ਰਿਹਰਸਲ

ਬਰਨਾਲਾ : ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਸਮਾਰੋਹ ਦੀ ਫੁੱਲ ਡਰੈਸ ਰਿਹਰਸਲ ਅੱਜ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਬੈਂਬੀ ਵੀ ਹਾਜ਼ਰ ਸਨ।

ਇਸ ਮਗਰੋਂ ਸਾਰੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁਕੰਮਲ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਆਖਿਆ ਕਿ ਕੋਵਿਡ-19 ਦੇ ਮੱਦੇਨਜ਼ਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਆਜ਼ਾਦੀ ਦਿਹਾੜਾ ਸੰਖੇਪ ਅਤੇ ਸਾਦੇ ਰੂਪ ਵਿਚ ਮਨਾਇਆ ਜਾ ਰਿਹਾ ਹੈ ਤੇ ਇਸ ਵਾਰ ਵੀ ਬੱਚਿਆਂ ਦਾ ਪ੍ਰੋਗਰਾਮ ਨਹੀਂ ਹੋਵੇਗਾ।

ਉਨਾਂ ਕਿਹਾ ਕਿ ਆਜ਼ਾਦੀ ਦਿਹਾੜਾ ਸਾਡੇ ਸਾਰਿਆਂ ਲਈ ਬੇਹੱਦ ਮਹੱਤਤਾ ਰੱਖਦਾ ਹੈ, ਇਸ ਲਈ ਹਰੇਕ ਅਧਿਕਾਰੀ ਅਤੇ ਕਰਮਚਾਰੀ ਦਾ ਫਰਜ਼ ਬਣਦਾ ਹੈ ਕਿ ਕੌਮੀ ਮਹਤੱਤਾ ਵਾਲੇ ਇਸ ਦਿਹਾੜੇ ’ਤੇ ਆਪਣੀ ਡਿਊਟੀ ਪੂਰੀ ਸਮਰਪਣ ਭਾਵਨਾ ਨਾਲ ਨਿਭਾਵੇ। ਇਸ ਮੌਕੇ ਐਸਪੀ ਜਗਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਬਰਨਾਲਾ ਪੁਲਿਸ ਵੱਲੋਂ ਆਜ਼ਾਦੀ ਦਿਹਾੜੇ ਨੂੰ ਲੈ ਕੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਟੀਵੀ ਪੰਜਾਬ ਬਿਊਰੋ

Exit mobile version