ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਦ੍ਰਿੜ : ਪਰਗਟ ਸਿੰਘ

ਜਲੰਧਰ : ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ ਨੇ ਅੱਜ ਪੰਜਾਬ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਅੱਜ ਇੱਥੇ ਅਰਬਨ ਅਸਟੇਟ ਫੇਜ਼-2 ਦੇ ਵਸਨੀਕਾਂ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਲਈ ਪਾਰਦਰਸ਼ੀ, ਜਵਾਬਦੇਹ ਅਤੇ ਨਾਗਰਿਕ ਕੇਂਦਰਿਤ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਹੈ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਰਾਹਤ ਦੇਣ ਲਈ ਸਭ ਨੂੰ ਸਸਤੀ ਬਿਜਲੀ, ਬਸੇਰਾ ਸਕੀਮ, ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਲੋਕਾਂ ਨੂੰ ਮਾਲਕਾਨਾਂ ਹੱਕ ਸਮੇਤ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਵਿਚ ਵਿਸ਼ਵਾਸ ਰੱਖਦੀ ਹੈ ਅਤੇ ਇਸ ਸਬੰਧੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਜ ਦੇ ਸਮੂਹ ਵਰਗਾਂ ਨੂੰ ਲਾਭ ਪਹੁੰਚਾਉਣ ਲਈ ਕਈ ਹੋਰ ਫੈਸਲੇ ਲਏ ਜਾ ਰਹੇ ਹਨ।

ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਇਤਿਹਾਸਕ ਪਹਿਲਕਦਮੀਆਂ ਨੇ ਕੋਵਿਡ ਤੋਂ ਬਾਅਦ ਦੇ ਦੌਰ ਵਿਚ ਲੋਕਾਂ ਨੂੰ ਰਾਹਤ ਦਿੱਤੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਇਹ ਸਿਲਸਿਲਾ ਜਾਰੀ ਰਹੇਗਾ।

ਵਿਰੋਧੀ ਪਾਰਟੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕੋਈ ਵੀ ਠੋਸ ਮੁੱਦਾ ਨਾ ਹੋਣ ਕਾਰਨ ਵਿਰੋਧੀ ਧਿਰ ਵੱਲੋਂ ਕੂੜ ਪ੍ਰਚਾਰ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਜਿੱਥੇ ਅਕਾਲੀ-ਬਸਪਾ ਗਠਜੋੜ ਕੋਲ ਪੰਜਾਬ ਲਈ ਕੋਈ ਉਸਾਰੂ ਏਜੰਡਾ ਨਹੀਂ ਹੈ ਅਤੇ ਉਹ ਸੂਬੇ ਦੀ ਸੱਤਾ ਹਾਸਲ ਕਰਨ ਲਈ ਕੋਝੀਆਂ ਕੋਸ਼ਿਸ਼ਾਂ ਕਰ ਰਹੇ ਹਨ ਉੱਥੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਸੂਬੇ ਦੀ ਸਥਿਤੀ ਬਾਰੇ ਕੋਈ ਜਾਣਕਾਰੀ ਹੀ ਨਹੀਂ ਹੈ, ਜਿਸ ਕਾਰਨ ਉਹ ਸੂਬੇ ਲਈ ਕੁਝ ਵੀ ਚੰਗਾ ਨਹੀਂ ਕਰ ਸਕਦੇ। ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣੀ ਲੋਕ ਪੱਖੀ ਅਤੇ ਪੰਜਾਬ ਪੱਖੀ ਪਹੁੰਚ ਸਦਕਾ ਪੰਜਾਬ ਵਿਚ ਵਾਪਸੀ ਕਰੇਗੀ।

ਟੀਵੀ ਪੰਜਾਬ ਬਿਊਰੋ