ਡੈਸਕ- ਅੰਮ੍ਰਿਤਸਰ ਵਾਸੀਆਂ ਨੇ ਸੋਮਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਅਲਵਿਦਾ ਕਿਹਾ।
ਬੀਤੀ ਸ਼ਾਮ ਤੋਂ ਹੀ ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਘਰ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਸੀ। ਉਨ੍ਹਾਂ ਦਾ ਸਸਕਾਰ ਤਰਨਤਾਰਨ ਰੋਡ ਸਥਿਤ ਗੁਰਦੁਆਰਾ ਸਾਹਿਬ ਸੰਗਰਾਣਾ ਵਿਖੇ ਕੀਤਾ ਗਿਆ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।
ਜ਼ਿਕਰਯੋਗ ਹੈ ਕਿ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਬੀਤੀ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਗਿਆਨੀ ਜਗਤਾਰ ਸਿੰਘ ਨੇ ਤਰਨਤਾਰਨ ਰੋਡ ਸਥਿਤ ਅੰਤਰਜਾਮੀ ਕਲੋਨੀ ਸਥਿਤ ਆਪਣੀ ਰਿਹਾਇਸ਼ ਵਿਖੇ ਆਖਰੀ ਸਾਹ ਲਿਆ। ਪੁੱਤਰ ਨਰਾਇਣ ਸਿੰਘ ਨੇ ਦੱਸਿਆ ਕਿ ਸ਼ਾਮ ਕਰੀਬ 6 ਵਜੇ ਗਿਆਨੀ ਜਗਤਾਰ ਸਿੰਘ ਨੂੰ ਦਿਲ ਦਾ ਦੌਰਾ ਪਿਆ। ਗਿਆਨੀ ਜਗਤਾਰ ਸਿੰਘ ਨੇ ਲੰਮਾ ਸਮਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੁੱਖ ਗ੍ਰੰਥੀ ਵਜੋਂ ਪੰਥ ਦੀ ਸੇਵਾ ਕੀਤੀ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਅਤੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਂਦੇ ਹੋਏ ਦੇਸ਼ ਵਿਦੇਸ਼ਾਂ ਦੀਆਂ ਸੰਗਤਾਂ ਨਾਲ ਵਿਚਰਦੇ ਹੋਏ ਧਰਮਿਕ ਸਮਾਗਮਾਂ ਵਿਚ ਸ਼ਮੂਲੀਅਤ ਕਰਦੇ ਰਹੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 26 ਨਵੰਬਰ 2022 ਨੂੰ ਉਹਨਾਂ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕਰ ਕੇ ਸੇਵਾਮੁਕਤ ਕੀਤਾ ਸੀ। ਗਿਆਨੀ ਜਗਤਾਰ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ , ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਅਮਰਜੀਤ ਸਿੰਘ, ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਸੁਖਵਿੰਦਰ ਸਿੰਘ ਭੂਰਿਵਾਲੇ, ਬਾਬਾ ਅਜੀਤ ਸਿੰਘ, ਗਿਆਨੀ ਗੁਰਬਚਨ ਸਿੰਘ, ਗਿਆਨੀ ਜਸਬੀਰ ਸਿੰਘ, ਬੀਬੀ ਜਗੀਰ ਕੌਰ, ਸਮੇਤ ਵੱਖ-ਵੱਖ ਸੰਪਰਦਾਵਾਂ, ਜਥੇਬੰਦੀਆਂ ਤੇ ਸਭਾ-ਸੁਸਾਇਟੀਆਂ ਵਲੋਂ ਸ਼ਮੂਲੀਅਤ ਕੀਤੀ ਗਈ।