ਟੀਵੀ ਪੰਜਾਬ ਬਿਊਰੋ-ਗੈਂਗਸਟਰ ਜੈਪਾਲ ਭੁੱਲਰ ਦਾ ਦੋ ਸੂਬਿਆਂ ਦੀ ਪੁਲਿਸ ਵੱਲੋਂ ਕੀਤਾ ਗਿਆ ਸਾਂਝਾ ਐਨਕਾਉਂਟਰ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪੁੱਜ ਗਿਆ ਹੈ। ਭੁੱਲਰ ਦੇ ਪਰਿਵਾਰ ਵੱਲੋਂ ਪੱਛਮੀ ਬੰਗਾਲ ਤੇ ਪੰਜਾਬ ਪੁਲਸ ‘ਤੇ ਲਾਏ ਜਾ ਰਹੇ ਹਨ ਕਿ ਜੈਪਾਲ ਨਾਲ ਕੁੱਟਮਾਰ ਕਰਨ ਤੋਂ ਬਾਅਦ ਉਸ ਦੀ ਹੱਤਿਆ ਕੀਤੀ ਗਈ ਸੀ। ਜਿਸ ਨੂੰ ਲੈ ਕੇ ਬੀਤੇ ਕੱਲ੍ਹ ਜੈਪਾਲ ਦਾ ਪਰਿਵਾਰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਮਿਲਿਆ ਸੀ ਅਤੇ ਇਕ ਬੇਨਤੀ ਪੱਤਰ ਦਿੱਤਾ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਜੈਪਾਲ ਭੁੱਲਰ ਦੀ ਲਾਸ਼ ਦਾ ਪੋਸਟਮਾਰਟਮ ਦੁਬਾਰਾ ਕਰਵਾਇਆ ਜਾਏ ਤਾਂ ਕਿ ਸੱਚ ਸਭ ਦੇ ਸਾਹਮਣੇ ਆ ਸਕੇ। ਇਸ ਬਾਬਤ ਦੁਬਾਰਾ ਪੋਸਟਮਾਰਟਮ ਕਰਵਾਉਣ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨਕਾਰੀ ਕਰ ਦਿੱਤੀ ਗਈ ਸੀ ਜਿਸ ਤੋਂ ਬਾਅਦ ਹੁਣ ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਨੇ ਆਪਣੇ ਪੁੱਤਰ ਨੂੰ ਇਨਸਾਫ ਦੁਆਉਣ ਲਈ ਅਤੇ ਉਸ ਦਾ ਦੁਬਾਰਾ ਪੋਸਟਮਾਰਟਮ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜਾਣ ਦਾ ਫੈਸਲਾ ਕੀਤਾ ਹੈ।
ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜੈਪਾਲ ਭੁੱਲਰ ਮਾਮਲੇ ‘ਤੇ ਕੋਰਟ ਵਿੱਚ ਅੱਜ ਸੁਣਵਾਈ ਹੋ ਸਕਦੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਦ ਤੱਕ ਦੁਬਾਰਾ ਪੋਸਟਮਾਰਟਮ ਨਹੀਂ ਹੁੰਦਾ ਤਦ ਤਕ ਉਸ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਦੂਜੇ ਪਾਸੇ ਜੈਪਾਲ ਭੁੱਲਰ ਦੇ ਸਸਕਾਰ ਨੂੰ ਲੈ ਕੇ ਪੁਲਸ ਅਤੇ ਸਿਵਲ ਪ੍ਰਸ਼ਾਸਨ ਕਾਫੀ ਸਰਗਰਮ ਨਜ਼ਰ ਆ ਰਿਹਾ ਹੈ। ਕੱਲ੍ਹ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਪੂਰਾ ਦਬਾਅ ਬਣਾਇਆ ਗਿਆ ਸੀ ਕਿ ਜੈਪਾਲ ਭੁੱਲਰ ਦੀ ਮ੍ਰਿਤਕ ਦੇਹ ਦਾ ਸਸਕਾਰ ਕਰ ਦਿੱਤਾ ਜਾਵੇ। ਲੇਕਿਨ ਪਰਿਵਾਰ ਦੁਬਾਰਾ ਪੋਸਟਮਾਰਟਮ ਤੇ ਹੀ ਅੜਿਆ ਹੋਇਆ ਹੈ।
ਸਥਿਤੀ ਦੀ ਗੰਭੀਰਤਾ ਨੂੰ ਵੇਖਦੇ ਹੋਏ ਪੁਲਸ ਪ੍ਰਸ਼ਾਸਨ ਵੱਲੋਂ ਭਾਰੀ ਪੁਲਸ ਬਲ ਜੈਪਾਲ ਭੁੱਲਰ ਦੇ ਘਰ ਦੇ ਬਾਹਰ ਤੈਨਾਤ ਕਰ ਦਿੱਤਾ ਗਿਆ ਹੈ ਤਾਂ ਕਿ ਕਿਸੇ ਪ੍ਰਕਾਰ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਦੱਸ ਦੇਈਏ ਕਿ ਕੱਲ੍ਹ ਜੈਪਾਲ ਭੁੱਲਰ ਦੇ ਭਰਾ ਨੂੰ ਬਠਿੰਡਾ ਜੇਲ੍ਹ ਵਿੱਚੋ ਲਿਆਂਦਾ ਗਿਆ ਸੀ ਤਾਂ ਕਿ ਉਹ ਆਪਣੇ ਭਰਾ ਦੀ ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋ ਸਕੇ ਪਰ ਸਸਕਾਰ ਨਾ ਹੋਣ ਦੀ ਸੂਰਤ ਵਿਚ ਉਹਨੂੰ ਵਾਪਸ ਭੇਜ ਦਿੱਤਾ ਗਿਆ।
ਜਾਣਕਾਰੀ ਮੁਤਾਬਿਕ ਪਰਿਵਾਰ ਅਤੇ ਪ੍ਰਸ਼ਾਸਨ ਵਿਚ ਗੱਲਬਾਤ ਹੋਈ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਪਰਿਵਾਰ ਨੂੰ ਕੋਈ ਰਾਹਤ ਨਹੀਂ ਮਿਲਦੀ ਤਾਂ ਉਹ ਜੈਪਾਲ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਕਰ ਦੇਣਗੇ ਜਦ ਤੱਕ ਹਾਈ ਕੋਰਟ ਦਾ ਕੋਈ ਫੈਸਲਾ ਨਹੀਂ ਆਉਂਦਾ ਤਦ ਤੱਕ ਉਹ ਮ੍ਰਿਤਕ ਦੇਹ ਦਾ ਸਸਕਾਰ ਨਹੀਂ ਕਰਨਗੇ।