Site icon TV Punjab | Punjabi News Channel

‘ਕਿਸਾਨਾਂ ਨੂੰ ਰੋਕਣ ਲਈ ਕਿਉਂ ਬੰਦ ਕੀਤੀਆਂ ਸੜਕਾਂ?, ਹਾਈਕੋਰਟ ਨੇ ਸਰਕਾਰਾਂ ਤੋਂ ਮੰਗੇ ਜਵਾਬ

ਡੈਸਕ- ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਅਤੇ ਵਿਰੋਧ ਪ੍ਰਦਰਸ਼ਨ ਵਿਰੁੱਧ ਦਾਇਰ ਦੋ ਪਟੀਸ਼ਨਾਂ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਹ ਸੁਣਵਾਈ ਕਾਰਜਕਾਰੀ ਚੀਫ਼ ਜਸਟਿਸ ਜੀਐਸ ਸੰਧਾਵਾਲੀਆ ਅਤੇ ਜਸਟਿਸ ਲੁਪਿਤਾ ਬੈਨਰਜੀ ਦੇ ਬੈਂਚ ਨੇ ਕੀਤੀ। ਇਸ ਦੌਰਾਨ ਹਾਈਕੋਰਟ ਨੇ ਕਿਹਾ ਕਿ ਮੌਲਿਕ ਅਧਿਕਾਰਾਂ ਵਿਚ ਸੰਤੁਲਨ ਹੋਣਾ ਚਾਹੀਦਾ ਹੈ। ਕਿਸਾਨਾਂ ਅਤੇ ਆਮ ਲੋਕਾਂ ਦਾ ਆਪਣਾ ਹੱਕ ਹੈ। ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਇਸ ਮਾਮਲੇ ਨੂੰ ਸੁਲਝਾਉਣ।

ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇਹ ਵੀ ਕਿਹਾ ਕਿ ਤਾਕਤ ਦੀ ਕੋਈ ਵੀ ਵਰਤੋਂ ਆਖਰੀ ਬਦਲ ਹੋਣਾ ਚਾਹੀਦਾ ਹੈ। ਪ੍ਰਦਰਸ਼ਨ ਦੌਰਾਨ ਕਾਨੂੰਨ ਵਿਵਸਥਾ ਨੂੰ ਭੰਗ ਨਹੀਂ ਕੀਤਾ ਜਾਣਾ ਚਾਹੀਦਾ। ਮਾਮਲੇ ਦੀ ਅਗਲੀ ਸੁਣਵਾਈ 15 ਫਰਵਰੀ ਨੂੰ ਹੋਵੇਗੀ।

ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਹਰਿਆਣਾ ਸਰਕਾਰ ਨੇ ਕਿਹਾ ਕਿ ਕਿਸਾਨਾਂ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਲਈ ਹੈ। ਜਿਸ ‘ਤੇ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਕਿ ਕਿਸਾਨ ਤੁਹਾਡੇ ਸੂਬੇ ‘ਚੋਂ ਹੀ ਲੰਘ ਰਹੇ ਹਨ। ਉਨ੍ਹਾਂ ਨੂੰ ਆਉਣ ਅਤੇ ਜਾਣ ਦਾ ਅਧਿਕਾਰ ਹੈ। ਉਨ੍ਹਾਂ ਦਾ ਰਾਹ ਕਿਉਂ ਰੋਕਿਆ? ਤੁਸੀਂ ਕਿਉਂ ਪ੍ਰੇਸ਼ਾਨ ਹੋ? ਕੀ ਉਹ ਤੁਹਾਡੇ ਸੂਬੇ ਵਿੱਚ ਅੰਦੋਲਨ ਕਰ ਰਹੇ ਹਨ? ਤੁਸੀਂ ਸੜਕਾਂ ਕਿਉਂ ਬੰਦ ਕਰ ਰਹੇ ਹੋ? ਇਸ ਦੇ ਜਵਾਬ ਵਿੱਚ ਹਰਿਆਣਾ ਸਰਕਾਰ ਨੇ ਕਿਹਾ ਕਿ ਉਨ੍ਹਾਂ ਨੇ ਦਿੱਲੀ ਤੋਂ 5 ਕਿਲੋਮੀਟਰ ਪਹਿਲਾਂ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਹਥਿਆਰਾਂ ਨਾਲ ਟਰੈਕਟਰਾਂ ਨੂੰ ਮੋਡੀਫਾਈ ਕਰਾਇਆ ਹੈ। ਅਸੀਂ ਸਿਰਫ਼ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਚਾਹੁੰਦੇ ਹਾਂ।

