ਪੰਜਾਬ ਵਾਂਗ ਜਰਮਨੀ ‘ਚ ਵੀ ਕਿਸਾਨਾਂ ਨੇ ਟਰੈਕਟਰਾਂ ਨਾਲ ਕੀਤਾ ਪ੍ਰਦਰਸ਼ਨ

ਡੈਸਕ- ਪੰਜਾਬ ਦੇ ਕਿਸਾਨਾਂ ਵਾਂਗ ਜਰਮਨੀ ਵਿੱਚ ਵੀ ਵੱਡੀ ਕਿਸਾਨ ਲਹਿਰ ਚੱਲ ਰਹੀ ਹੈ। ਜਿਸ ਕਾਰਨ ਕਿਸਾਨ ਟਰੈਕਟਰ ਲੈ ਕੇ ਸੜਕਾਂ ‘ਤੇ ਆ ਗਏ ਹਨ। ਰਾਜਧਾਨੀ ਬਰਲਿਨ ਸਮੇਤ ਦੇਸ਼ ਦੇ ਹੋਰ ਵੱਡੇ ਸ਼ਹਿਰਾਂ ਵਿੱਚ ਟਰੈਕਟਰਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਕਿਸਾਨਾਂ ਨੇ ਸੜਕਾਂ ਜਾਮ ਕਰ ਦਿੱਤੀਆਂ ਹਨ। ਜਿਸ ਕਾਰਨ ਆਵਾਜਾਈ ਵਿੱਚ ਵਿਘਨ ਪੈ ਰਿਹਾ ਹੈ। ਕਿਸਾਨਾਂ ਦੇ ਵਿਰੋਧ ਦਾ ਜਰਮਨੀ ਸਮੇਤ ਯੂਰਪ ਦੇ ਕਈ ਦੇਸ਼ਾਂ ‘ਤੇ ਅਸਰ ਪੈ ਰਿਹਾ ਹੈ।

ਦਰਅਸਲ, ਦੇਸ਼ ਦੇ ਕਿਸਾਨ ਸਰਕਾਰ ਵੱਲੋਂ ਸਬਸਿਡੀ ‘ਚ ਕੀਤੀ ਗਈ ਕਟੌਤੀ ਤੋਂ ਨਾਰਾਜ਼ ਹਨ, ਜਿਸ ਕਾਰਨ ਉਹ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਕਿਸਾਨਾਂ ਨੇ ਸੜਕਾਂ ‘ਤੇ ਰੂੜੀ ਵਿਛਾ ਦਿੱਤੀ ਅਤੇ ਟਰੈਕਟਰਾਂ ਅਤੇ ਟਰਾਲੀਆਂ ਨਾਲ ਸੜਕਾਂ ਜਾਮ ਕਰ ਦਿੱਤੀਆਂ। ਵਿਰੋਧ ਪ੍ਰਦਰਸ਼ਨਾਂ ਕਾਰਨ ਫਰਾਂਸ, ਪੋਲੈਂਡ ਅਤੇ ਚੈੱਕ ਗਣਰਾਜ ਦੇ ਨਾਲ-ਨਾਲ ਜਰਮਨੀ ਦੀਆਂ ਸਰਹੱਦਾਂ ‘ਤੇ ਵੀ ਭਾਰੀ ਸਮੱਸਿਆ ਹੈ। ਹੋਰਨਾਂ ਦੇਸ਼ਾਂ ਵਾਂਗ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।

ਕੜਾਕੇ ਦੀ ਸਰਦੀ ਦੇ ਵਿਚਕਾਰ ਸੜਕਾਂ ‘ਤੇ ਅੰਦੋਲਨ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਵੀ ਹੋਈ ਹੈ। ਕਿਸਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਨ੍ਹਾਂ ਦਾ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਕਿਸਾਨਾਂ ਨੇ ਆਪਣੀਆਂ ਮੰਗਾਂ ਸਬੰਧੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਦੱਸ ਦਈਏ ਕਿ ਭਾਰਤ ਵਿੱਚ ਪੰਜਾਬ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਟਰੈਕਟਰ-ਟਰਾਲੀਆਂ ਭਰ ਕੇ ਦਿੱਲੀ ਦੀਆਂ ਬਰੂਹਾਂ ‘ਤੇ ਧਰਨਾ ਲਗਾਇਆ ਸੀ।