ਹਾਈ ਕੋਰਟ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਕਿਹਾ ਕਿ ਉਨ੍ਹਾਂ ਨੇ ਕੋਈ ਸੀਲਿੰਗ ਨਹੀਂ ਕੀਤੀ ਹੈ। ਉਹ ਵਿਰੋਧ ਕਰਨ ਲਈ ਦਿੱਲੀ ਜਾ ਰਹੇ ਹਨ। ਜੇਕਰ ਉਹ ਸ਼ਾਂਤੀ ਨਾਲ ਜਾ ਰਹੇ ਹਨ ਤਾਂ ਅਸੀਂ ਇਸ ਦੀ ਇਜਾਜ਼ਤ ਦੇ ਰਹੇ ਹਾਂ। ਸਰਕਾਰ ਨੇ ਭੀੜ ਨੂੰ ਕਾਬੂ ਕਰਨ ਲਈ ਪੂਰੇ ਪ੍ਰਬੰਧ ਕੀਤੇ ਹਨ।

ਉਥੇ ਹੀ ਹਰਿਆਣਾ ਸਰਕਾਰ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਦਾ ਸਮਰਥਨ ਕੀਤਾ ਜਾ ਸਕਦਾ ਹੈ ਪਰ ਇੱਥੇ ਕਿਸਾਨ ਲੋਕਾਂ ਨੂੰ ਅਸੁਵਿਧਾ ਪੈਦਾ ਕਰ ਰਹੇ ਹਨ। ਉਨ੍ਹਾਂ ਦੇ ਪਿਛਲੇ ਰਿਕਾਰਡ ‘ਤੇ ਨਜ਼ਰ ਮਾਰੀਏ ਤਾਂ ਸਭ ਕੁਝ ਪਤਾ ਲੱਗ ਜਾਵੇਗਾ। ਇਸ ‘ਤੇ ਹਾਈਕੋਰਟ ਨੇ ਪੁੱਛਿਆ ਕਿ ਤੁਹਾਨੂੰ ਕਿਵੇਂ ਪਤਾ ਲੱਗਾ ਕਿ ਇਹ ਉਹੀ ਲੋਕ ਹਨ।

ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਭਾਰਤ ਦੇ ਨਾਗਰਿਕ ਹੋਣ ਦੇ ਨਾਤੇ ਪ੍ਰਦਰਸ਼ਨਕਾਰੀਆਂ ਨੂੰ ਬਿਨਾਂ ਕਿਸੇ ਰੋਕ ਦੇ ਦੇਸ਼ ਵਿੱਚ ਜਾਣ ਦਾ ਹੱਕ ਹੈ। ਹਾਲਾਂਕਿ, ਇਸੇ ਤਰ੍ਹਾਂ, ਰਾਜ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਆਪਣੇ ਨਾਗਰਿਕਾਂ ਦੀ ਸੁਰੱਖਿਆ ਕਰੇ ਅਤੇ ਇਹ ਯਕੀਨੀ ਬਣਾਏ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਹਾਈ ਕੋਰਟ ਨੇ ਕਿਹਾ- ਬੋਲਣ ਅਤੇ ਪ੍ਰਗਟ ਕਰਨ ਦੇ ਮੌਲਿਕ ਅਧਿਕਾਰ ਵਿੱਚ ਸੰਤੁਲਨ ਹੋਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਕੇਂਦਰ ਨੇ ਹਾਈ ਕੋਰਟ ‘ਚ ਕਿਹਾ ਕਿ ਉਹ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹੈ। ਉਹ ਚੰਡੀਗੜ੍ਹ ਵਿੱਚ ਹੀ ਮੀਟਿੰਗ ਕਰਨ ਲਈ ਤਿਆਰ ਹਨ। ਇਸ ਤੋਂ ਬਾਅਦ ਹਾਈਕੋਰਟ ਨੇ ਕੇਂਦਰ, ਹਰਿਆਣਾ, ਪੰਜਾਬ ਅਤੇ ਦਿੱਲੀ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ ਸਟੇਟਸ ਰਿਪੋਰਟ ਮੰਗੀ ਹੈ। ਹਾਈਕੋਰਟ ਨੇ ਕਿਹਾ ਕਿ ਸਾਰਿਆਂ ਨੂੰ ਇਕੱਠੇ ਹੋ ਕੇ ਇਸ ਮਾਮਲੇ ਨੂੰ ਸੁਲਝਾਉਣਾ ਚਾਹੀਦਾ ਹੈ।

Exit mobile version